Amritsar : ਪੰਜਾਬ ਪੁਲਿਸ ਨੇ ਬਿਕਰਮ ਸਿੰਘ ਮਜੀਠੀਆ ਦੇ ਸੇਵਾਦਾਰ ਨੂੰ ਕੀਤਾ ਗ੍ਰਿਫ਼ਤਾਰ, ਵਿਜੀਲੈਂਸ ਦੇ ਕੰਮ 'ਚ ਵਿਘਨ ਪਾਉਣ ਖਿਲਾਫ਼ FIR 'ਚ ਦਰਜ ਕੀਤਾ ਨਾਮ
Bikram Singh Majithia Sewadar Arrest : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਹੁਣ ਉਸ ਦੇ ਇੱਕ ਹੋਰ ਸਾਥੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ, ਪੁਲਿਸ ਨੇ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ 'ਤੇ ਪਿਛਲੇ ਕਈ ਵਰ੍ਹਿਆਂ ਤੋਂ ਸੇਵਾਦਾਰ ਵਜੋਂ ਸੇਵਾ ਨਿਭਾ ਰਹੇ ਦਵਿੰਦਰ ਵੇਰਕਾ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਅਦਾਲਤ 'ਚ ਪੇਸ਼ ਕਰਕੇ ਉਸ ਦਾ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਜਾਣਕਾਰੀ ਅਨੁਸਾਰ, ਦਵਿੰਦਰ ਵੇਰਕਾ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਨੂੰ ਗ੍ਰਿਫ਼ਤਾਰ ਕਰਨ ਸਮੇਂ ਵਿਜੀਲੈਂਸ ਬਿਊਰੋ ਦੇ ਕੰਮ 'ਚ ਵਿਘਨ ਪਾਉਣ ਖਿਲਾਫ਼ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਸ ਵਿੱਚ ਉਸ ਦਾ ਨਾਮ ਸ਼ਾਮਲ ਕੀਤਾ ਗਿਆ ਹੈ। ਪੁਲਿਸ ਨੇ ਇਸ ਮਾਮਲੇ 'ਚ ਹੁਣ ਹਰਦੀਪ ਸਿੰਘ ਉਰਫ ਦਵਿੰਦਰ ਵੇਰਕਾ ਸੇਵਾਦਾਰ ਦਾ 2 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ ਪਿਛਲੇ ਸਾਲ 25 ਜੂਨ 2025 ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਵਿਜੀਲੈਂਸ ਨੇ 2021 ਵਿੱਚ ਕਾਂਗਰਸ ਸਰਕਾਰ ਦੌਰਾਨ ਦਰਜ ਕੀਤੇ ਗਏ ਇਸ ਮਾਮਲੇ ਵਿੱਚ ਮਜੀਠੀਆ ਦੇ ਸਾਬਕਾ ਪੀਏ ਸਮੇਤ ਕੁੱਲ ਛੇ ਲੋਕਾਂ ਖਿਲਾਫ਼ ਕੇਸ ਦਰਜ ਕੀਤਾ ਗਿਆ ਸੀ।
- PTC NEWS