Amritsar News : ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਹੁਬਲੀ ਕਰਨਾਟਕਾ ਤੋਂ ਕੋਹਲਾਪੁਰ ਮਹਾਰਾਸ਼ਟਰ ਲਈ ਰਵਾਨਾ
Amritsar News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਹੁਬਲੀ ਕਰਨਾਟਕਾ ਤੋਂ ਆਪਣੇ ਅਗਲੇ ਪੜਾਅ ਕੋਹਲਾਪੁਰ ਮਹਾਰਾਸ਼ਟਰ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਉਨ੍ਹਾਂ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿੱਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਅਤੇ ਭਾਈ ਹਰਜੀਤ ਸਿੰਘ ਨੇ ਵੀ ਸੰਗਤਾਂ ਨਾਲ ਗੁਰ-ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਸੀ ਅਤੇ ਰਸਤੇ ਵਿਚ ਵੱਖ-ਵੱਖ ਧਰਮਾਂ ਦੇ ਲੋਕਾਂ ਵੱਲੋਂ ਸ਼ਰਧਾ ਨਾਲ ਸਵਾਗਤ ਕੀਤਾ ਗਿਆ। ਇਸੇ ਦੌਰਾਨ ਮਹਾਰਾਸ਼ਟਰ ਦੇ ਧਾਰਵਾੜ ਦੇ ਪੁਲਿਸ ਕਮਿਸ਼ਨਰ ਸ੍ਰੀ ਸ਼ਸ਼ੀ ਕੁਮਾਰ ਨੇ ਵੀ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ ਅਤੇ ਗੋਆ ਦੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ’ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਬਲਦੇਵ ਸਿੰਘ ਕਲਿਆਣ, ਮੈਂਬਰ ਜਸਮੇਰ ਸਿੰਘ ਲਾਛੜੂ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਇੰਚਾਰਜ ਗੁਰਮੇਜ ਸਿੰਘ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਸੁਪਰਵਾਈਜ਼ਰ ਹਰਭਜਨ ਸਿੰਘ, ਹਰਵਿੰਦਰ ਸਿੰਘ ਵੇਰਕਾ, ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਮੇਲ ਸਿੰਘ, ਸਕੱਤਰ ਜਸਬੀਰ ਸਿੰਘ, ਪ੍ਰੀਤਮ ਸਿੰਘ ਹੁੰਦਲ, ਰਾਜਿੰਦਰ ਸਿੰਘ, ਹਰਪਾਲ ਸਿੰਘ ਸੂਰਜ, ਸ੍ਰੀ ਗਿਰੀਸ ਧਰੇਰਰ, ਰਘੁਬੀਰ ਸਿੰਘ ਮਗਰੂ, ਇਕਬਾਲ ਸਿੰਘ ਖੋਸਾ, ਬੀਬੀ ਹਰਵਿੰਦਰ ਕੌਰ, ਬੀਬੀ ਗੁਰਦਰਸ਼ਨ ਕੌਰ, ਸ. ਲਖਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
- PTC NEWS