'AAP ਦਾ ਵਰਕਰ ਬਣ ਕੇ ਕੰਮ ਕਰ ਰਹੇ ਗਿਆਨੀ ਰਘਬੀਰ ਸਿੰਘ', ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੁਖਬੀਰ ਸਿੰਘ ਬਾਦਲ ਦਾ ਤਿੱਖਾ ਹਮਲਾ
Behbal Kalan Firing Incident : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ (SIT) ਕੋਲ ਬਿਆਨ ਦਰਜ ਕਰਵਾਏ ਹਨ। ਦੱਸ ਦਈਏ ਕਿ ਇਹ ਘਟਨਾਕ੍ਰਮ ਉਸ ਸਮੇਂ ਸਾਹਮਣੇ ਆਇਆ ਹੈ, ਜਦੋਂ ਵਿਧਾਨ ਸਭਾ ਚੋਣਾਂ ਵਿੱਚ ਕੁੱਝ ਹੀ ਮਹੀਨੇ ਰਹਿ ਗਏ ਹਨ, ਜਿਸ ਤੋਂ ਸਿਆਸੀ ਮਾਹਰ ਇਸ ਨੂੰ ਸਿਆਸਤ ਨਾਲ ਵੀ ਜੋੜ ਕੇ ਵੇਖ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਾਂ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਵੱਜੋਂ ਕੰਮ ਕਰ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਹ ਗੱਲ੍ਹਾ ਸ਼ੋਭਾ ਨਹੀਂ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਉੱਚ ਸਥਾਨਾਂ ’ਤੇ ਰਹਿਣ ਵਾਲਿਆਂ ਨੂੰ ਝੂਠ ਨਹੀਂ ਬੋਲਣਾ ਚਾਹੀਦਾ ਹੈ। ਉਨ੍ਹਾਂ ਸਾਬਕਾ ਜਥੇਦਾਰ 'ਤੇ ਇਲਜ਼ਾਮ ਲਾਇਆ ਕਿ ਇਹ ਆਮ ਆਦਮੀ ਪਾਰਟੀ ਦੇ ਮੈਂਬਰ ਬਣ ਗਏ ਹਨ।
ਧਰਮ ਨੂੰ ਸਿਆਸਤ ਲਈ ਵਰਤਣਾ ਬੰਦ ਕਰੋ : ਸੁਖਬੀਰ ਸਿੰਘ ਬਾਦਲ
ਸੁਖਬੀਰ ਬਾਦਲ ਨੇ ਸਰਕਾਰ ਨੂੰ ਸਿੱਧੀ ਅਤੇ ਖੁੱਲ੍ਹੀ ਚਿਤਾਵਨੀ ਦਿੰਦਿਆਂ ਕਿਹਾ ਕਿ ਧਰਮ ਨੂੰ ਸਿਆਸਤ ਲਈ ਵਰਤਣਾ ਬੰਦ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜੋ ਵੀ ਉਨ੍ਹਾਂ ਨੇ ਗੋਲੀਕਾਂਡ ਬਾਰੇ ਮੰਨਿਆ ਸੀ, ਉਹ ਸਭ ਦੇ ਸਾਹਮਣੇ ਕਿਹਾ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਕਿਉਂਕਿ ਸਾਡੀ ਸਰਕਾਰ ਸੀ, ਇਸ ਲਈ ਮੈਂ ਖੁਦ ਇਸ ਨੂੰ ਆਪਣੀ ਝੋਲੀ ਵਿੱਚ ਪੁਆਇਆ ਸੀ। ਉਨ੍ਹਾਂ ਕਿਹਾ ਕਿ ਜੇਕਰ ਹਿੰਮਤ ਹੈ ਤਾਂ ਸਿੱਧਾ ਮੇਰੇ ’ਤੇ ਕਾਰਵਾਈ ਕਰੋ, ਮੈਂ ਤੁਹਾਡੀਆਂ ਅਜਿਹੀਆਂ ਗਿੱਦੜ-ਧਮਕੀਆਂ ਤੋਂ ਕਿਸੇ ਵੀ ਕੀਮਤ ’ਤੇ ਡਰਨ ਵਾਲਾ ਨਹੀਂ ਹਾਂ।
ਗਿਆਨੀ ਰਘਬੀਰ ਸਿੰਘ ਨੇ ਬਿਆਨਾਂ 'ਚ ਕੀ ਕਿਹਾ ?
ਗਿਆਨੀ ਰਘੁਬੀਰ ਸਿੰਘ ਨੇ ਦਾਅਵਾ ਕੀਤਾ ਕਿ ਸੁਖਬੀਰ ਸਿੰਘ ਬਾਦਲ ਨੇ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਦੌਰਾਨ ਬਹਿਬਲ ਗੋਲੀਬਾਰੀ ਘਟਨਾ ਲਈ ਆਪਣੀ ਜ਼ਿੰਮੇਵਾਰੀ ਕਬੂਲ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਇਕਬਾਲੀਆ ਬਿਆਨ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਜਨਤਕ ਤੌਰ 'ਤੇ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਦੀ ਘਟਨਾ ਨੇ ਸਮੁੱਚੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਇਸ ਮਾਮਲੇ ਵਿੱਚ ਸੱਚਾਈ ਦਾ ਪਰਦਾਫਾਸ਼ ਕਰਨਾ ਜ਼ਰੂਰੀ ਹੈ।
14 ਅਕਤੂਬਰ 2015 ਨੂੰ ਵਾਪਰੀ ਸੀ ਘਟਨਾ
ਇਹ ਜ਼ਿਕਰਯੋਗ ਹੈ ਕਿ 14 ਅਕਤੂਬਰ, 2015 ਨੂੰ ਬਹਿਬਲ ਕਲਾਂ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਗੋਲੀਬਾਰੀ ਕੀਤੀ ਸੀ, ਜਿਸ ਦੇ ਨਤੀਜੇ ਵਜੋਂ ਦੋ ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਈ ਹੋਰ ਜ਼ਖਮੀ ਹੋ ਗਏ ਸਨ। ਇਹ ਮਾਮਲਾ ਪੰਜਾਬ ਦੇ ਰਾਜਨੀਤਿਕ ਅਤੇ ਧਾਰਮਿਕ ਹਲਕਿਆਂ ਵਿੱਚ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਰਿਹਾ ਹੈ, ਜਿਸ ਵਿੱਚ ਐਸਆਈਟੀ ਨੇ ਪੁਲਿਸ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਹੈ ਅਤੇ ਇਸ ਮਾਮਲੇ ਦੀ ਸੁਣਵਾਈ ਇਸ ਸਮੇਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੀ ਹੈ ਅਤੇ ਐਸਆਈਟੀ ਦੀ ਜਾਂਚ ਜਾਰੀ ਹੈ।
- PTC NEWS