Bathinda Bus Accident Update : ਮੁਆਵਜ਼ੇ ਨੂੰ ਲੈ ਕੇ ਵਾਰਸਾਂ ਨੇ ਸਿਵਲ ਹਸਪਤਾਲ ਅੱਗੇ ਲਾਇਆ ਧਰਨਾ, ਮ੍ਰਿਤਕ ਦੇਹਾਂ ਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ
Bathinda Bus Accident Update : ਤਲਵੰਡੀ ਸਾਬੋ ਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਬੀਤੇ ਕੱਲ੍ਹ ਗੰਦੇ ਨਾਲੇ 'ਚ ਬੱਸ ਡਿੱਗਣ ਕਾਰਣ 8 ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਨੂੰ ਲੈ ਕੇ ਪੀੜਤ ਪਰਿਵਾਰਾਂ ਵਿੱਚ ਪੰਜਾਬ ਸਰਕਾਰ ਖਿਲਾਫ਼ ਤਿੱਖਾ ਰੋਸ ਪਾਇਆ ਜਾ ਰਿਹਾ ਹੈ। ਮ੍ਰਿਤਕਾਂ ਦੇ ਵਾਰਸਾਂ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਧਰਨਾ ਲਾ ਕੇ ਰੋਸ ਕੀਤਾ ਜਾ ਰਿਹਾ ਹੈ।
ਰੋਸ ਧਰਨੇ ਦੌਰਾਨ ਪੀੜਤਾਂ ਨੇ ਕਿਸੇ ਸਰਕਾਰੀ ਨੁਮਾਇੰਦੇ ਨਾਲ ਗੱਲਬਾਤ ਹੋਣ ਅਤੇ ਸਹਾਇਤਾ ਦੇ ਐਲਾਨ ਕਰਨ ਤੱਕ ਮ੍ਰਿਤਕਾਂ ਦਾ ਅੰਤਿਮ ਸਸਕਾਰ ਨਾ ਕਰਨ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਸਮਰਥਨ 'ਚ ਆਈਆਂ ਕਈ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਤਾਂ ਮੁਆਵਜ਼ਾ ਐਲਾਨ ਦਿੱਤਾ ਹੈ ਪਰ ਪੰਜਾਬ ਸਰਕਾਰ ਦਾ ਕੋਈ ਨੁਮਾਇੰਦਾ ਅਜੇ ਤੱਕ ਦੁੱਖ ਤੱਕ ਪ੍ਰਗਟ ਕਰਨ ਨਹੀਂ ਪਹੁੰਚਿਆ।
ਕਾਬਿਲੇਗੌਰ ਹੈ ਕਿ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਵਿੱਚ ਸ਼ੁੱਕਰਵਾਰ ਨੂੰ ਇੱਕ ਨਿੱਜੀ ਕੰਪਨੀ ਦੀ ਬੱਸ (ਪੀਬੀ 11 ਡੀਬੀ-6631) ਬੇਕਾਬੂ ਹੋ ਕੇ ਨਾਲੇ ਵਿੱਚ ਡਿੱਗ ਗਈ, ਜਿਸ 'ਚ ਡਰਾਈਵਰ ਸਮੇਤ 8 ਲੋਕਾਂ ਦੀ ਮੌਤ ਹੋ ਗਈ, ਜਦਕਿ 24 ਤੋਂ ਵੱਧ ਲੋਕ ਜ਼ਖਮੀ ਹੋ ਗਏ। ਮਰਨ ਵਾਲਿਆਂ ਵਿਚ 2 ਸਾਲਾ ਬੱਚੀ ਅਤੇ ਉਸ ਦੀ ਮਾਂ ਵੀ ਸ਼ਾਮਲ ਹੈ।
ਕੀ ਹਨ ਪੀੜਤਾਂ ਦੀਆਂ ਮੰਗਾਂ ?
ਪੀੜਤ ਪਰਿਵਾਰਾਂ ਨੇ ਰੋਸ ਪ੍ਰਗਟ ਕਰਦਿਆਂ ਸਰਕਾਰ ਤੋਂ ਮ੍ਰਿਤਕਾਂ ਦੇ ਵਾਰਸਾਂ ਨੂੰ 10 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਜੀਅ ਨੂੰ ਨੌਕਰੀ ਦੀ ਮੰਗ ਕੀਤੀ ਹੈ। ਇਸ ਨਾਲ ਹੀ ਬੱਸ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦਾ ਚੰਗੇ ਹਸਪਤਾਲਾਂ ਵਿੱਚ ਮੁਫਤ ਇਲਾਜ ਕਰਾਉਣ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Dr. Manmohan Singh : ਡਾ. ਮਨਮੋਹਨ ਸਿੰਘ ਦਾ 'ਨੀਲੀ ਪੱਗ' ਨਾਲ ਸੀ ਵਿਸ਼ੇਸ਼ ਲਗਾਅ, ਜਾਣੋ ਇਸ ਪਿੱਛੇ ਦੀ ਕਹਾਣੀ
- PTC NEWS