ਭਾਈ ਪਰਮਜੀਤ ਸਿੰਘ ਖ਼ਾਲਸਾ ਦਾ ਅਕਾਲ ਚਲਾਣਾ ਪੰਥ ਲਈ ਵੱਡਾ ਘਾਟਾ : ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸੀਨੀਅਰ ਆਗੂ ਅਤੇ ਧਰਮ ਯੁੱਧ ਮੋਰਚੇ ਦੌਰਾਨ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਸੰਗਤ ਮਾਨਣ ਵਾਲੀ ਪੰਥਪ੍ਰਸਤ ਸ਼ਖ਼ਸੀਅਤ ਭਾਈ ਪਰਮਜੀਤ ਸਿੰਘ ਖ਼ਾਲਸਾ (ਲੁਧਿਆਣਾ) ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਈ ਪਰਮਜੀਤ ਸਿੰਘ ਖ਼ਾਲਸਾ ਹਮੇਸ਼ਾ ਪੰਥ ਦੀ ਚੜ੍ਹਦੀਕਲਾ ਅਤੇ ਏਕਤਾ ਦੇ ਹਾਮੀ ਰਹੇ ਹਨ। ਉਨ੍ਹਾਂ ਵਰਗੀ ਪੰਥਪ੍ਰਸਤ ਸ਼ਖ਼ਸੀਅਤ ਦਾ ਅਚਾਨਕ ਸਰੀਰਕ ਵਿਛੋੜਾ ਨਾ-ਸਿਰਫ ਪਰਿਵਾਰ ਸਗੋਂ ਪੰਥ ਲਈ ਵੱਡਾ ਘਾਟਾ ਹੈ।
ਗਿਆਨੀ ਰਘਬੀਰ ਸਿੰਘ ਨੇ ਅਕਾਲ ਪੁਰਖ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਭਾਈ ਖ਼ਾਲਸਾ ਦੀ ਰੂਹ ਨੂੰ ਆਪਣੇ ਚਰਨਾਂ ਦੇ ਵਿਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
- PTC NEWS