Bhagwant Mann ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ’ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼ : ਐਡਵੋਕੇਟ ਧਾਮੀ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ’ਤੇ ਗੰਭੀਰ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਜਾਣਬੁੱਝ ਕੇ ਦਖਲ ਦਿੱਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ।
ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ’ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਸਰਕਾਰ ਅਸਫਲ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਵੀ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਵੱਲੋਂ ਚੁਣੀ ਹੋਈ ਸੰਸਥਾ ਹੈ, ਜਿਸਦੀ ਆਜਾਦ ਹੋਂਦ ਹਸਤੀ ਅਤੇ ਸੰਵਿਧਾਨਕ ਮਰਯਾਦਾ ਨੂੰ ਉਲੰਘ ਕੇ ਮਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਨੂੰ ਕਿਸੇ ਏਜੰਡੇ ਤਹਿਤ ਕਮਜ਼ੋਰ ਕਰਨ ਦੀ ਨੀਤੀ ਉੱਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ ਕਿ ਕੋਈ ਸਰਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਨੂੰ ਜਾਣਬੁੱਝ ਕੇ ਗਲਤ ਰੰਗ ਵਿਚ ਪੇਸ਼ ਕਰਕੇ ਵਾਰਾ ਖਾਂਦੀ ਸਿਆਸਤ ਕਰੇ।
ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ 328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਨਜਿੱਠੇ ਜਾ ਚੁੱਕੇ ਮਾਮਲੇ ਵਿਚ ਪੰਜਾਬ ਸਰਕਾਰ ਸਿਆਸਤ ਕਰਨ ਤੋਂ ਬਾਜ ਆਵੇ ਅਤੇ ਇਸ ਸਬੰਧੀ ਕਰੜੇ ਸੰਘਰਸ਼ ਲਈ ਮਜ਼ਬੂਰ ਨਾ ਕਰੇ।
- PTC NEWS