ਕਿਸਾਨੀ ਅੰਦੋਲਨ ਪੰਜਾਬ ਦੇ ਭਵਿੱਖ ਦੀ ਲੜਾਈ ਹੈ : ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਫੇਸਬੁੱਕ 'ਤੇ ਲਾਈਵ ਹੋ ਕੇ ਆਪਣੀ ਗੱਲ ਜਨਤਾ ਤੱਕ ਪਹੁੰਚਾਇਆ ਤੇ ਉਥੇ ਹੀ ਜਨਤਾ ਦੇ ਕੁਝ ਸਵਾਲਾਂ ਦਾ ਜੁਆਬ ਵੀ ਦਿੱਤਾ। ਇਸ ਦੇ ਨਾਲ ਹੀ ਉਹਨਾਂ ਦੁਨੀਆਂ ਦੇ ਕੁਝ ਹਿੱਸਿਆਂ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ’ਚ ਫੈਲਣ ਦੀਆਂ ਰਿਪੋਰਟਾਂ ਦਰਮਿਆਨ ਲੋਕਾਂ ਨੂੰ ਵਧੇਰੇ ਸਾਵਧਾਨੀ ਵਰਤਣ ਅਤੇ ਕੋਵਿਡ ਦੇ ਸੁਰੱਖਿਆ ਨੇਮਾਂ ਦੀ ਸਖ਼ਤੀ ਨਾਲ ਪਾਲਣ ਕਰਨ ਦੀ ਅਪੀਲ ਕੀਤੀ। ਇਸ ਦੇ ਨਾਲ ਹੀ ਕਿਸਾਨੀ ਸੰਘਰਸ਼ 'ਤੇ ਬੋਲਦਿਆਂ ਉਹਨਾਂ ਕਿਹਾ ਕਿ , ਇਹ ਸੰਘਰਸ਼ ਸਿਆਸੀ ਨਹੀਂ ਹੈ ਬਲਕਿ ਕਿਸਾਨਾਂ ਦੀ ਲੜਾਈ ਪੰਜਾਬ ਦੇ ਭਵਿੱਖ ਦੀ ਲੜਾਈ ਹੈ। ਜੇਕਰ ਅੱਜ ਸਾਰੇ ਮਿਲ ਕੇ ਇਸਦਾ ਸਾਹਮਣਾ ਨਹੀਂ ਕਰਦੇ ਤਾਂ ਆਉਣ ਵਾਲੀ ਪੀੜ੍ਹੀ ਦਾ ਭਵਿੱਖ ਬਰਬਾਦ ਹੋ ਜਾਵੇਗਾ। ਮੁੱਖ ਮੰਤਰੀ ਨੇ ‘ਆਪ’ ਨੇਤਾਵਾਂ ਨੂੰ ਬੇਨਤੀ ਕੀਤੀ ਕਿ ਉਹ ਸਿਆਸਤ ਛੱਡ ਕੇ ਕਿਸਾਨਾਂ ਦੇ ਹਿੱਤ ਦੀ ਗੱਲ ਕਰਨ।
‘ਔਰਤਾਂ ਲਈ ਸਰਕਾਰੀ ਬੱਸਾਂ ’ਚ ਛੇਤੀ ਹੀ ਅੱਧਾ ਹੋਵੇਗਾ ਕਿਰਾਇਆ’ਪੰਜਾਬ ਦੀ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲੀਆਂ ਔਰਤਾਂ ਨੂੰ ਛੇਤੀ ਹੀ ਸਿਰਫ਼ ਅੱਧਾ ਕਿਰਾਇਆ ਦੇਣਾ ਪਵੇਗਾ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਮੰਤਰੀ ਮੰਡਲ ਦੀ ਅਗਲੀ ਬੈਠਕ ’ਚ ਇਸ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਜਾਵੇਗੀ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨੂੰ ਕੋਵਿਡ ਦੇ ਖਤਰੇ ਤੋਂ ਬਚਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੰਗਲੈਂਡ ਵਿਚ ਨਵੇਂ ਕੋਰੋਨਾ ਦੀ ਦਸਤਕ ਵਿਚਕਾਰ ਪੰਜਾਬ ਦੇ ਬਾਸ਼ਿੰਦਿਆਂ ਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ।