Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਵੀ ਜਾਰੀ ਰਹੇਗਾ ਬਲੈਕਆਉਟ, ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ
Gurdaspur News : ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਵਲੋਂ ਜਾਰੀ ਕੀਤੇ ਸੰਦੇਸ਼ ’ਚ ਦੱਸਿਆ ਕਿ ਜ਼ਿਲ੍ਹੇ 'ਚ ਰਾਤ ਸਮੇਂ ਬਲੈਕਆਊਟ ਜਾਰੀ ਰਹੇਗਾ। ਅੱਜ ਰਾਤ 8 ਵਜੇ ਆਪਣੀ ਲਾਈਟਾਂ ਸਵੈ-ਇੱਛਾ ਨਾਲ ਬੰਦ ਕਰ ਦਿੱਤੀਆਂ ਜਾਣ ਅਤੇ ਜ਼ਰੂਰਤ ਤੋਂ ਬਗੈਰ ਬਾਹਰ ਨਾ ਨਿਕਲਿਆ ਜਾਵੇ। ਉਨ੍ਹਾਂ ਦੱਸਿਆ ਕਿ ਸਥਿਤੀ ਇਸ ਵੇਲੇ ਸ਼ਾਂਤੀਪੂਰਨ ਹੈ ਪਰ ਫਿਰ ਵੀ ਜ਼ਿਲ੍ਹਾ ਪ੍ਰਸ਼ਾਸਨ ਦੇ ਸੁਨੇਹਿਆਂ ਪ੍ਰਤੀ ਸੁਚੇਤ ਰਿਹਾ ਜਾਵੇ ਅਤੇ ਕਿਸੇ ਵੀ ਖ਼ਤਰੇ ਦੀ ਸਥਿਤੀ ਵਿਚ ਸੂਚਿਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੁਰਦਾਸਪੁਰ ਵਿਚ ਕੱਲ੍ਹ ਨੂੰ ਸਕੂਲ ਬੰਦ ਰਹਿਣਗੇ।
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ ਪਰ ਇਸਦੇ ਬਾਵਜੂਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਅਤੇ ਅਹਿਤਿਆਤ ਵਰਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 01874-266376 ਉੱਪਰ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਜੇ ਰਾਤ ਦੇ ਬਲੈਕਆਊਟ ਦੇ ਹੁਕਮ ਵਾਪਸ ਨਹੀਂ ਲਏ ਗਏ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਹੈ ਕਿ ਉਹ ਸੁਰੱਖਿਆ ਉਪਾਵਾਂ ਵਜੋਂ ਰਾਤ ਸਮੇਂ ਆਪਣੇ ਘਰਾਂ ਦੇ ਅੰਦਰ-ਬਾਹਰ ਲਾਈਟਾਂ ਨੂੰ ਬੰਦ ਰੱਖ ਕੇ ਬਲੈਕਆਊਟ ਨੂੰ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਦੋਂ ਵੀ ਸਾਇਰਨ ਵੱਜਦਾ ਹੈ ਤਾਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਸੂਚਨਾ ਦਿੱਤੀ ਜਾਂਦੀ ਹੈ ਤਾਂ ਉਸਦੀ ਪਾਲਣਾ ਕੀਤੀ ਜਾਵੇ।
ਦੱਸ ਦੇਈਏ ਕਿ ਭਾਰਤ -ਪਾਕਿਸਤਾਨ ਵਿਚਾਲੇ ਹੋਈ ਜੰਗਬੰਦੀ ਤੋਂ ਬਾਅਦ ਵੀ ਪਾਕਿਸਤਾਨ ਵੱਲੋਂ ਸਰਹੱਦੀ ਇਲਾਕਿਆਂ ‘ਚ ਲਗਾਤਾਰ ਗੋਲੀਬਾਰੀ ਅਤੇ ਡਰੋਨ ਰਾਹੀਂ ਹਮਲੇ ਕੀਤੇ ਜਾ ਰਹੇ ਹਨ। ਜਿਸ ਨੂੰ ਲੈ ਕੇ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਸੁਰੱਖਿਆ ਦੇਣ ਦੇ ਲਈ ਹਰ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।
- PTC NEWS