ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ
Amritsar News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਮਹਿਲ ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਤਿੰਦਰਪਾਲ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਸੰਗਤ ਨੂੰ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਭਾਈ ਹਰਮਿੱਤਰ ਸਿੰਘ ਨੇ ਕਥਾ ਵਿਚਾਰ ਕਰਦਿਆਂ ਸੰਗਤ ਨੂੰ ਬੀਬੀ ਭਾਨੀ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਬੀਬੀ ਭਾਨੀ ਜੀ ਦਾ ਸਾਰਾ ਜੀਵਨ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਸਮਰਪਿਤ ਸੀ।
ਭਾਈ ਹਰਮਿੱਤਰ ਸਿੰਘ ਨੇ ਸਿੱਖ ਬੀਬੀਆਂ ਨੂੰ ਬੀਬੀ ਭਾਨੀ ਜੀ ਦੇ ਜੀਵਨ ਤੋਂ ਸੇਧ ਲੈ ਕੇ ਆਪਣੇ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਯਤਨਸ਼ੀਲ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਯੁਵਰਾਜ ਸਿੰਘ, ਗੁਰਵਿੰਦਰ ਸਿੰਘ ਦੇਵੀਦਾਸਪੁਰ, ਜਸਬੀਰ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਸੰਗਤਾਂ ਹਾਜ਼ਰ ਸਨ।
- PTC NEWS