ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਦਾਗ਼ਣ ਦੀ ਬਾਜਵਾ ਵੱਲੋਂ ਨਿਖੇਧੀ
ਚੰਡੀਗੜ੍ਹ- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਦਿੱਲੀ ਵੱਲ ਮਾਰਚ ਕਰਨ ਤੋਂ ਰੋਕਣ ਲਈ ਬਹੁਤ ਜ਼ਿਆਦਾ ਪੁਲਿਸ ਬਲ ਦੀ ਵਰਤੋਂ ਕਰਨ ਅਤੇ ਅੱਥਰੂ ਗੈਸ ਦੇ ਗੋਲੇ ਚਲਾਉਣ ਲਈ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ 101 ਕਿਸਾਨਾਂ ਦੇ ਸਮੂਹ ਮਰਜੀਵੜਾ ਜਥੇ ਨੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਨੂੰ ਕਾਨੂੰਨੀ ਰੂਪ ਦੇਣ ਸਮੇਤ ਆਪਣੀਆਂ ਜਾਇਜ਼ ਮੰਗਾਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਦਬਾਅ ਬਣਾਉਣ ਲਈ ਅੱਜ ਦਿੱਲੀ ਵੱਲ ਪੈਦਲ ਮਾਰਚ ਸ਼ੁਰੂ ਕੀਤਾ। ਉਨ੍ਹਾਂ ਨੂੰ ਇੱਕ ਵਾਰ ਫਿਰ ਸ਼ੰਭੂ ਬਾਰਡਰ 'ਤੇ ਹਰਿਆਣਾ ਪੁਲਿਸ ਦੀ ਬੇਰਹਿਮੀ ਦਾ ਸਾਹਮਣਾ ਕਰਨਾ ਪਿਆ।
ਹਰਿਆਣਾ ਸਰਕਾਰ ਵੱਲੋਂ ਕਲ ਤੋਂ ਹੀ ਸਾਰੇ ਨਾਜ਼ੁਕ ਸਥਾਨਾਂ 'ਤੇ ਭਾਰੀ ਪੁਲਿਸ ਤਾਇਨਾਤ ਕੀਤੀ ਗਈ ਹੈ। ਦਿੱਲੀ ਵੱਲ ਮਾਰਚ ਸ਼ੁਰੂ ਕਰਨ ਵਾਲੇ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਬਾਜਵਾ ਨੇ ਕਿਹਾ ਕਿ ਹਰਿਆਣਾ ਪੁਲਿਸ ਦੀ ਇਸ ਵਹਿਸ਼ੀ ਕਾਰਵਾਈ ਵਿੱਚ ਕਈ ਕਿਸਾਨ ਜ਼ਖਮੀ ਹੋਏ ਹਨ।
ਬਾਜਵਾ ਨੇ ਕਿਹਾ ਕਿ ਪਿਛਲੀ ਮੋਹਨ ਲਾਲ ਖੱਟਰ ਸਰਕਾਰ ਦੇ ਨਕਸ਼ੇ ਕਦਮਾਂ 'ਤੇ ਚੱਲਦਿਆਂ ਨਾਇਬ ਸਿੰਘ ਸੈਣੀ ਦੀ ਅਗਵਾਈ ਵਾਲੀ ਜ਼ਾਲਮ ਹਰਿਆਣਾ ਸਰਕਾਰ ਕਿਸਾਨਾਂ ਦੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਨੂੰ ਦਬਾਉਣ 'ਤੇ ਤੁਲੀ ਹੋਈ ਹੈ, ਜੋ ਕਿ ਬਹੁਤ ਹੀ ਗੈਰ-ਲੋਕਤੰਤਰੀ ਕਦਮ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਕਿਸਾਨ ਉਨ੍ਹਾਂ ਦੇ ਸੂਬੇ 'ਚ ਵਿਰੋਧ ਪ੍ਰਦਰਸ਼ਨ ਨਹੀਂ ਕਰ ਰਹੇ ਹਨ। ਉਹ ਦਿੱਲੀ ਤੱਕ ਪਹੁੰਚਣ ਲਈ ਹਰਿਆਣਾ ਨੂੰ ਇੱਕ ਰਸਤੇ ਵਜੋਂ ਵਰਤ ਰਹੇ ਹਨ। ਬਾਜਵਾ ਨੇ ਕਿਹਾ ਕਿ ਸਾਰੇ ਹੈਰਾਨ ਹਨ ਕਿ ਹਰਿਆਣਾ ਸਰਕਾਰ ਇਸ ਤੋਂ ਪਰੇਸ਼ਾਨ ਕਿਉਂ ਹੈ।
ਬਾਜਵਾ ਨੇ ਕਿਹਾ ਕਿ ਹਰ ਭਾਰਤੀ ਨਾਗਰਿਕ ਨੂੰ ਆਪਣੀ ਰਾਜਧਾਨੀ ਵਿੱਚ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਅਤੇ ਆਪਣੀ ਆਵਾਜ਼ ਸੁਣਾਉਣ ਦਾ ਅਧਿਕਾਰ ਹੈ। ਇਸ ਦੌਰਾਨ ਹਰਿਆਣਾ ਦੀ ਤਾਨਾਸ਼ਾਹੀ ਭਾਜਪਾ ਸਰਕਾਰ ਨੇ ਜੋ ਕੀਤਾ ਹੈ, ਉਹ ਬਹੁਤ ਮੰਦਭਾਗਾ ਅਤੇ ਨਿੰਦਣਯੋਗ ਹੈ।
ਬਾਜਵਾ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦੇਣ ਦਾ ਲਾਭ ਸਿਰਫ਼ ਪੰਜਾਬੀ ਕਿਸਾਨਾਂ ਨੂੰ ਹੀ ਨਹੀਂ ਮਿਲੇਗਾ, ਸਗੋਂ ਹਰਿਆਣਾ ਸਮੇਤ ਪੂਰੇ ਦੇਸ਼ ਦੇ ਕਿਸਾਨਾਂ ਨੂੰ ਰਾਹਤ ਦਾ ਸਾਹ ਮਿਲੇਗਾ।
- PTC NEWS