Amandeep Kaur : ਬਠਿੰਡਾ ਅਦਾਲਤ ਨੇ 'ਚਿੱਟਾ Queen' ਅਮਨਦੀਪ ਕੌਰ ਨੂੰ 3 ਦਿਨ ਦੇ ਰਿਮਾਂਡ 'ਤੇ ਭੇਜਿਆ, ਵਿਜੀਲੈਂਸ ਕਰੇਗੀ ਪੁੱਛਗਿੱਛ
Amandeep Kaur : ਵਿਜੀਲੈਂਸ ਬਿਊਰੋ ਬਠਿੰਡਾ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੀ ਗਈ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੋਂ ਵਿਜੀਲੈਂਸ ਨੂੰ ਉਸ ਦਾ ਤਿੰਨ ਦਿਨਾਂ ਦਾ ਰਿਮਾਂਡ ਮਿਲਿਆ ਹੈ। ਵਿਜੀਲੈਂਸ ਬਿਊਰੋ ਬਠਿੰਡਾ ਦੇ ਡੀ.ਐਸ.ਪੀ. ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਅਮਨਦੀਪ ਕੌਰ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਉਸ ਦੇ ਪੰਜ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ ਪਰ ਅਦਾਲਤ ਨੇ ਉਸ ਦਾ ਤਿੰਨ ਦਿਨਾਂ ਦਾ ਰਿਮਾਂਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਸਾਰੇ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।
ਬੀਤੇ ਕੱਲ ਪੰਜਾਬ ਪੁਲਿਸ ਨੇ ਅਮਨਦੀਪ ਕੌਰ ਵਿਰੁੱਧ ਕਾਰਵਾਈ ਕਰਦਿਆਂ ਉਸਦੀ 1.35 ਕਰੋੜ ਰੁਪਏ ਤੋਂ ਵੱਧ ਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ 2 ਅਪ੍ਰੈਲ 2025 ਨੂੰ ਥਾਣਾ ਕੈਨਾਲ ਕਲੋਨੀ ਵਿਖੇ ਦਰਜ ਐਫਆਈਆਰ ਨੰਬਰ 65 ਦੇ ਤਹਿਤ ਕੀਤੀ ਗਈ ਹੈ, ਜੋ ਕਿ ਐਨਡੀਪੀਐਸ ਐਕਟ ਦੀ ਧਾਰਾ 21ਬੀ, 61 ਅਤੇ 85 ਦੇ ਤਹਿਤ ਦਰਜ ਹੈ।
ਬਠਿੰਡਾ ਜ਼ਿਲ੍ਹੇ ਦੇ ਪਿੰਡ ਚੱਕ ਫਤਿਹ ਸਿੰਘ ਵਾਲਾ ਦੀ ਰਹਿਣ ਵਾਲੀ ਅਮਨਦੀਪ ਕੌਰ ਜਸਵੰਤ ਸਿੰਘ ਦੀ ਧੀ ਹੈ ਅਤੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਸੀ ਪਰ ਮੁੱਢਲੀ ਜਾਂਚ ਵਿੱਚ ਗੰਭੀਰ ਸ਼ੱਕ ਉੱਠਣ ਤੋਂ ਬਾਅਦ ਉਸਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਉਸਦੇ ਖਿਲਾਫ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਹੋਰ ਜਾਂਚ ਤੋਂ ਪਤਾ ਲੱਗਾ ਕਿ ਉਸ ਕੋਲ ਕਈ ਜਾਇਦਾਦਾਂ ਸਨ, ਜਿਨ੍ਹਾਂ ਦੀ ਆਮਦਨ ਦਾ ਸਰੋਤ ਸਪੱਸ਼ਟ ਨਹੀਂ ਸੀ ਅਤੇ ਜਿਨ੍ਹਾਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਰਾਹੀਂ ਕਮਾਏ ਪੈਸੇ ਤੋਂ ਪ੍ਰਾਪਤ ਕੀਤੇ ਜਾਣ ਦਾ ਸ਼ੱਕ ਸੀ।
- PTC NEWS