Amritsar ’ਚ ਗੱਡੀ–ਮੋਟਰਸਾਈਕਲ ਵਿਚਾਲੇ ਹੋਈ ਭਿਆਨਕ ਟੱਕਰ, ਪੁਲਿਸ ਮੁਲਾਜ਼ਮ ਦੀ ਹੋਈ ਦਰਦਨਾਕ ਮੌਤ
ਅੰਮ੍ਰਿਤਸਰ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਗੱਡੀ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਦੌਰਾਨ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮ ਦੀ ਪਹਿਚਾਣ ਨਰਿੰਦਰ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਵੱਲ ਜਾ ਰਿਹਾ ਸੀ। ਉੱਥੋਂ ਉਸਨੇ ਟ੍ਰੇਨ ਰਾਹੀਂ ਲੁਧਿਆਣਾ ਆਪਣੀ ਡਿਊਟੀ ’ਤੇ ਜਾਣਾ ਸੀ। ਨਰਿੰਦਰ ਸਿੰਘ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਵਿੱਚ ਤਾਇਨਾਤ ਸੀ।
ਰਸਤੇ ਵਿੱਚ ਅਚਾਨਕ ਇੱਕ ਤੇਜ਼ ਰਫ਼ਤਾਰ ਗੱਡੀ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਅਤੇ ਗੱਡੀ ਦੋਵੇਂ ਬੁਰੀ ਤਰ੍ਹਾਂ ਨੁਕਸਾਨੀ ਗਈਆਂ। ਹਾਦਸੇ ਤੋਂ ਬਾਅਦ ਮੌਕੇ ’ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਅਤੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਗਈ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਨਰਿੰਦਰ ਸਿੰਘ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਗੱਡੀ ’ਚ ਸਵਾਰ ਆਰੋਪੀ ਨੂੰ ਕਾਬੂ ਕਰ ਲਿਆ ਗਿਆ ਹੈ। ਮ੍ਰਿਤਕ ਪੁਲਿਸ ਮੁਲਾਜ਼ਮ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਹਾਦਸੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ : CM ਭਗਵੰਤ ਮਾਨ ਫਿਰ ਫੋਰਟਿਸ ਹਸਪਤਾਲ 'ਚ ਹੋਏ ਦਾਖਲ , ਪਹਿਲਾਂ ਮੋਗਾ ਰੈਲੀ 'ਚ ਕੀਤੀ ਸੀ ਸ਼ਿਰਕਤ
- PTC NEWS