ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਵੱਲੋਂ ਪਟਿਆਲਾ ਵਿੱਚ ਧਰਨਾ; CM ਭਗਵੰਤ ਮਾਨ ਤੇ ਹਰਪਾਲ ਚੀਮਾ ਦੇ ਅਸਤੀਫ਼ੇ ਦੀ ਮੰਗ
Patiala News : ਭਾਜਪਾ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਵੱਲੋਂ ਅੱਜ ਪਟਿਆਲਾ ਵਿੱਚ ਧਰਨਾ-ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਗੰਭੀਰ ਦੋਸ਼ ਲਗਾਏ ਗਏ। ਉਨ੍ਹਾਂ ਕਿਹਾ ਕਿ ਭਾਜਪਾ ਮਹਿਲਾ ਮੋਰਚਾ ਦੋ ਮੁੱਖ ਮੁੱਦਿਆਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਿਹਾ ਹੈ, ਜਿਨ੍ਹਾਂ ਵਿੱਚ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨਾਲ ਕਥਿਤ ਬੇਅਦਬੀ ਅਤੇ ਗੁਲਜ਼ਾਰ ਸਿੰਘ ਦੀ ਮੌਤ ਦਾ ਮਾਮਲਾ ਸ਼ਾਮਲ ਹੈ।
ਭਾਜਪਾ ਮਹਿਲਾ ਮੋਰਚੇ ਦਾ ਪ੍ਰਦਰਸ਼ਨ
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ 'ਤੇ ਚੱਪਲਾਂ ਦੀ ਮਾਲਾ ਪਾਉਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਨਸ਼ੇ ਦੇ ਮੁੱਦੇ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੋਲ ਆਪਣੀ ਗੱਲ ਰੱਖਣ ਗਿਆ ਸੀ। ਭਾਜਪਾ ਆਗੂ ਦਾ ਦੋਸ਼ ਹੈ ਕਿ ਪੁਲਿਸ ਵੱਲੋਂ ਉਸ ਨੂੰ ਕਥਿਤ ਤੌਰ 'ਤੇ ਹਿਰਾਸਤ ਵਿੱਚ ਲੈ ਕੇ ਤਸ਼ੱਦਦ ਕੀਤਾ ਗਿਆ, ਜਿਸ ਤੋਂ ਬਾਅਦ ਉਸ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਨੂੰ ਪਹਿਲਾਂ ਪਟਿਆਲਾ, ਫਿਰ ਸੰਗਰੂਰ ਅਤੇ ਬਾਅਦ ਵਿੱਚ ਡੀਐੱਮਸੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਮਾਨ ਸਰਕਾਰ ਨੂੰ ਘੇਰਿਆ
ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਗੁਲਜ਼ਾਰ ਸਿੰਘ ਦੇ ਅੰਤਿਮ ਸੰਸਕਾਰ ਦੌਰਾਨ ਵੀ ਪੁਲਿਸ ਵੱਲੋਂ ਪਰਿਵਾਰ ਅਤੇ ਲੋਕਾਂ ਨਾਲ ਕਥਿਤ ਤੌਰ 'ਤੇ ਦੁਰਵਿਵਹਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੰਤਿਮ ਸੰਸਕਾਰ ਮੌਕੇ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਕਥਿਤ ਤੌਰ 'ਤੇ ਪਰੇਸ਼ਾਨ ਕੀਤਾ ਗਿਆ।
ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਵੀ ਚੁੱਕੇ ਸਵਾਲ
ਉਨ੍ਹਾਂ ਪੰਜਾਬ ਦੀ ਕਾਨੂੰਨ-ਵਿਵਸਥਾ ਦੀ ਸਥਿਤੀ 'ਤੇ ਵੀ ਸਵਾਲ ਚੁੱਕੇ। ਭਾਜਪਾ ਆਗੂ ਨੇ ਦੋਸ਼ ਲਗਾਇਆ ਕਿ ਕਾਲਾ ਝੰਡਾ ਦਿਖਾਉਣ ਵਾਲੇ ਇੱਕ ਵਿਅਕਤੀ ਨਾਲ ਕਥਿਤ ਕੁੱਟਮਾਰ ਅਤੇ ਬਿਜਲੀ ਦਾ ਕਰੰਟ ਲਗਾਉਣ ਵਰਗੇ ਗੰਭੀਰ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਤੋਂ ਸਵਾਲ ਪੁੱਛਣਾ ਹਰ ਨਾਗਰਿਕ ਦਾ ਹੱਕ ਹੈ।
ਨਸ਼ਿਆਂ ਦੇ ਮਾਮਲਿਆਂ ’ਤੇ ਘੇਰੀ ਪੰਜਾਬ ਸਰਕਾਰ
ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਦਾਅਵਿਆਂ 'ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਭਾਵੇਂ ਪੰਜਾਬ ਵਿੱਚੋਂ ਚਿੱਟਾ ਖ਼ਤਮ ਕਰਨ ਦੇ ਦਾਅਵੇ ਕਰ ਰਹੀ ਹੈ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੈ ਅਤੇ ਕਈ ਘਰ ਅਜੇ ਵੀ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਹਨ।
ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ
ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਦੋਵੇਂ ਮਾਮਲਿਆਂ ਵਿੱਚ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਜਪਾ ਦਾ ਵਫ਼ਦ ਕਈ ਵਾਰ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰ ਚੁੱਕਾ ਹੈ ਅਤੇ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਇਸ ਤੋਂ ਇਲਾਵਾ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਵੱਲੋਂ ਵੀ ਮਾਮਲੇ ਸਬੰਧੀ ਜਾਣਕਾਰੀ ਲੈਣ ਦੀ ਗੱਲ ਕਹੀ ਗਈ।
ਅੰਤ ਵਿੱਚ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਇਨ੍ਹਾਂ ਮਾਮਲਿਆਂ ਵਿੱਚ ਉਚਿਤ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਭਾਜਪਾ ਦਾ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ : Jalandhar Closed Today : ਅੱਜ ਜਲੰਧਰ ਬੰਦ ਰਹੇਗਾ ! ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦਾ ਮਾਮਲਾ ; ਜਾਣੋ ਕੀ ਖੁੱਲ੍ਹਾ ਹੈ ਅਤੇ ਕੀ ਰਹੇਗਾ ਬੰਦ
- PTC NEWS