India and Pakistan ’ਚ ਤਣਾਅਪੂਰਨ ਹਾਲਾਤ ਮੌਕੇ SGPC ਨੇ ਗੁਰੂ ਘਰਾਂ ’ਚ ਰਿਹਾਇਸ਼ ਤੇ ਲੰਗਰ ਦੀ ਕੀਤੀ ਪਹਿਲਕਦਮੀ
ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇੇ ਸਰਹੱਦੀ ਖੇਤਰਾਂ ਵਾਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਅਜਿਹੇ ਲੋਕਾਂ ਲਈ ਸਰਾਵਾਂ ਰਾਖਵੀਆਂ ਰੱਖਣ ਅਤੇ ਲੰਗਰਾਂ ਦੇ ਪ੍ਰਬੰਧ ਕਰਨ ਦਾ ਆਦੇਸ਼ ਕੀਤਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਭਾਰਤ-ਪਾਕਿਸਤਾਨ ਵਿਚ ਤਲਖ਼ ਹਾਲਾਤਾਂ ਕਰਕੇ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਵਿਖੇ ਰਹਿਣ ਲਈ ਸਰਾਵਾਂ ਅਤੇ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਬੰਧਕਾਂ ਨੂੰ ਇਹ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਸ ਸਬੰਧ ਵਿਚ ਗੁਰਦੁਆਰਾ ਮੈਨੇਜਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਐਡਵੋਕੇਟ ਧਾਮੀ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੂੰਛ ਵਿਖੇ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ।
ਪੂੰਛ ਵਿਖੇ ਹੋਏ ਹਮਲਿਆਂ ਦੌਰਾਨ ਤਿੰਨ ਗੁਰਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ। ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿੱਚ ਇੱਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਪੂੰਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਪੂੰਛ ਵਿਖੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।
- PTC NEWS