ਰਾਹੁਲ-ਪ੍ਰਿਯੰਕਾ ਖਿਲਾਫ FIR ਦਰਜ:
ਰਾਹੁਲ-ਪ੍ਰਿਯੰਕਾ ਖਿਲਾਫ FIR ਦਰਜ: ਦਿੱਲੀ ਪੁਲਿਸ ਨੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਅਤੇ ਹੋਰਾਂ ਵਿਰੁੱਧ ਆਕਾਸ਼ਵਾਣੀ ਭਵਨ ਦੇ ਦਫ਼ਤਰ ਵਿੱਚ ਕਥਿਤ ਤੌਰ 'ਤੇ ਘੁਸਪੈਠ ਕਰਨ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਹੈ। ਪੁਲਿਸ ਦੇ ਅਨੁਸਾਰ ਇਸ ਸਬੰਧ ਵਿੱਚ ਇੱਕ ਸ਼ਿਕਾਇਤ ਮਿਲੀ ਸੀ ਜਿਸ ਵਿੱਚ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ ਸਮੇਤ ਕਈ ਸੰਸਦ ਮੈਂਬਰਾਂ 'ਤੇ ਆਕਾਸ਼ਵਾਣੀ ਭਵਨ ਦੇ ਦਫ਼ਤਰ ਵਿੱਚ ਘੁਸਪੈਠ ਕਰਨ ਦਾ ਦੋਸ਼ ਲਗਾਇਆ ਗਿਆ ਹੈ।
ਦਿੱਲੀ ਪੁਲਿਸ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ 'ਤੇ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਹੁਣ ਪੂਰੀ ਘਟਨਾ ਦੀ ਜਾਂਚ ਕਰ ਰਹੀ ਹੈ। ਹਾਲਾਂਕਿ, ਐਫਆਈਆਰ ਦੀਆਂ ਖਾਸ ਧਾਰਾਵਾਂ ਅਜੇ ਜਾਰੀ ਨਹੀਂ ਕੀਤੀਆਂ ਗਈਆਂ ਹਨ। ਪੁਲਿਸ ਨੇ ਕਿਹਾ ਕਿ ਜਾਂਚ ਤੋਂ ਬਾਅਦ ਹੋਰ ਵੇਰਵੇ ਸਾਹਮਣੇ ਆਉਣਗੇ। ਅਧਿਕਾਰੀਆਂ ਦੇ ਅਨੁਸਾਰ ਮਾਮਲੇ ਨਾਲ ਸਬੰਧਤ ਹੋਰ ਜਾਣਕਾਰੀ ਦੀ ਫਿਲਹਾਲ ਉਡੀਕ ਹੈ।
ਦੱਸ ਦੇਈਏ ਕਿ ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਅਤੇ ਹੋਰ ਵਿਰੋਧੀ ਧਿਰ ਦੇ ਆਗੂਆਂ ਨੇ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਨ ਤੋਂ ਰੋਕੇ ਜਾਣ ਮਗਰੋਂ ਆਕਾਸ਼ਵਾਣੀ ਭਵਨ ਵਿੱਚ ਧਰਨਾ ਦਿੱਤਾ ਸੀ। ਇਹ ਧਰਨਾ ਅੱਠ ਘੰਟਿਆਂ ਤੋਂ ਵੱਧ ਸਮੇਂ ਤੱਕ ਚੱਲਿਆ। ਦਿੱਲੀ ਪੁਲੀਸ ਨੇ ਹਿਰਾਸਤ ਵਿੱਚ ਲਏ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਹੋਰਨਾਂ ਨੂੰ ਮੰਗਲਵਾਰ ਰਾਤ 10 ਵਜੇ ਤੋਂ ਥੋੜ੍ਹੀ ਦੇਰ ਬਾਅਦ ਰਿਹਾਅ ਕਰ ਦਿੱਤਾ। ਕਾਂਗਰਸ ਨੇ ਇਹ ਜਾਣਕਾਰੀ ਦਿੱਤੀ।
ਇਸ ਤੋਂ ਪਹਿਲਾਂ ਪੁਲੀਸ ਨੇ ਆਕਾਸ਼ਵਾਣੀ ਭਵਨ ਦੇ ਅਹਾਤੇ ਤੋਂ ਆਗੂਆਂ ਨੂੰ ਹਟਾ ਕੇ ਕਿੰਗਜ਼ਵੇਅ ਕੈਂਪ ਪੁਲੀਸ ਲਾਈਨ ਲਿਜਾਇਆ ਸੀ। ਕਾਂਗਰਸੀ ਆਗੂ ਚੋਣ ਕਮਿਸ਼ਨ ਦੇ ਦਫ਼ਤਰ ਵੱਲ ਮਾਰਚ ਕਰਨ ਦੀ ਇਜਾਜ਼ਤ ਨਾ ਮਿਲਣ ਮਗਰੋਂ ਉਥੇ ਧਰਨੇ ’ਤੇ ਬੈਠੇ ਸਨ।
ਜਾਣਕਾਰੀ ਅਨੁਸਾਰ ਕਾਂਗਰਸ ਆਗੂ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਦਿੱਲੀ ਪੁਲੀਸ ਨੇ ਕਰੀਬ ਦੋ ਘੰਟਿਆਂ ਦੀ ਹਿਰਾਸਤ ਤੋਂ ਬਾਅਦ ਰਿਹਾਅ ਕਰ ਦਿੱਤਾ।
- PTC NEWS