Ludhiana West by-election : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਭਾਜਪਾ ਨੇ ਜੀਵਨ ਗੁਪਤਾ ਨੂੰ ਐਲਾਨਿਆ ਆਪਣਾ ਉਮੀਦਵਾਰ
Ludhiana West by-election : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਹੋਣ ਵਾਲੀ ਉਪ ਚੋਣ ਵਿੱਚ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਭਾਜਪਾ ਵੱਲੋਂ 31 ਮਈ, 2025 ਨੂੰ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਦਿੱਤੀ ਗਈ ਸੀ। ਇਸ ਸੀਟ ਲਈ ਵੋਟਿੰਗ 19 ਜੂਨ, 2025 ਨੂੰ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ 23 ਜੂਨ, 2025 ਨੂੰ ਕੀਤਾ ਜਾਵੇਗਾ।
ਦੱਸ ਦਈਏ ਕਿ ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਤੋਂ ਬਾਅਦ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇੱਥੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ,ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਨਾਮਜ਼ਦਗੀ ਪੱਤਰ ਦਾਖਲ
ਦੱਸ ਦੇਈਏ ਕਿ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਉਪ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਵੀ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।
- PTC NEWS