ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ੇਸ਼ ਸਮਾਗਮ, ਵੱਡੀ ਗਿਣਤੀ ’ਚ ਸੰਗਤ ਗੁਰੂ ਘਰ ਨਤਮਸਤਕ
ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਅੱਜ ਦੁਨੀਆਂ ਭਰ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸਾਹਿਬ ਦੇ ਪ੍ਰਬੰਧਕਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਸਮਾਗਮ ਕੀਤੇ ਗਏ, ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਲਗਵਾਈ।
ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਅਰਦਾਸ ਕੀਤੀ, ਤਖ਼ਤ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਰਸਮਈ ਕੀਰਤਨ ਕੀਤਾ ਗਿਆ, ਤਖ਼ਤ ਸਾਹਿਬ ਦੇ ਕਥਾਵਾਚਕ ਗਿਆਨੀ ਜਗਤਾਰ ਸਿੰਘ ਕੀਰਤਪੁਰੀ ਵੱਲੋਂ ਸੰਗਤਾਂ ਨੂੰ ਗੁਰੂ ਜੀ ਦੇ ਜੀਵਨ ਤੇ ਚਾਨਣਾ ਪਾਉਂਦੇ ਗੁਰ ਇਤਿਹਾਸ ਤੇ ਚਾਨਾ ਪਾਇਆ ਗਿਆ।
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਜਨਮ ਅਸਥਾਨ ਗੁਰੂ ਕੀ ਵਡਾਲੀ ਵਿਖੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਜਿਨ੍ਹਾਂ ’ਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।
ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਅਤੇ ਤਪਦੀ ਗਰਮੀ ਦੇ ਬਾਵਜੂਦ ਸੰਗਤਾਂ ਨੇ ਵੱਡੀ ਗਿਣਤੀ ’ਚ ਇਥੇ ਪਹੁੰਚ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਇਸ ਦੌਰਾਨ ਅਨੇਕਾਂ ਸ਼੍ਰੋਮਣੀ ਕਮੇਟੀ ਮੈਂਬਰਾਂ, ਪੰਥਕ ਹਸਤੀਆਂ ਅਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਭੋਰਾ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਹ ਵੀ ਪੜ੍ਹੋ : Punjab Urea Scam News : ਯੂਰੀਆ ਘੁਟਾਲੇ ਮਾਮਲੇ ’ਚ ਐਕਸ਼ਨ; ਸੱਤ ਅਧਿਕਾਰੀਆਂ ’ਤੇ ਚਾਰਜਸ਼ੀਟ ਦਾਇਰ, ਇੱਕ ਅਧਿਕਾਰੀ ਦਾ ਕੀਤਾ ਤਬਾਦਲਾ
- PTC NEWS