ਕੇਂਦਰੀ ਕੈਬਨਿਟ ਦੀ ਬੈਠਕ 'ਚ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਮਿਲੀ ਮਨਜ਼ੂਰੀ
Farm Laws Repeal Bill: ਕੇਂਦਰੀ ਮੰਤਰੀ ਮੰਡਲ ਨੇ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਪੁਰਬ ਮੌਕੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਸੰਸਦ ਦੇ ਸਰਦ ਰੁੱਤ ਸੈਸ਼ਨ 'ਚ ਕਾਨੂੰਨ ਨੂੰ ਵਾਪਸ ਲੈਣ ਦਾ ਪ੍ਰਸਤਾਵ ਦੋਵਾਂ ਸਦਨਾਂ 'ਚ ਪਾਸ ਕੀਤਾ ਜਾਵੇਗਾ। ਇਸ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨ ਖ਼ਤਮ ਕਰ ਦਿੱਤੇ ਜਾਣਗੇ।
ਸ਼ੁੱਕਰਵਾਰ ਨੂੰ ਰਾਸ਼ਟਰ ਨੂੰ ਆਪਣੇ ਸੰਬੋਧਨ ਵਿੱਚ, ਪੀਐਮ ਮੋਦੀ ਨੇ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿੱਚ ਇਹ ਕਾਨੂੰਨ ਚੰਗੀ ਨੀਅਤ ਨਾਲ ਲਿਆਂਦਾ ਸੀ ਪਰ ਅਸੀਂ ਕੁਝ ਕਿਸਾਨਾਂ ਨੂੰ ਸਮਝਾਉਣ ਵਿੱਚ ਨਾਕਾਮ ਰਹੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਗਲੇ ਸੰਸਦ ਸੈਸ਼ਨ ਵਿੱਚ ਕਾਨੂੰਨਾਂ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਇਸ ਦੇ ਨਾਲ ਹੀ ਮਾਹਿਰਾਂ ਮੁਤਾਬਕ ਸੰਸਦ ਸੈਸ਼ਨ ਸ਼ੁਰੂ ਹੋਣ ਤੋਂ ਬਾਅਦ ਘੱਟੋ-ਘੱਟ 3 ਦਿਨਾਂ 'ਚ ਇਹ ਪ੍ਰਕਿਰਿਆ ਪੂਰੀ ਹੋ ਸਕਦੀ ਹੈ। ਸੰਸਦ ਦਾ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋਣਾ ਹੈ।
ਪ੍ਰਧਾਨ ਮੰਤਰੀ ਨੇ ਇਹ ਵੀ ਐਲਾਨ ਕੀਤਾ ਹੈ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਲਈ ਨਵੇਂ ਢਾਂਚੇ 'ਤੇ ਕੰਮ ਕਰਨ ਲਈ ਇੱਕ ਕਮੇਟੀ ਦਾ ਗਠਨ ਕਰੇਗੀ। ਕੇਂਦਰ ਸਰਕਾਰ ਵੱਲੋਂ 2020 ਵਿੱਚ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਤੋਂ ਹੀ ਕਿਸਾਨਾਂ ਵੱਲੋਂ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ।
ਸੰਸਦੀ ਨਿਯਮਾਂ ਮੁਤਾਬਕ ਕਿਸੇ ਵੀ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਦੀ ਪ੍ਰਕਿਰਿਆ ਵੀ ਨਵਾਂ ਕਾਨੂੰਨ ਬਣਾਉਣ ਵਾਂਗ ਹੀ ਹੁੰਦੀ ਹੈ ਜਿਸ ਤਰ੍ਹਾਂ ਨਵਾਂ ਕਾਨੂੰਨ ਬਣਾਉਣ ਲਈ ਕਿਸੇ ਬਿੱਲ ਨੂੰ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਪਾਸ ਕਰਵਾਉਣਾ ਪੈਂਦਾ ਹੈ, ਉਸੇ ਤਰ੍ਹਾਂ ਪੁਰਾਣੇ ਕਾਨੂੰਨ ਨੂੰ ਵਾਪਸ ਲੈਣ ਜਾਂ ਖ਼ਤਮ ਕਰਨ ਲਈ ਸੰਸਦ ਦੇ ਦੋਵਾਂ ਸਦਨਾਂ ਵੱਲੋਂ ਬਿੱਲ ਪਾਸ ਕਰਨਾ ਪੈਂਦਾ ਹੈ।
-PTC News