Amritsar News : ਐਡਵੋਕੇਟ ਧਾਮੀ ਵੱਲੋਂ ਜਸਵੰਤ ਸਿੰਘ ਈਸੇਵਾਲ ਦੀ ਪੁਸਤਕ ‘ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ’ ਜਾਰੀ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਸਵੰਤ ਸਿੰਘ ਈਸੇਵਾਲ ਦੀ ਪੁਸਤਕ “ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ” ਰਿਲੀਜ਼ ਕੀਤੀ। ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਨੂੰ ਸੰਖੇਪ ਰੂਪ ਵਿਚ ਦਰਜ ਕੀਤਾ ਗਿਆ ਹੈ। ਲੰਘੇ ਦਿਨੀਂ ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1947 ਦੀ ਭਾਰਤ-ਪਾਕਿਸਤਾਨ ਵੰਡ ਵੇਲੇ ਸਿੱਖਾਂ ਨੂੰ ਜਾਨ ਤੋਂ ਪਿਆਰੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਵਿਛੜ ਗਏ, ਜਿਨ੍ਹਾਂ ਦੇ ਦਰਸ਼ਨਾਂ ਤੇ ਸੇਵਾ-ਸੰਭਾਲ ਦਾ ਦਾਨ ਖ਼ਾਲਸਾ ਪੰਥ ਰੋਜ਼ ਅਰਦਾਸ ਵਿਚ ਮੰਗਦਾ ਹੈ।
ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਅਜਿਹੀਆਂ ਹਨ, ਜੋ ਵੀਜ਼ਾ ਦੀ ਔਖੀ ਪ੍ਰਕਿਰਿਆ ਕਾਰਨ ਇਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੀਆਂ ਹਨ ਅਤੇ ਸਾਡੀ ਅਗਲੀ ਪੀੜ੍ਹੀ ਵਿਚ ਬਹੁਤ ਸਾਰੇ ਲੋਕ ਅਜਿਹੇ ਵੀ ਹਨ, ਜਿਨ੍ਹਾਂ ਨੂੰ ਪਾਕਿਸਤਾਨ ਸਥਿਤ ਬਹੁਤੇ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਬਾਰੇ ਜਾਣਕਾਰੀ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਜਸਵੰਤ ਸਿੰਘ ਈਸੇਵਾਲ ਦੀ ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਦੀ ਜਾਣਕਾਰੀ ਸੰਖੇਪ ਸ਼ਬਦਾਂ ਵਿਚ ਦਰਜ ਹੈ।
ਉਨ੍ਹਾਂ ਕਿਹਾ ਕਿ ਇਹ ਪੁਸਤਕ ਸਿੱਖ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋਵੇਗੀ ਅਤੇ ਪਾਠਕ ਆਪਣੇ ਵਿਛੜੇ ਗੁਰਧਾਮਾਂ ਦੇ ਇਤਿਹਾਸ ਤੋਂ ਜਾਣੂ ਹੋਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਜਸਵੰਤ ਸਿੰਘ ਈਸੇਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਗੁਰਨਾਮ ਸਿੰਘ ਜੱਸਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂ, ਅਵਤਾਰ ਸਿੰਘ ਵਣਵਾਲਾ, ਮਨਜੀਤ ਸਿੰਘ ਬੱਪੀਆਣਾ, ਰਾਮਪਾਲ ਸਿੰਘ ਬਹਿਣੀਵਾਲ, ਤੇਜਿੰਦਰਪਾਲ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਵਧੀਕ ਸਕੱਤਰ ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਆਦਿ ਹਾਜ਼ਰ ਸਨ।
- PTC NEWS