400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਹੋਇਆ ਸੰਪੂਰਨ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਏ ਇਸ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਕੋਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੰਗਤਾਂ ਸਮੇਤ ਭਰਵਾਂ ਸਵਾਗਤ ਕੀਤਾ।
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਹੋਇਆ ਸੰਪੂਰਨ
ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਨਗਰ ਕੀਰਤਨ 20 ਮਾਰਚ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਸੀ, ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਵੱਖ-ਵੱਖ ਅਸਥਾਨਾਂ ਤੋਂ ਹੁੰਦਾ ਹੋਇਆ ਗੁਰੂ ਸਾਹਿਬ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਚਾਂਦਨੀ ਚੌਂਕ ਦਿੱਲੀ ਪੁੱਜਾ ਸੀ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਵਾਪਸ ਦਿੱਲੀ ਤੋਂ ਹਰਿਆਣਾ ਰਾਜ ਰਾਹੀਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਪਹੁੰਚ ਕੇ ਸੰਪੂਰਨ ਹੋਇਆ ਹੈ।
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਹੋਇਆ ਸੰਪੂਰਨ
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਨਗਰ ਕੀਰਤਨ ਸਜਾਉਣੇ ਸਿੱਖ ਰਵਾਇਤ ਦਾ ਹਿੱਸਾ ਹੈ ਅਤੇ ਸ਼ਤਾਬਦੀਆਂ ਸਮੇਂ ਨਗਰ ਕੀਰਤਨ ਸਜਾਉਣ ਦਾ ਮੰਤਵ ਇਤਿਹਾਸਕ ਦਿਹਾੜੇ ਸਬੰਧੀ ਸੰਗਤ ਵਿਚ ਪ੍ਰੇਰਣਾ ਪੈਦਾ ਕਰਨ ਦੇ ਨਾਲ-ਨਾਲ ਗੁਰਮਤਿ ਦਾ ਪ੍ਰਚਾਰ ਤੇ ਪ੍ਰਸਾਰ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਸਾਡੇ ਜੀਵਨ ਵਿਚ ਆਉਣਾ ਸਾਡੀ ਖ਼ੁਸ਼ਕਿਸਮਤੀ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਇਤਿਹਾਸਕ ਨਗਰ ਕੀਰਤਨ ਨਾਲ ਸੰਗਤਾਂ ਅੰਦਰ ਸ਼ਤਾਬਦੀ ਪ੍ਰਤੀ ਉਤਸ਼ਾਹ ਪੈਦਾ ਹੋਇਆ ਹੈ। ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਵਿਖੇ ਸਵਾਗਤ ਕਰਨ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨਾਲ ਸ਼ਬਦ ਕੀਰਤਨ ਕਰਦਿਆਂ ਨਗਰ ਕੀਰਤਨ ’ਚ ਹਾਜ਼ਰੀ ਭਰੀ।
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਹੋਇਆ ਸੰਪੂਰਨ
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਦਲਜੀਤ ਸਿੰਘ ਭਿੰਡਰ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਪ੍ਰਿੰ. ਸੁਰਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਨਾਗਰ ਸਿੰਘ ਹਰੀਆਂ ਵੇਲਾਂ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ, ਬਾਬਾ ਜਰਨੈਲ ਸਿੰਘ ਕਾਰ ਸੇਵਾ ਵਾਲੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਓਐਸਡੀ ਡਾ. ਸੁਖਬੀਰ ਸਿੰਘ, ਸ. ਤਲਵਿੰਦਰ ਸਿੰਘ ਬੁੱਟਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜ ਕੇ ਹੋਇਆ ਸੰਪੂਰਨ
ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਜਿਥੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਵੱਖ-ਵੱਖ ਗਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਖਾਏ। ਸੰਪਰਦਾ ਬਾਬਾ ਬਿਧੀ ਚੰਦ ਵੱਲੋਂ ਨਗਰ ਕੀਰਤਨ ਦੇ ਅੱਗੇ ਹਾਥੀ ਉੱਤੇ ਨਗਾਰਚੀ ਸਿੰਘ ਨਗਾਰਾ ਵਜਾ ਰਿਹਾ ਸੀ। ਵੱਡੀ ਗਿਣਤੀ ਵਿਚ ਬੈਂਡ ਪਾਰਟੀਆਂ ਨੇ ਵੀ ਸ਼ਮੂਲੀਅਤ ਕਰਕੇ ਮਧੁਰ ਧੁੰਨਾ ਰਾਹੀਂ ਮਾਹੌਲ ਨੂੰ ਖੂਬਸੂਰਤ ਬਣਾਇਆ।
-PTCNews