Punjab Operation Prahar : ਅੰਮ੍ਰਿਤਸਰ ਦਿਹਾਤੀ ਪੁਲਿਸ ਦਾ 'ਆਪਰੇਸ਼ਨ ਪ੍ਰਹਾਰ' ਤਹਿਤ ਵੱਡੀ ਕਾਰਵਾਈ; ਕਰੀਬ 40 ਨਸ਼ਾ ਤਸਕਰ ਕਾਬੂ
Punjab Operation Prahar : ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਤਸਕਰਾਂ, ਗੈਂਗਸਟਰਾਂ ਅਤੇ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਨੈੱਟਵਰਕਾਂ ਖ਼ਿਲਾਫ਼ ਵਿੱਢੇ ਗਏ 'ਆਪਰੇਸ਼ਨ ਪ੍ਰਹਾਰ' ਤਹਿਤ ਵੱਡੇ ਪੱਧਰ 'ਤੇ ਕਾਰਵਾਈ ਲਗਾਤਾਰ ਜਾਰੀ ਹੈ। ਜ਼ਿਲ੍ਹੇ ਦੇ ਵੱਖ-ਵੱਖ ਥਾਣਾ ਖੇਤਰਾਂ ਵਿੱਚ ਇੱਕੋ ਸਮੇਂ ਛਾਪੇਮਾਰੀ ਕਰਕੇ ਪੁਲਿਸ ਨੇ ਹੁਣ ਤੱਕ ਕਰੀਬ 40 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੁਹਿੰਮ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਅਤੇ ਸਰਹੱਦੀ ਤਸਕਰੀ ਵਿਰੁੱਧ ਚਲਾਈ ਜਾ ਰਹੀ ਸਭ ਤੋਂ ਵੱਡੀਆਂ ਕਾਰਵਾਈਆਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ।
'ਆਪਰੇਸ਼ਨ ਪ੍ਰਹਾਰ' ਤਹਿਤ ਵੱਡੀ ਕਾਰਵਾਈ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਦੀਆਂ ਟੀਮਾਂ ਸਵੇਰ ਤੋਂ ਹੀ ਜ਼ਿਲ੍ਹੇ ਦੇ ਕਈ ਇਲਾਕਿਆਂ ਵਿੱਚ ਇੱਕੋ ਸਮੇਂ ਸਰਚ ਆਪਰੇਸ਼ਨ ਚਲਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਕਾਰਵਾਈ ਦੌਰਾਨ ਇੱਕ ਵੱਡੇ ਨਸ਼ਾ ਤਸਕਰ ਸੁਖਦੇਵ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਕਈ ਹੋਰ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨਸ਼ਾ ਤਸਕਰੀ ਨਾਲ ਜੁੜੇ ਹੋਰ ਨੈੱਟਵਰਕਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
ਕਈ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ
ਡੀਆਈਜੀ ਨੇ ਦੱਸਿਆ ਕਿ ਸਰਹੱਦ ਨਾਲ ਲੱਗਦੇ ਪਿੰਡ ਮਹੁਾਵਾ ਅਤੇ ਨੇਸ਼ਟਾ ਡਰੋਨਾਂ ਰਾਹੀਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਲਈ ਸੰਵੇਦਨਸ਼ੀਲ ਕੇਂਦਰ ਬਣ ਚੁੱਕੇ ਹਨ। ਇਸ ਕਾਰਨ ਪੁਲਿਸ ਨੇ ਇਨ੍ਹਾਂ ਪਿੰਡਾਂ ਨੂੰ ਖਾਸ ਤੌਰ 'ਤੇ ਨਿਸ਼ਾਨੇ 'ਤੇ ਰੱਖਿਆ ਹੋਇਆ ਹੈ ਅਤੇ ਇੱਥੇ ਸਖ਼ਤ ਨਿਗਰਾਨੀ ਦੇ ਨਾਲ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਸਰਹੱਦ ਪਾਰ ਤੋਂ ਚੱਲ ਰਹੇ ਤਸਕਰੀ ਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ।
ਡਰੋਨਾਂ ਦੀਆਂ ਗਤੀਵਿਧੀਆਂ 'ਤੇ ਕਾਫ਼ੀ ਹੱਦ ਤੱਕ ਕਾਬੂ- ਡੀਆਈਜੀ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਹੱਦੀ ਖੇਤਰਾਂ ਵਿੱਚ ਲਗਾਏ ਗਏ ਐਂਟੀ-ਡਰੋਨ ਸਿਸਟਮ ਕਾਰਨ ਪਾਕਿਸਤਾਨ ਵੱਲੋਂ ਭੇਜੇ ਜਾਣ ਵਾਲੇ ਡਰੋਨਾਂ ਦੀਆਂ ਗਤੀਵਿਧੀਆਂ 'ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਗਿਆ ਹੈ। ਇਸ ਤਕਨੀਕੀ ਪ੍ਰਬੰਧ ਨਾਲ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਵਿੱਚ ਪੁਲਿਸ ਨੂੰ ਵੱਡੀ ਮਦਦ ਮਿਲ ਰਹੀ ਹੈ।
ਡੀਆਈਜੀ ਹਰਮਨਬੀਰ ਸਿੰਘ ਗਿੱਲ ਨੇ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੀ ਮਰਜ਼ੀ ਨਾਲ ਤੁਰੰਤ ਸਰੈਂਡਰ ਕਰ ਦੇਣ। ਜੇਕਰ ਉਹ ਕਾਨੂੰਨ ਤੋਂ ਭੱਜਣ ਦੀ ਕੋਸ਼ਿਸ਼ ਕਰਨਗੇ ਤਾਂ ਪੁਲਿਸ ਉਨ੍ਹਾਂ ਨੂੰ ਹਰ ਹਾਲ ਵਿੱਚ ਗ੍ਰਿਫ਼ਤਾਰ ਕਰੇਗੀ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅਜਿਹੀਆਂ ਕਾਰਵਾਈਆਂ ਆਉਣ ਵਾਲੇ ਸਮੇਂ ਵਿੱਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹਿਣਗੀਆਂ।
- PTC NEWS