BBMB water dispute 'ਤੇ ਅੱਜ ਹਾਈ ਕੋਰਟ 'ਚ ਹੋਵੇਗੀ ਸੁਣਵਾਈ ,ਹਰਿਆਣਾ ਅਤੇ ਕੇਂਦਰ ਸਰਕਾਰ ਪੇਸ਼ ਕਰਨਗੀਆਂ ਦਲੀਲਾਂ ; ਪੰਜਾਬ ਸਰਕਾਰ ਦਾਖਲ ਕਰ ਚੁੱਕੀ ਹੈ ਜਵਾਬ
BBMB water dispute : ਭਾਖੜਾ ਦੇ ਪਾਣੀ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਚੱਲ ਰਹੇ ਵਿਵਾਦ ’ਤੇ ਅੱਜ ਤੀਜੇ ਦਿਨ ਸੁਣਵਾਈ ਹੋਵੇਗੀ। ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਇਰ ਕਰ ਦਿੱਤਾ ਹੈ। ਅੱਜ ਹਰਿਆਣਾ ਅਤੇ ਕੇਂਦਰ ਸਰਕਾਰ ਆਪਣੀਆਂ ਦਲੀਲਾਂ ਪੇਸ਼ ਕਰਨਗੀਆਂ। ਇਸ ਤੋਂ ਬਾਅਦ ਅਦਾਲਤ ਇਸ ਸੰਬੰਧ ਵਿਚ ਆਪਣਾ ਫੈਸਲਾ ਦੇਵੇਗੀ।
ਹਰਿਆਣਾ ਨੂੰ ਨਵੇਂ ਕੋਟੇ ਤਹਿਤ ਨਿਰਧਾਰਤ ਮਾਤਰਾ ਵਿਚ ਪਾਣੀ ਛੱਡ ਦਿੱਤਾ ਗਿਆ ਹੈ। ਦੂਜੇ ਪਾਸੇ, ਡੈਮ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨੀਤੀ ਆਯੋਗ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਵੀ ਇਹ ਮੁੱਦਾ ਚੁੱਕਿਆ ਸੀ।
ਸੀਆਈਐਸਐਫ ਦੀ ਤਾਇਨਾਤੀ ਨੂੰ ਲੈ ਕੇ ਵੀ ਵਿਵਾਦ
ਜਦੋਂ ਕੇਂਦਰ ਸਰਕਾਰ ਪਾਣੀ ਦੇ ਵਿਵਾਦ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਤਾਂ 19 ਮਈ ਨੂੰ ਸੀਆਈਐਸਐਫ ਨੂੰ ਡੈਮ ਦੀ ਰਾਖੀ ਦੀ ਇਜਾਜ਼ਤ ਦੇ ਦਿੱਤੀ ਗਈ। ਇਸ ਲਈ 296 ਕਰਮਚਾਰੀਆਂ ਦੀ ਇਕਾਈ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੀਆਈਐਸਐਫ ਨੇ ਬੀਬੀਐਮਬੀ ਨੂੰ ਇੱਕ ਪੱਤਰ ਭੇਜ ਕੇ ਮੌਜੂਦਾ ਵਿੱਤੀ ਸਾਲ ਲਈ 8.59 ਕਰੋੜ ਰੁਪਏ ਜਮ੍ਹਾ ਕਰਵਾਉਣ ਲਈ ਕਿਹਾ ਹੈ ਅਤੇ ਨਾਲ ਹੀ ਰਿਹਾਇਸ਼ ਅਤੇ ਆਵਾਜਾਈ ਆਦਿ ਦੇ ਪ੍ਰਬੰਧ ਕਰਨ ਲਈ ਵੀ ਕਿਹਾ ਹੈ। ਹਾਲਾਂਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ 'ਤੇ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਪੁਲਿਸ ਇਹ ਕੰਮ ਮੁਫ਼ਤ ਵਿੱਚ ਕਰ ਰਹੀ ਹੈ ਤਾਂ ਇਸ ਲਈ ਪੈਸੇ ਕਿਉਂ ਦਿੱਤੇ ਜਾਣ?
- PTC NEWS