Amritsar News : ਭਗਵਾਨ ਵਾਲਮੀਕਿ ਸੇਵਾ ਸੁਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ’ਤੇ ਹਮਲਾ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ
Amritsar News : ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਭਗਵਾਨ ਵਾਲਮੀਕੀ ਸੇਵਾ ਸੋਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਬਾਬਾ ਲਾਡੀ ਨਾਥ ਜੀ ਰਾਤ ਦੇ ਸਮੇਂ ਖਾਸਾ ਤੋਂ ਆਪਣੇ ਘਰ ਵਾਪਸ ਆ ਰਹੇ ਸਨ।
ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋਕੇ ਆਏ ਅਤੇ ਉਨ੍ਹਾਂ ਦੀ ਗੱਡੀ ਉੱਤੇ ਅਚਾਨਕ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਨਾਲ ਗੱਡੀ ਦਾ ਕੱਚ ਟੁੱਟ ਗਿਆ, ਪਰ ਖੁਸ਼ਕਿਸਮਤੀ ਨਾਲ ਬਾਬਾ ਲਾਡੀ ਨਾਥ ਜੀ ਇਸ ਹਮਲੇ ਵਿੱਚ ਸੁਰੱਖਿਅਤ ਬਚ ਗਏ।
ਬਾਬਾ ਲਾਡੀ ਨਾਥ ਜੀ ਨੇ ਦੱਸਿਆ ਕਿ ਹਮਲਾਵਰਾਂ ਨੇ ਆਪਣੇ ਚਿਹਰੇ ਕਪੜਿਆਂ ਨਾਲ ਢੱਕੇ ਹੋਏ ਸਨ, ਜਿਸ ਕਾਰਨ ਉਨ੍ਹਾਂ ਦੀ ਪਹਿਚਾਣ ਨਹੀਂ ਹੋ ਸਕੀ। ਗੋਲੀ ਚਲਾਉਣ ਤੋਂ ਬਾਅਦ ਦੋਵੇਂ ਨੌਜਵਾਨ ਤੇਜ਼ੀ ਨਾਲ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਅਤੇ ਲੋਕਾਂ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ।
ਦੂਜੇ ਪਾਸੇ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦੇ ਹੋਏ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਜੋਗਿੰਦਰ ਸਿੰਘ ਨੇ ਕਿਹਾ ਕਿ ਜਗ੍ਹਾ ਦਾ ਮੌਇਨਾ ਕੀਤਾ ਗਿਆ ਹੈ ਅਤੇ ਨੇੜਲੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਬਾਬਾ ਲਾਡੀ ਨਾਥ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕਰਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੇ ਹਾਦਸੇ ਨਾ ਹੋਣ।
ਇਹ ਵੀ ਪੜ੍ਹੋ : Rajveer Jawanda ਦਾ ਆਖਰੀ ਗੀਤ ਸੋਸ਼ਲ ਮੀਡੀਆ 'ਤੇ ਕਰ ਰਿਹਾ ਟ੍ਰੈਂਡ ,ਹੋਰ ਵੀ ਕਈ ਗਾਣਿਆਂ 'ਤੇ ਬਣ ਰਹੀਆਂ ਨੇ ਰੀਲਾਂ
- PTC NEWS