ਭਾਰਤ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲੇ ਦੇ ਸਹਿਯੋਗ ਨਾਲ ਦ ਸ਼ੈਲਟਰਜ਼ ਨੇ "ਐਬਿਸ਼ਨ ਓਵਰ ਐਡਿਕਸ਼ਨ" ਮੁਹਿੰਮ ਦੀ ਕੀਤੀ ਸ਼ੁਰੂਆਤ
ਭਾਰਤ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲੇ ਦੇ ਸਹਿਯੋਗ ਨਾਲ ਸ਼ੈਲਟਰਜ਼ ਨੇ ਆਪਣੀ ਮੁਹਿੰਮ "ਐਬਿਸ਼ਨ ਓਵਰ ਐਡਿਕਸ਼ਨ" (Ambition Over Addiction) ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਵਿੱਚ ਨਸ਼ੇ ਦੀ ਦੁਰਵਰਤੋਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਇੱਕ ਮਕਸਦ-ਅਧਾਰਤ ਜੀਵਨ ਵੱਲ ਪ੍ਰੇਰਿਤ ਕਰਨਾ ਹੈ।
ਦੱਸ ਦਈਏ ਕਿ ਇਸ ਮੁਹਿੰਮ ਦੀ ਸ਼ੁਰੂਆਤ ਸੀਟੀ ਗਰੁੱਪ, ਲੁਧਿਆਣਾ ਵਿਖੇ ਫਲੈਗ ਮਾਰਚ ਨਾਲ ਹੋਈ, ਜੋ ਇਸ ਪਹਿਲਕਦਮੀ ਦੀ ਇੱਕ ਮਜ਼ਬੂਤ ਸ਼ੁਰੂਆਤ ਸੀ। ਇਸ ਮੌਕੇ ਪ੍ਰਸਿੱਧ ਗਾਇਕ ਅਤੇ ਸਾਬਕਾ ਸੰਸਦ ਮੈਂਬਰ ਹੰਸ ਰਾਜ ਹੰਸ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ 'ਤੇ ਕੇਂਦ੍ਰਿਤ ਰਹਿਣ ਲਈ ਧਿਆਨ ਅਭਿਆਸ ਅਪਣਾਉਣ, ਅਨੁਸ਼ਾਸਨ ਬਣਾਈ ਰੱਖਣ ਅਤੇ ਫ਼ੋਨ ਦੀ ਵਰਤੋਂ ਨੂੰ ਸੀਮਤ ਕਰਨ ਲਈ ਪ੍ਰੇਰਿਤ ਕੀਤਾ।
ਇਨ੍ਹਾਂ ਤੋਂ ਇਲਾਵਾ ਨੈਸ਼ਨਲ ਇੰਸਟੀਚਿਊਟ ਆਫ਼ ਸੋਸ਼ਲ ਡਿਫੈਂਸ ਦੇ ਮੈਂਬਰ ਬਿੰਦਰਾ ਗੋਇਲ ਨੇ ਵੀ ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੰਤਰਾਲੇ ਦੇ ਚੱਲ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ।
ਦ ਸ਼ੈਲਟਰਜ਼ ਦੀ ਸੰਸਥਾਪਕ ਸਤਿੰਦਰ ਸੱਤੀ ਨੇ ਵਿਦਿਆਰਥੀਆਂ ਨਾਲ ਇੱਕ ਦਿਲਚਸਪ ਅਤੇ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ। ਉਨ੍ਹਾਂ ਨੇ ਨਸ਼ੇ ਦੀ ਬਜਾਏ ਆਪਣੇ ਟੀਚਿਆਂ ਦੀ ਚੋਣ ਕਰਨ ਅਤੇ ਉਨ੍ਹਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਨਾਲ ਹੀ ਉਨ੍ਹਾਂ ਨੇ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਪ੍ਰਾਪਤ ਕਰਨ ਅਤੇ ਅਰਥਪੂਰਨ ਕਰੀਅਰ ਬਣਾਉਣ ਦੇ ਤਰੀਕੇ ਬਾਰੇ ਵੀ ਮਾਰਗਦਰਸ਼ਨ ਕੀਤਾ।
ਇਸ ਮੌਕੇ ਸੀਟੀ ਗਰੁੱਪ ਦੇ ਪ੍ਰੋ ਵਾਈਸ ਚਾਂਸਲਰ ਡਾ. ਮਨਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਸਿੱਖਿਆ, ਹੁਨਰ ਵਿਕਾਸ ਅਤੇ ਪੰਜਾਬ ਦੇ ਨੌਜਵਾਨਾਂ ਲਈ ਇੱਕ ਉੱਜਵਲ ਭਵਿੱਖ ਬਣਾਉਣ ਦੇ ਆਪਣੇ ਦ੍ਰਿਸ਼ਟੀਕੋਣ ਤੋਂ ਪ੍ਰੇਰਿਤ ਕੀਤਾ।
ਕਾਬਿਲੇਗੌਰ ਹੈ ਕਿ ਇਸ ਮੁਹਿੰਮ ਦਾ ਉਦੇਸ਼ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ, ਰੁਜ਼ਗਾਰ ਜਾਗਰੂਕਤਾ ਪੈਦਾ ਕਰਨਾ ਅਤੇ ਸਿੱਖਿਆ ਤੇ ਸਹਾਇਤਾ ਰਾਹੀਂ ਨਸ਼ਾ ਮੁਕਤ ਪੰਜਾਬ ਦਾ ਨਿਰਮਾਣ ਕਰਨਾ ਹੈ।
- PTC NEWS