ਮਨੀ ਲਾਂਡ੍ਰਿਗ ਮਾਮਲਾ: ਮੁਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਖਾਰਿਜ
ਮੁਹਾਲੀ: ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਐਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਨੀ ਲਾਂਡਰਿੰਗ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸੁਖਪਾਲ ਸਿੰਘ ਖਹਿਰਾ ਨੂੰ ਮੁਹਾਲੀ ਅਦਾਲਤ ਨੇ ਵੱਡਾ ਝਟਕਾ ਦਿੰਦਿਆਂ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਈਡੀ ਦੇ ਵਕੀਲ ਨੇ ਆਪਣੀ ਦਲੀਲ ਵਿੱਚ ਕਿਹਾ ਕਿ ਸੁਖਪਾਲ ਖਹਿਰਾ ਦੀ ਜ਼ਮਾਨਤ ਅਰਜ਼ੀ ਰੱਦ ਕੀਤੀ ਜਾਵੇ ਕਿਉਂਕਿ ਉਸ ਦੇ ਜੇਲ੍ਹ ’ਚੋਂ ਬਾਹਰ ਆਉਣ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ।
ਸੁਖਪਾਲ ਖਹਿਰਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ ਕਿਉਂਕਿ ਅਦਾਲਤ ਵੱਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਜ਼ਿਕਰਯੋਗ ਹੈ ਕਿ ਨਵੰਬਰ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਸੀ, ਜਿਸ 'ਚ ਉਨ੍ਹਾਂ ਅਤੇ ਹੋਰਾਂ ਖਿਲਾਫ ਜਾਂਚ ਚੱਲ ਰਹੀ ਸੀ। ਉਸ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਏਜੰਸੀ ਨੇ ਇਸ ਸਾਲ ਮਾਰਚ 'ਚ ਉਸ ਦੇ ਟਿਕਾਣੇ 'ਤੇ ਛਾਪਾ ਮਾਰਿਆ ਸੀ।
ਈਡੀ ਨੇ ਦੋਸ਼ ਲਾਇਆ ਹੈ ਕਿ ਸੁਖਪਾਲ ਖਹਿਰਾ ਡਰੱਗ ਕੇਸ ਦੇ ਦੋਸ਼ੀਆਂ ਅਤੇ ਜਾਅਲੀ ਪਾਸਪੋਰਟ ਰੈਕੇਟ ਕਰਨ ਵਾਲਿਆਂ ਦਾ “ਸਾਥੀ” ਸੀ। ਹਾਲਾਂਕਿ, ਉਸਨੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕੀਤਾ ਅਤੇ ਕਿਹਾ ਕਿ ਉਸਨੂੰ ਕੇਂਦਰੀ ਏਜੰਸੀਆਂ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ ਵੀ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਦੇ ਚੰਡੀਗੜ੍ਹ ਘਰ ਅਤੇ ਪਿੰਡ ਵਾਲੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਛਾਪੇਮਾਰੀ ਕੀਤੀ ਸੀ। ਸੁਖਪਾਲ ਖਹਿਰਾ 'ਤੇ ਮਨੀ ਲਾਂਡਰਿੰਗ ਦੇ ਦੋਸ਼ ਲੱਗੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੇ ਘਰ ਈ. ਡੀ. ਵੱਲੋਂ ਛਾਪਾ ਮਾਰਿਆ ਗਿਆ ਸੀ। ਮਨੀ ਲਾਂਡ੍ਰਿਗ ਮਾਮਲੇ ਦੇ ਵਿਚ ਸੁਖਪਾਲ ਸਿੰਘ ਖਹਿਰਾ ਨੂੰ ਈ ਡੀ ਦੇ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
-PTC News