Punjab News : ANTF ਵੱਲੋਂ 2025 ਦੀ ਸਭ ਤੋਂ ਵੱਡੀ ਹੈਰੋਇਨ ਦੀ ਖੇਪ ਬਰਾਮਦ ,18.227 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਤਸਕਰ ਕਾਬੂ, ਪਾਕਿਸਤਾਨੀ ਤਸਕਰ 'ਬਿੱਲਾ' ਨਾਲ ਸਨ ਸਬੰਧ
Drug smuggler arrested with 18.227 kg heroin : ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਬਾਰਡਰ ਰੇਂਜ ਅੰਮ੍ਰਿਤਸਰ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਹੀਰਾ ਸਿੰਘ ਵਾਸੀ ਪਿੰਡ ਖੈਰਾ ਥਾਣਾ ਘਰਿੰਡਾ ਅੰਮ੍ਰਿਤਸਰ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸਦੇ ਕਬਜ਼ੇ ਵਿੱਚੋਂ 18.227 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਜਾਂਚ ਤੋਂ ਪਤਾ ਲੱਗਾ ਹੈ ਕਿ ਹੀਰਾ ਸਿੰਘ ਅਤੇ ਉਸਦਾ ਸਾਥੀ ਕੁਲਵਿੰਦਰ ਸਿੰਘ ਉਰਫ਼ ਕਿੰਦਾ (ਪਿੰਡ ਦਾਉਕੇ, ਥਾਣਾ ਘਰਿੰਡਾ) ਪਾਕਿਸਤਾਨੀ ਨਸ਼ਾ ਤਸਕਰ 'ਬਿੱਲਾ' ਦੇ ਸੰਪਰਕ ਵਿੱਚ ਸਨ।
ਇਹ ਦੋਵੇਂ ਤਸਕਰ ਦੇ ਨਿਰਦੇਸ਼ਾਂ 'ਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਤਸਕਰੀ ਕਰਦੇ ਸਨ ਅਤੇ ਪੰਜਾਬ ਵਿੱਚ ਸਪਲਾਈ ਕਰਦੇ ਸਨ। ਭਾਵੇਂ ਹੀਰਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਪਰ ਉਸਦਾ ਸਾਥੀ ਕੁਲਵਿੰਦਰ ਸਿੰਘ ਅਜੇ ਵੀ ਫਰਾਰ ਹੈ। ਪੁਲਿਸ ਟੀਮਾਂ ਉਸਦੇ ਟਿਕਾਣਿਆਂ 'ਤੇ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਸੁਰੱਖਿਆ ਏਜੰਸੀਆਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਸਾਡੀ ਰਣਨੀਤਕ ਕਾਰਵਾਈ ਦਾ ਹਿੱਸਾ ਹੈ। ਅਸੀਂ ਪਾਕਿਸਤਾਨ ਸਥਿਤ ਡਰੱਗ ਨੈੱਟਵਰਕ ਨੂੰ ਤਬਾਹ ਕਰਨ ਲਈ ਹਰ ਪੱਧਰ 'ਤੇ ਸਖ਼ਤ ਕਾਰਵਾਈ ਕਰ ਰਹੇ ਹਾਂ। ਹੀਰਾ ਸਿੰਘ ਤੋਂ ਪੁੱਛਗਿੱਛ ਜਾਰੀ ਹੈ ਅਤੇ ਜਲਦੀ ਹੀ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਜਾਵੇਗਾ।
ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਇਕ ਪੋਸਟ ਵਿਚ ਕਿਹਾ, ‘‘ਐਂਟੀ ਨਾਰਕੋਟਿਕਸ ਟਾਸਕ ਫੋਰਸ, ਬਾਰਡਰ ਰੇਂਜ ਅੰਮ੍ਰਿਤਸਰ ਨੇ ਆਪਸੀ ਤਾਲਮੇਲ ਨਾਲ ਕੀਤੀ ਇਕ ਕਾਰਵਾਈ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਘਰਿੰਡਾ ਵਿਚ ਖੈਰਾ ਪਿੰਡ ਦੇ ਹੀਰਾ ਸਿੰਘ ਉਰਫ਼ ਹੀਰਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ 18.227 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਇਸ ਸਾਲ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਬਰਾਮਦਗੀਆਂ ਵਿੱਚੋਂ ਇੱਕ ਹੈ।
- PTC NEWS