19 ਅਕਤੂਬਰ ਨੂੰ ਮਨਾਇਆ ਜਾਵੇਗਾ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, 18 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੱਜੇਗਾ ਨਗਰ ਕੀਰਤਨ
Prakash Purab of Shri Guru Ramdas Ji : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਵਿੱਚ ਸ੍ਰੀ ਦਰਬਾਰ ਸਾਹਿਬ ਨੂੰ ਆਉਂਦੇ ਰਸਤਿਆਂ ਅਤੇ ਗੁਰੂ ਨਗਰੀ ਵਿੱਚ ਸਾਫ਼ ਸਫ਼ਾਈ, ਟ੍ਰੈਫ਼ਿਕ ਸਮੇਤ ਹੋਰ ਅਹਿਮ ਮਸਲਿਆਂ ਨੂੰ ਵਿਚਾਰਿਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਤਾਪ ਸਿੰਘ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ 19 ਅਕਤੂਬਰ 2024 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ 18 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਰ ਸਾਲ ਵਾਂਗ ਵਿਸ਼ਾਲ ਨਗਰ ਕੀਰਤਨ ਆਯੋਜਤ ਕੀਤਾ ਜਾਵੇਗਾ, ਜੋ ਅੰਮ੍ਰਿਤਸਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਵਾਪਸ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਵੇਗਾ।
ਉਨ੍ਹਾਂ ਕਿਹਾ ਕਿ ਚੌਥੇ ਪਾਤਸ਼ਾਹ ਦੀ ਨਗਰੀ ਸ੍ਰੀ ਅੰਮ੍ਰਿਤਸਰ ਦਾ ਵਸਨੀਕ ਹੋਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣਾ ਸਾਡੀ ਸਭ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਯਾਦਗਾਰੀ ਢੰਗ ਨਾਲ ਮਨਾਉਣ ਲਈ ਹਰ ਸਾਲ ਪ੍ਰਸ਼ਾਸਨ ਵੱਲੋਂ ਵੱਡਾ ਸਹਿਯੋਗ ਪ੍ਰਾਪਤ ਹੁੰਦਾ ਹੈ ਅਤੇ ਇਸ ਵਾਰ ਵੀ ਸਾਂਝੇ ਤੌਰ ’ਤੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ।
ਇਸ ਦੌਰਾਨ ਅੰਮ੍ਰਿਤਸਰ ਦੇ ਏਡੀਸੀ ਜੋਤੀ ਬਾਲਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਆਪਣੇ ਜ਼ੁੰਮੇ ਲੱਗੀ ਹਰ ਸੇਵਾ ਤਨਦੇਹੀ ਨਾਲ ਨਿਭਾਏਗਾ ਅਤੇ ਸ਼੍ਰੋਮਣੀ ਕਮੇਟੀ ਨੂੰ ਹਰ ਪੱਧਰ ’ਤੇ ਸਹਿਯੋਗ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Ladhowal Toll Plaza : ਕੱਲ੍ਹ ਤੋਂ ਮੁਫ਼ਤ ਹੋਵੇਗਾ ‘ਪੰਜਾਬ ਦਾ ਸਭ ਤੋਂ ਮਹਿੰਗਾ’ ਲਾਡੋਵਾਲ ਟੋਲ ਪਲਾਜ਼ਾ, ਜਾਣੋ ਕਾਰਨ
- PTC NEWS