ਭਾਈ ਅਮਰਜੀਤ ਚਾਵਲਾ ਨੇ SGPC ਪ੍ਰਧਾਨ ਖਿਲਾਫ਼ ਬਿਆਨਬਾਜ਼ੀ 'ਤੇ CM ਮਾਨ ਨੂੰ ਘੇਰਿਆ, ਕਿਹਾ - ਪੰਜਾਬ 'ਚ ਪੈਦਾ ਕੀਤਾ ਜਾ ਰਿਹਾ ਤਣਾਅ
ਸ੍ਰੀ ਆਨੰਦਪੁਰ ਸਾਹਿਬ (ਬੀ.ਐੱਸ. ਚਾਨਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ (Amarjit Singh Chawla) ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv. Harjinder Singh Dhami) ਖ਼ਿਲਾਫ ਮੁੱਖ ਮੰਤਰੀ ਵਲੋਂ ਕੀਤੀ ਗਈ ਬਿਆਨਬਾਜ਼ੀ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬੈਠੇ ਆਪਣੇ ਆਕਾਵਾਂ ਦੇ ਕਹਿਣ ’ਤੇ ਮੁੱਖ ਮੰਤਰੀ ਅਜਿਹੇ ਗੈਰ-ਜ਼ਿੰਮੇਵਾਰਾਨਾ ਬਿਆਨ ਦੇ ਕੇ ਪੰਜਾਬ ਅੰਦਰ ਟੈਂਸ਼ਨ ਅਤੇ ਤਨਾਅ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਭਾਈ ਚਾਵਲਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਰਾਜਨੀਤੀ ਨੂੰ ਇੱਕ ਸੌੜੀ ਅਤੇ ਗੰਦੀ ਖੇਡ ਬਣਾ ਦਿੱਤਾ ਹੈ ਅਤੇ ਪੰਜਾਬ ਦੇ ਲੋਕ ਉਨ੍ਹਾਂ ਦੀ ਇਸ ਸਿਆਸਤ ਤੋਂ ਪੂਰੀ ਤਰ੍ਹਾਂ ਵਾਕਫ਼ ਹਨ। ਉਨ੍ਹਾਂ ਆਖਿਆ ਕਿ ਪੰਥ ਪ੍ਰਸਤ, ਇਮਾਨਦਾਰ ਅਤੇ ਸੇਵਾਭਾਵੀ ਆਗੂ ਹਰਜਿੰਦਰ ਸਿੰਘ ਧਾਮੀ ਬਾਰੇ ਮੰਦਭਾਗੀ ਸ਼ਬਦਾਵਲੀ ਵਰਤਦਿਆਂ ਮੁੱਖ ਮੰਤਰੀ ਨੂੰ ਸ਼ਰਮ ਆਉਣੀ ਚਾਹੀਦੀ ਸੀ।
ਉਨ੍ਹਾਂ ਕਿਹਾ ਕਿ ਪ੍ਰਧਾਨ ਧਾਮੀ, ਗੁਰੂ ਗੋਬਿੰਦ ਸਿੰਘ ਜੀ ਦੇ ਸੱਚੇ ਸਿਪਾਹੀ ਹਨ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਉਨ੍ਹਾਂ ਦੀ ਸੇਵਾ ਕਿਸੇ ਤੋਂ ਲੁਕੀ ਨਹੀਂ। ਭਾਈ ਚਾਵਲਾ ਨੇ ਮੁੱਖ ਮੰਤਰੀ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਤੁਸੀਂ ਡਰਾਮਿਆਂ ਦੇ ਰਾਹੀਂ ਪੰਜਾਬ ਦੀ ਰਾਜਨੀਤੀ ਵਿੱਚ ਦਾਖ਼ਲ ਹੋਏ ਹੋਏ, ਜਦਕਿ ਪ੍ਰਧਾਨ ਧਾਮੀ ਨੇ ਪੰਥ ਅਤੇ ਪੰਜਾਬ ਲਈ ਲੰਬਾ ਤੇ ਸੰਘਰਸ਼ਪੂਰਨ ਸਫ਼ਰ ਤੈਅ ਕੀਤਾ ਹੈ।
ਉਨ੍ਹਾਂ ਨੇ ਮੁੱਖ ਮੰਤਰੀ ਨੂੰ ਆਪਣੀ ਭਾਸ਼ਾ ’ਤੇ ਕੰਟਰੋਲ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਫ਼ਜ਼ੂਲ ਬਿਆਨਬਾਜ਼ੀ ਕਰਨ ਤੋਂ ਪਹਿਲਾਂ 169 ਸਰੂਪਾਂ ਬਾਰੇ ਆਪਣੀ ਸਪਸ਼ਟ ਸਫ਼ਾਈ ਦੇਣ। ਭਾਈ ਚਾਵਲਾ ਨੇ ਯਾਦ ਕਰਵਾਇਆ ਕਿ ਪਹਿਲਾਂ ਗੋਲਕਾਂ ਸਬੰਧੀ ਗੁਮਰਾਹਕੁੰਨ ਬਿਆਨ, ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਲਈ “ਬਰਾਮਦ” ਵਰਗਾ ਗਲਤ ਸ਼ਬਦ ਅਤੇ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਖ਼ਿਲਾਫ ਮੰਦੇ ਬਿਆਨ ਮੁੱਖ ਮੰਤਰੀ ਦੀ ਸੋਚ ਨੂੰ ਬਿਆਨ ਕਰਦੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਨਾ ਸਿਰਫ਼ ਜਨਤਾ ਦੀ ਕਚਹਿਰੀ ਵਿੱਚ, ਸਗੋਂ ਪਰਮਾਤਮਾ ਦੀ ਦਰਗਾਹ ਵਿੱਚ ਵੀ ਆਪਣੇ ਕੂੜ ਅਤੇ ਝੂਠ ਦੇ ਪ੍ਰਚਾਰ ਦਾ ਜਵਾਬ ਦੇਣਾ ਪਵੇਗਾ। ਭਾਈ ਚਾਵਲਾ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਇਤਿਹਾਸ ਨੂੰ ਜਾਣਦੇ ਹੋਣ, ਤਾਂ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਮਾਸਟਰ ਤਾਰਾ ਸਿੰਘ, ਜਥੇਦਾਰ ਗੁਰਚਰਨ ਸਿੰਘ ਟੌਹੜਾ ਅਤੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਵਰਗੇ ਆਗੂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੀ ਰਹੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਲੀਡਰਸ਼ਿਪ ਦਾ ਹਿੱਸਾ ਵੀ ਸਨ।
ਅੰਤ ਵਿੱਚ ਭਾਈ ਚਾਵਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੱਥਾਂ ਵਿੱਚ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਗੁਰੂ ਹਰਗੋਬਿੰਦ ਸਾਹਿਬ ਜੀ ਵੱਲੋਂ ਦਿੱਤੇ ਮੀਰੀ-ਪੀਰੀ ਦੇ ਸਿਧਾਂਤ ਅਨੁਸਾਰ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਕੌਮ ਦੀ ਚੜ੍ਹਦੀ ਕਲਾ ਲਈ ਕਾਰਜਸ਼ੀਲ ਹਨ ਤੇ ਉਨ੍ਹਾਂ ਨੂੰ ਕਿਸੇ ਤੋਂ ਵੀ ਸਰਟੀਫਿਕੇਟ ਲੈਣ ਦੀ ਲੋੜ ਨਹੀਂ।
- PTC NEWS