Amritsar ’ਚ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ ; ਇੱਕ ਨੌਜਵਾਨ ਦੀ ਹੋਈ ਮੌਤ, ਜਾਣੋ ਪੂਰਾ ਮਾਮਲਾ
Amritsar News : ਅੰਮ੍ਰਿਤਸਰ ਵਿੱਚ ਤੜਕਸਾਰ ਦੋ ਧਿਰਾਂ ਵਿਚਾਲੇ ਹੋਏ ਝਗੜੇ ਨੇ ਖੂਨੀ ਰੂਪ ਧਾਰਨ ਲਿਆ ਜਿਸ ਕਾਰਨ ਇਸ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ।
ਘਟਨਾ ਦੇ ਚਸ਼ਮਦੀਦ ਦਲਬੀਰ ਸਿੰਘ ਨੇ ਦੱਸਿਆ ਕਿ ਸਵੇਰੇ ਕਰੀਬ ਸਾਢੇ ਚਾਰ ਵਜੇ ਛੇ ਵਿਅਕਤੀ ਆਪਸ ਵਿੱਚ ਝਗੜ ਰਹੇ ਸਨ। ਉਨ੍ਹਾਂ ਕਿਹਾ ਕਿ ਝਗੜੇ ਦੌਰਾਨ ਕੀ ਹੋਇਆ ਅਤੇ ਕਿਸ ਨੇ ਕਿਸ ਨੂੰ ਕੀ ਮਾਰਿਆ, ਇਸ ਬਾਰੇ ਉਹ ਕੁਝ ਨਹੀਂ ਕਹਿ ਸਕਦੇ। ਉਨ੍ਹਾਂ ਦੱਸਿਆ ਕਿ ਝਗੜੇ ਤੋਂ ਬਾਅਦ ਮੌਕੇ 'ਤੇ ਹਫੜਾ-ਦਫੜੀ ਮਚ ਗਈ ਸੀ।
ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਇੱਕ ਜ਼ਖ਼ਮੀ ਵਿਅਕਤੀ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ, ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ।
ਪੁਲਿਸ ਮੁਤਾਬਕ ਮ੍ਰਿਤਕ ਦੀ ਪਛਾਣ ਮਜੀਠਾ ਰੋਡ ਸਥਿਤ ਲੰਬੇ ਕਲੋਨੀ ਦੇ ਰਹਿਣ ਵਾਲੇ 27 ਸਾਲਾ ਅਮਰਦੀਪ ਸਿੰਘ ਉਰਫ਼ ਗਿਆਨੀ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਣ ਦੀ ਗੱਲ ਸਾਹਮਣੇ ਆਈ ਹੈ, ਹਾਲਾਂਕਿ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੁਲਿਸ ਨੇ ਇੱਕ ਦੋਸ਼ੀ ਨੂੰ ਕਾਬੂ ਕਰ ਲਿਆ ਹੈ, ਜਦਕਿ ਦੂਜੇ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : Gurdaspur ’ਚ ਮੰਡਰਾਇਆ ਹੜ੍ਹ ਦਾ ਖਤਰਾ ! ਸਠਿਆਲੀ ਹੈੱਡਵਰਕਸ ਨੇੜੇ ਨਹਿਰ ’ਚ ਪਿਆ ਵੱਡਾ ਪਾੜ
- PTC NEWS