Bikram Singh Majithia ਦੀ ਜ਼ਮਾਨਤ ਅਰਜ਼ੀ 'ਤੇ ਅੱਜ ਹੋਵੇਗੀ ਸੁਣਵਾਈ ,ਏਡੀਜੀਪੀ ਜੇਲ੍ਹ ਬੈਰਕ ਬਦਲਣ ਦੀ ਅਰਜ਼ੀ 'ਤੇ ਦਾਇਰ ਕਰਨਗੇ ਜਵਾਬ
Bikram Singh Majithia : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ 'ਤੇ ਅੱਜ (25 ਜੁਲਾਈ) ਮੋਹਾਲੀ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਜੇਲ੍ਹ ਵਿੱਚ ਬੈਰਕ ਬਦਲਣ ਦੀ ਅਰਜ਼ੀ 'ਤੇ ਏਡੀਜੀਪੀ ਜੇਲ੍ਹ ਵੱਲੋਂ ਅਦਾਲਤ ਵਿੱਚ ਰਿਪੋਰਟ ਦਾਇਰ ਕੀਤੀ ਜਾਵੇਗੀ। ਪਿਛਲੀ ਸੁਣਵਾਈ ਵਿੱਚ ਅਦਾਲਤ ਨੇ ਉਨ੍ਹਾਂ ਨੂੰ ਰਿਪੋਰਟ ਦਾਇਰ ਕਰਨ ਲਈ ਦੋ ਦਿਨ ਦਿੱਤੇ ਸਨ। ਇਸ ਵੇਲੇ ਮਜੀਠੀਆ 2 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਹਨ।
ਅੱਜ ਗ੍ਰਿਫ਼ਤਾਰੀ ਨੂੰ ਹੋ ਗਿਆ ਇੱਕ ਮਹੀਨਾ
ਪੰਜਾਬ ਵਿਜੀਲੈਂਸ ਬਿਊਰੋ ਨੇ ਬਿਕਰਮ ਸਿੰਘ ਮਜੀਠੀਆ ਨੂੰ 25 ਜੂਨ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਇੱਕ ਮਹੀਨਾ ਹੋ ਜਾਵੇਗਾ। ਉਨ੍ਹਾਂ ਦੀਆਂ ਜਾਇਦਾਦਾਂ ਦੀ ਜਾਂਚ ਕੀਤੀ ਗਈ। ਸਰਕਾਰ ਦਾ ਦਾਅਵਾ ਹੈ ਕਿ ਮਾਮਲਾ ਬਹੁਤ ਮਜ਼ਬੂਤ ਹੈ, ਜਦੋਂ ਕਿ ਮਜੀਠੀਆ ਦੇ ਵਕੀਲਾਂ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਕੋਈ ਦਮ ਨਹੀਂ ਹੈ। ਉਨ੍ਹਾਂ ਦਾ ਆਰੋਪ ਹੈ ਕਿ ਸਰਕਾਰ ਮੀਡੀਆ ਵਿੱਚ ਵੱਡੇ-ਵੱਡੇ ਦਾਅਵੇ ਕਰਦੀ ਹੈ ਪਰ ਅਦਾਲਤ ਵਿੱਚ ਉਸਦੇ ਵਕੀਲ ਪਿੱਛੇ ਹਟ ਜਾਂਦੇ ਹਨ।
ਅੱਜ ਇਨ੍ਹਾਂ ਦੋ ਪਟੀਸ਼ਨਾਂ 'ਤੇ ਸੁਣਵਾਈ
1. ਮਜੀਠੀਆ ਵੱਲੋਂ ਜੇਲ੍ਹ ਵਿੱਚ ਬੈਰਕ ਬਦਲਣ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ। ਵਕੀਲਾਂ ਦਾ ਕਹਿਣਾ ਹੈ ਕਿ ਉਹ ਵਿਧਾਇਕ ਅਤੇ ਸਾਬਕਾ ਮੰਤਰੀ ਰਹਿ ਚੁੱਕੇ ਹਨ, ਇਸ ਲਈ ਜੇਲ੍ਹ ਮੈਨੂਅਲ ਅਨੁਸਾਰ ਉਨ੍ਹਾਂ ਨੂੰ 'ਔਰੇਂਜ ਕੈਟਾਗਰੀ' ਦੀਆਂ ਵਿਸ਼ੇਸ਼ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਹੋਰ ਕੈਦੀਆਂ ਤੋਂ ਵੱਖਰਾ ਰੱਖਿਆ ਜਾਣਾ ਚਾਹੀਦਾ ਹੈ। ਏਡੀਜੀਪੀ ਜੇਲ੍ਹ ਇਸ ਪਟੀਸ਼ਨ 'ਤੇ ਅੱਜ ਅਦਾਲਤ ਵਿੱਚ ਜਵਾਬ ਦਾਇਰ ਕਰਨਗੇ।
2. ਇਸ ਦੇ ਨਾਲ ਹੀ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਵੀ ਅੱਜ ਸੁਣਵਾਈ ਹੋਣੀ ਹੈ, ਜਿਸ ਸਬੰਧੀ ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ।
- PTC NEWS