ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਲੈ ਕੇ ਸੁਪਰੀਮ ਕੋਰਟ 'ਚ ਅੱਜ ਵੱਡੀ ਸੁਣਵਾਈ
Punjab News: ਪੰਜਾਬ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਣ ਵਾਲੀ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਮਾਨ ਸਰਕਾਰ ਵੱਲੋਂ ਸੱਦੇ ਵਿਸ਼ੇਸ਼ ਸੈਸ਼ਨ ਨੂੰ ਗ਼ੈਰ ਕਾਨੂੰਨੀ ਕਰਾਰ ਦੇ ਦਿੱਤਾ ਸੀ। ਜਿਸ ਦੇ ਖਿਲਾਫ਼ ਪੰਜਾਬ ਸਰਕਾਰ ਸੁਪਰੀਮ ਕੋਰਟ ਵਿੱਚ ਪਹੁੰਚੀ ਸੀ।
ਸੁਪਰੀਮ ਕੋਰਟ 'ਚ ਸਰਕਾਰ ਦੀ ਪਟੀਸ਼ਨ 'ਤੇ ਅੱਜ ਸੁਣਵਾਈ ਹੋਵੇਗੀ। ਹਾਲਾਂਕਿ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਨ ਤੋਂ ਬਾਅਦ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਆਪਣੇ ਸਟੈਂਡ ਤੋਂ ਯੂ-ਟਰਨ ਲੈ ਲਿਆ ਹੈ। ਉਨ੍ਹਾਂ ਨੇ ਵਿਧਾਨ ਸਭਾ 'ਚ ਪਾਸ ਹੋਣ ਲਈ ਤਿਆਰ 3 ਮਨੀ ਬਿੱਲਾਂ 'ਚੋਂ 2 ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ ਕਈ ਬਿੱਲ ਅਜੇ ਵੀ ਬਕਾਇਆ ਪਏ ਹਨ।
ਸੁਪਰੀਮ ਕੋਰਟ 'ਚ ਦਾਇਰ ਪਟੀਸ਼ਨ 'ਚ ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਸੀ ਕਿ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿੱਲਾਂ ਨੂੰ ਰਾਜਪਾਲ ਮਨਜ਼ੂਰੀ ਨਹੀਂ ਦੇ ਰਹੇ ਹਨ। ਰਾਜ ਸਰਕਾਰ ਨੇ ਰਾਜਪਾਲ ਦੇ ਰਵੱਈਏ ਖ਼ਿਲਾਫ਼ 28 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਸਬੰਧੀ ਪਿਛਲੇ ਸ਼ੁੱਕਰਵਾਰ ਨੂੰ ਸੁਣਵਾਈ ਹੋਈ ਅਤੇ ਮਾਮਲੇ ਦੀ ਸੁਣਵਾਈ ਅੱਜ ਲਈ ਮੁਲਤਵੀ ਕਰ ਦਿੱਤੀ ਗਈ।
ਦੂਜੇ ਪਾਸੇ ਰਾਜ ਸਰਕਾਰ ਦੇ ਜਿਨ੍ਹਾਂ ਦੋ ਮਨੀ ਬਿੱਲਾਂ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ, ਉਨ੍ਹਾਂ ਵਿੱਚ ਜੀਐਸਟੀ ਸੋਧ ਬਿੱਲ 2023 ਵੀ ਸ਼ਾਮਲ ਹੈ। ਇਸ ਤਹਿਤ ਸੂਬੇ ਵਿੱਚ ਜੀਐਸਟੀ ਅਪੀਲੀ ਟ੍ਰਿਬਿਊਨਲ ਬਣਾਏ ਜਾਣੇ ਹਨ। ਦੂਜਾ ਮਨੀ ਬਿੱਲ ਗਿਰਵੀ ਰੱਖੀਆਂ ਜਾਇਦਾਦਾਂ 'ਤੇ ਸਟੈਂਪ ਡਿਊਟੀ ਲਗਾਉਣ ਨਾਲ ਸਬੰਧਤ ਹੈ।
ਚਾਰ ਬਿੱਲ ਹੁਣ ਬਕਾਇਆ ਹਨ
ਪੰਜਾਬ ਵਿਧਾਨ ਸਭਾ ਦੇ ਜੂਨ 2023 ਦੇ ਵਿਸ਼ੇਸ਼ ਸੈਸ਼ਨ ਦੌਰਾਨ ਪਾਸ ਕੀਤੇ ਚਾਰ ਬਿੱਲਾਂ ਨੂੰ ਰਾਜਪਾਲ ਨੇ ਅਜੇ ਤੱਕ ਆਪਣੀ ਮਨਜ਼ੂਰੀ ਨਹੀਂ ਦਿੱਤੀ ਹੈ। ਇਸ 'ਤੇ ਮੁੱਖ ਮੰਤਰੀ ਨੇ ਇਤਰਾਜ਼ ਪ੍ਰਗਟਾਇਆ ਹੈ। ਦੂਜੇ ਪਾਸੇ ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਰਾਜਪਾਲ ਇਸ 'ਤੇ ਆਪਣਾ ਪੱਖ ਪੇਸ਼ ਕਰ ਸਕਦੇ ਹਨ।
- PTC NEWS