Punjab News : ਬੱਬਰ ਖਾਲਸਾ ਦੇ 3 ਗੁਰਗੇ ਹੈਂਡ 2 ਗ੍ਰਨੇਡ ਤੇ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ, ਪੁਲਿਸ ਥਾਣਿਆਂ 'ਤੇ ਹਮਲੇ ਦੀ ਸੀ ਤਿਆਰੀ
Punjab News : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ , ਮੋਹਾਲੀ ਨੇ ਪਾਕਿਸਤਾਨੀ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਯੂਕੇ ਸਥਿਤ ਨਿਸ਼ਾਨ ਸਿੰਘ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਚਲਾ ਰਿਹਾ ਸੀ। ਪੁਲਿਸ ਨੇ ਇੱਕ ਕਿਸ਼ੋਰ ਸਮੇਤ ਤਿੰਨ ਆਰੋਪੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਉਨ੍ਹਾਂ ਤੋਂ 2 ਹੈਂਡ ਗ੍ਰਨੇਡ, 1 ਗਲੌਕ ਪਿਸਤੌਲ ਅਤੇ ਹੋਰ ਵਿਸਫੋਟਕ ਸਮੱਗਰੀ ਬਰਾਮਦ ਕੀਤੀ ਗਈ ਹੈ। ਪੁਲਿਸ ਦੇ ਅਨੁਸਾਰ ਆਰੋਪੀ ਅੰਮ੍ਰਿਤਸਰ ਵਿੱਚ ਪੁਲਿਸ ਠਿਕਾਣਿਆਂ 'ਤੇ ਹਮਲਾ ਕਰਨ ਅਤੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਨੇ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਕਈ ਲੋਕਾਂ ਦੀ ਜਾਨ ਬਚ ਗਈ ਹੈ।
ਅੰਮ੍ਰਿਤਸਰ ਦੇ ਵਸਨੀਕ ਹਨ ਸਾਰੇ ਆਰੋਪੀ
ਗ੍ਰਿਫ਼ਤਾਰ ਕੀਤੇ ਗਏ ਆਰੋਪੀਆਂ ਦੀ ਪਛਾਣ ਸਹਿਜਪਾਲ ਸਿੰਘ ਅਤੇ ਵਿਕਰਮਜੀਤ ਸਿੰਘ ਵਜੋਂ ਹੋਈ ਹੈ। ਦੋਵੇਂ ਅੰਮ੍ਰਿਤਸਰ ਦਿਹਾਤੀ ਦੇ ਰਾਮਦਾਸ ਦੇ ਰਹਿਣ ਵਾਲੇ ਹਨ, ਜਦੋਂ ਕਿ ਇੱਕ ਆਰੋਪੀ ਨਾਬਾਲਗ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਤੋਂ 2 ਹੈਂਡ ਗ੍ਰਨੇਡ, ਇੱਕ ਗਲੋਕ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਗਿਆ ਹੈ।
ਐਸਐਸਓਸੀ ਮੋਹਾਲੀ ਵਿੱਚ ਐਫਆਈਆਰ ਦਰਜ
ਇਸ ਸਬੰਧ ਵਿੱਚ ਪੁਲਿਸ ਵੱਲੋਂ ਬੀਐਨਐਸ ਅਤੇ ਵਿਸਫੋਟਕ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੇ ਮੋਹਾਲੀ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦੀ ਹੀ ਇਸ ਮਾਮਲੇ ਵਿੱਚ ਕਈ ਹੋਰ ਖੁਲਾਸੇ ਹੋਣਗੇ। ਪੁਲਿਸ ਅਧਿਕਾਰੀਆਂ ਦਾ ਦਾਅਵਾ ਹੈ ਕਿ ਪੁਲਿਸ ਅੱਤਵਾਦੀ ਸੰਗਠਨਾਂ ਨੂੰ ਖਤਮ ਕਰਨ ਵਿੱਚ ਲਗਾਤਾਰ ਲੱਗੀ ਹੋਈ ਹੈ।
- PTC NEWS