ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ’ਚ ਮਿਲਣ ਲਈ ਡੀਜੀਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ : ਐਡਵੋਕੇਟ ਹਰਜਿੰਦਰ ਸਿੰਘ ਧਾਮੀ
SGPC on Balwant Singh Rajoana : ਮਾਛੀਵਾੜਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਜੇਲ੍ਹ ਵਿਚ ਮਿਲਣ ਲਈ ਉਨ੍ਹਾਂ ਨੇ ਡੀਜੀਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਹੈ ਤਾਂ ਜੋ ਉਨ੍ਹਾਂ ਨਾਲ ਫਾਂਸੀ ਦੀ ਸਜ਼ਾ ਸਬੰਧੀ ਰੋਕ ਲਗਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾ ਸਕੇ। ਐਡਵੋਕੇਟ ਧਾਮੀ ਅੱਜ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ ਝਾੜ ਸਾਹਿਬ ਵਿਖੇ ਇੱਕ ਧਾਰਮਿਕ ਸਮਾਗਮ ਵਿਚ ਸ਼ਮੂਲੀਅਤ ਕਰਨ ਆਏ ਸਨ।
ਪੱਤਰਕਾਰਾਂ ਵਲੋਂ ਜਦੋਂ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਵਾਲ ਕੀਤਾ ਗਿਆ ਕਿ ਕੁਝ ਸਿਆਸੀ ਆਗੂਆਂ ਵਲੋਂ ਇਹ ਕਿਹਾ ਕਿ ਜਾ ਰਿਹਾ ਹੈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਹੜ੍ਹ ਪੀੜਤਾਂ ਨੂੰ ਰਾਸ਼ੀ ਵੰਡੀ ਜਾ ਰਹੀ ਹੈ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫੰਡ ਹਨ। ਇਸ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕੇਵਲ ਕੂੜ ਪ੍ਰਚਾਰ ਤੇ ਕੋਰਾ ਝੂਠ ਹੈ।
ਸੋਸ਼ਲ ਮੀਡੀਆ ’ਤੇ ਏ.ਆਈ. ਤਕਨੀਕ ਰਾਹੀਂ ਧਾਰਮਿਕ ਸਥਾਨਾਂ ਦੀਆਂ ਵੀਡੀਓ ਵਾਈਰਲ ਕਰਨ ਬਾਰੇ ਜਥੇਦਾਰ ਧਾਮੀ ਨੇ ਕਿਹਾ ਕਿ ਇਹ ਬਹੁਤ ਗੰਭੀਰ ਮਾਮਲਾ ਹੈ, ਜਿਸ ਲਈ ਅਸੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿੱਦਿਅਕ ਸੰਸਥਾਵਾਂ ਵਿਚ ਉੱਚ ਅਹੁਦਿਆਂ ’ਤੇ ਕੰਮ ਕਰ ਰਹੇ ਪਡ਼੍ਹੇ-ਲਿਖੇ ਸੂਝਵਾਨ ਬੁੱਧੀਜੀਵੀਆਂ ਨਾਲ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਟੀਮ ਬਣਾਈ ਜਾਵੇਗੀ ਤਾਂ ਜੋ ਅਜਿਹੀਆਂ ਵੀਡੀਓ ਨੂੰ ਵਾਈਰਲ ਹੋਣ ਤੋਂ ਰੋਕਿਆ ਜਾ ਸਕੇ। ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਧਾਰਮਿਕ ਸਥਾਨਾਂ ਦੀ ਏ.ਆਈ. ਰਾਹੀਂ ਬੇਅਦਬੀ ਵਾਲੀ ਕੋਈ ਵੀ ਵੀਡੀਓ ਉਨ੍ਹਾਂ ਕੋਲ ਪੁੱਜਦੀ ਹੈ ਤਾਂ ਉਸ ਨੂੰ ਵਾਈਰਲ ਕਰਨ ਦੀ ਬਜਾਏ ਖਤਮ ਕਰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸੰਗਤ ਅਜਿਹੀਆਂ ਵੀਡੀਓ ਨੂੰ ਖਤਮ ਕਰ ਦੇਵੇਗੀ ਤਾਂ ਉਹ ਅੱਗੇ ਵਾਈਰਲ ਨਹੀਂ ਹੋਣਗੀਆਂ। ਇਸ ਤੋਂ ਇਲਾਵਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ ਵਿਖੇ ਬਾਬਾ ਪਿਆਰਾ ਸਿੰਘ ਜੀ ਮੀਟਿੰਗ ਹਾਲ, ਜਿਸ ਦਾ ਨਿਰਮਾਣ ਬਾਬਾ ਅਜੀਤ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਆਰੰਭ ਕਰਵਾਇਆ ਸੀ, ਜਿਸ ਦੀ ਸੰਪੂਰਨਤਾ ਬਾਬਾ ਸੁਖਦੇਵ ਸਿੰਘ ਕਾਰ ਸੇਵਾ ਵਾਲਿਆਂ ਨੇ ਕਰਵਾਈ।
ਅੱਜ ਇਸ ਮੀਟਿੰਗ ਹਾਲ ਦੀਆਂ ਚਾਬੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਮੌਜੂਦਗੀ ਵਿਚ ਬਾਬਾ ਸੁਖਦੇਵ ਸਿੰਘ ਕਾਰ ਸੇਵਾ ਵਾਲਿਆਂ ਨੇ ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੂੰ ਸੌਂਪੀਆਂ। ਪ੍ਰਿੰਸੀਪਲ ਡਾ. ਰਜਿੰਦਰ ਕੌਰ ਨੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਅਤੇ ਗ੍ਰਾਮ ਪੰਚਾਇਤ ਝਾਡ਼ ਸਾਹਿਬ ਦਾ ਧੰਨਵਾਦ ਪ੍ਰਗਟਾਇਆ ਜਿਨ੍ਹਾਂ ਆਪਣਾ ਯੋਗਦਾਨ ਪਾਇਆ।
- PTC NEWS