AAP ਆਗੂ ਆਤਿਸ਼ੀ ਵੱਲੋਂ ਵਿਧਾਨ ਸਭਾ ’ਚ ਗੁਰੂ ਸਾਹਿਬਾਨ ਪ੍ਰਤੀ ਦਿੱਤੇ ਬਿਆਨ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਮ ਆਦਮੀ ਪਾਰਟੀ ਦੀ ਆਗੂ ਅਤੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਪਮਾਨਜਨਕ ਟਿੱਪਣੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਇਸ ਨੂੰ ਆਪ ਆਗੂਆਂ ਦੀ ਘਟੀਆ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਦਿੱਤਾ ਗਿਆ ਬਿਆਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਰਮ ਦੀ ਰੱਖਿਆ ਲਈ ਦਿੱਲੀ ਵਿਖੇ ਸ਼ਹਾਦਤ ਦਿੱਤੀ। ਦਿੱਲੀ ਦੀ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੀ ਆਗੂ ਵੱਲੋਂ ਗੁਰੂ ਸਾਹਿਬ ਪ੍ਰਤੀ ਬੇਹੱਦ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨੀ ਜਿਥੇ ਮੰਦਭਾਗਾ ਹੈ, ਉਥੇ ਹੀ ਇਹ ਆਪ ਆਦਮੀ ਪਾਰਟੀ ਦੀ ਸੋਚ ਦਾ ਪ੍ਰਗਟਾਵਾ ਵੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਦੀ ਮੈਂਬਰਸ਼ਿਪ ਤੁਰੰਤ ਰੱਦ ਕੀਤੀ ਜਾਵੇ। ਉਨ੍ਹਾਂ ਆਪ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵੀ ਸਵਾਲ ਕੀਤਾ ਕਿ ਕੀ ਉਹ ਆਪਣੇ ਇਸ ਆਗੂ ਵਿਰੁੱਧ ਕਾਰਵਾਈ ਕਰਨਗੇ।
- PTC NEWS