Punjab Temple Bomb Threat : ਪੰਜਾਬ ਦੇ 5 ਵੱਡੇ ਮੰਦਿਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 1984 ਦਾ ਲਿਆ ਜਾਵੇਗਾ ਬਦਲਾ
ਪੰਜਾਬ ਅਤੇ ਚੰਡੀਗੜ੍ਹ ਵਿੱਚ ਸਰਕਾਰੀ ਇਮਾਰਤਾਂ ਅਤੇ ਸਕੂਲਾਂ ਨੂੰ ਈਮੇਲ ਰਾਹੀਂ ਅਕਸਰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਅੱਜ, ਅੰਮ੍ਰਿਤਸਰ ਦੇ ਦੁਰਗਿਆਣਾ ਮੰਦਿਰ, ਪਠਾਨਕੋਟ ਦੇ ਮੁਕਤੇਸ਼ਵਰ ਮੰਦਿਰ, ਬਠਿੰਡਾ ਦੇ ਮਾਈਸਰ ਮੰਦਿਰ ਅਤੇ ਪਟਿਆਲਾ ਦੇ ਕਾਲੀ ਦੇਵੀ ਮੰਦਿਰ ਦੇ ਨਾਲ-ਨਾਲ ਦੇਵੀ ਤਲਾਬ ਮੰਦਿਰ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਨ੍ਹਾਂ ਤੋਂ ਇਲਾਵਾ ਪੰਜਾਬ ਸਕੱਤਰੇਤ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।
ਧਮਕੀ ਭਰੀ ਈਮੇਲ ਮਿਲੀ
ਈਮੇਲਾਂ ਵਿੱਚ ਕਿਹਾ ਗਿਆ ਹੈ ਕਿ 6 ਜੂਨ, 1984 ਨੂੰ ਦਰਬਾਰ ਸਾਹਿਬ 'ਤੇ ਹੋਏ ਹਮਲੇ ਦਾ ਬਦਲਾ ਲਿਆ ਜਾਵੇਗਾ। ਲੋਕਾਂ ਨੂੰ 5 ਅਤੇ 6 ਜੂਨ ਨੂੰ ਅੰਬਾਲਾ ਅਤੇ ਦਿੱਲੀ ਵਿਚਕਾਰ ਯਾਤਰਾ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਘਟਨਾ ਨੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਹਲਚਲ ਮਚਾ ਦਿੱਤੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ, ਪੁਲਿਸ, ਬੰਬ ਨਿਰੋਧਕ ਅਤੇ ਕੁੱਤਿਆਂ ਦੇ ਦਸਤੇ ਦੀਆਂ ਟੀਮਾਂ ਚੰਡੀਗੜ੍ਹ ਸਕੱਤਰੇਤ ਦੀ ਇਮਾਰਤ 'ਤੇ ਪਹੁੰਚੀਆਂ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।
ਕਾਲੀ ਦੇਵੀ ਮੰਦਿਰ ’ਚ ਪੁਲਿਸ ਤੈਨਾਤ
ਇਨ੍ਹਾਂ ਤੋਂ ਇਲਾਵਾ ਪਟਿਆਲਾ ’ਚ ਸਥਿਤ ਕਾਲੀ ਦੇਵੀ ਮੰਦਿਰ ’ਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਦਿਰ ’ਚ ਆਉਣ ਵਾਲੇ ਸ਼ਰਧਾਲੂਆਂ ਦੀ ਤਲਾਸ਼ੀ ਲਈ ਜਾ ਰਹੀ ਹੈ।
ਦੁਰਗਿਆਣਾ ਮੰਦਿਰ ’ਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ
ਅੰਮ੍ਰਿਤਸਰ ਸਥਿਤ ਪ੍ਰਸਿੱਧ ਦੁਰਗਿਆਣਾ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ। ਮੰਦਿਰ ਪਰਿਸਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵਾਧੂ ਪੁਲਿਸ ਫੋਰਸ ਤੈਨਾਤ ਕਰ ਦਿੱਤੀ ਗਈ ਹੈ। ਮੰਦਿਰ ਵਿੱਚ ਮੱਥਾ ਟੇਕਣ ਆਉਣ ਵਾਲੇ ਹਰ ਸ਼ਰਧਾਲੂ ਦੀ ਸਖ਼ਤ ਜਾਂਚ ਕੀਤੀ ਜਾ ਰਹੀ ਹੈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪਹਿਲਾਂ ਨਾਲੋਂ ਹੋਰ ਮਜ਼ਬੂਤ ਕੀਤਾ ਗਿਆ ਹੈ।
ਮੰਦਿਰ ਪਰਿਸਰ ਵਿੱਚ ਆਉਣ-ਜਾਣ ਵਾਲੇ ਸਾਰੇ ਲੋਕਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਮੁਲਾਜ਼ਮ, ਖੁਫੀਆ ਏਜੰਸੀਆਂ ਦੇ ਅਧਿਕਾਰੀ ਅਤੇ ਸੁਰੱਖਿਆ ਬਲ ਲਗਾਤਾਰ ਹਾਲਾਤਾਂ ’ਤੇ ਨਜ਼ਰ ਬਣਾਈ ਹੋਏ ਹਨ। ਮੰਦਰ ਦੇ ਆਲੇ-ਦੁਆਲੇ ਵੀ ਸੁਰੱਖਿਆ ਘੇਰਾ ਵਧਾ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਮੰਦਿਰ ਪ੍ਰਬੰਧਕਾਂ ਨੂੰ ਸਿੱਧੇ ਤੌਰ ’ਤੇ ਕੋਈ ਧਮਕੀ ਭਰਿਆ ਈਮੇਲ ਨਹੀਂ ਮਿਲਿਆ- ਪ੍ਰਧਾਨ ਡਾ. ਰਾਕੇਸ਼ ਸ਼ਰਮਾ
ਇਸ ਸਬੰਧੀ ਦੁਰਗਿਆਣਾ ਮੰਦਿਰ ਅਤੇ ਵੱਡਾ ਹਨੂੰਮਾਨ ਮੰਦਿਰ ਕਮੇਟੀ ਦੇ ਪ੍ਰਧਾਨ ਡਾ. ਰਾਕੇਸ਼ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੰਦਿਰ ਪ੍ਰਬੰਧਕਾਂ ਨੂੰ ਸਿੱਧੇ ਤੌਰ ’ਤੇ ਕੋਈ ਧਮਕੀ ਭਰਿਆ ਈਮੇਲ, ਫੋਨ ਕਾਲ ਜਾਂ ਪੱਤਰ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਬਾਰੇ ਜਾਣਕਾਰੀ ਉਨ੍ਹਾਂ ਨੂੰ ਮੀਡੀਆ ਅਤੇ ਪ੍ਰਸ਼ਾਸਨਿਕ ਸਰੋਤਾਂ ਰਾਹੀਂ ਮਿਲੀ ਹੈ।
'ਡਰ ਅਤੇ ਤਣਾਅ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ '
ਡਾ. ਸ਼ਰਮਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਸਮਾਜ ਵਿੱਚ ਡਰ ਅਤੇ ਤਣਾਅ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਧਮਕੀਆਂ ਪਹਿਲਾਂ ਵੀ ਸਾਹਮਣੇ ਆਉਂਦੀਆਂ ਰਹੀਆਂ ਹਨ, ਪਰ ਹਰ ਵਾਰ ਪ੍ਰਸ਼ਾਸਨ ਪੂਰੀ ਗੰਭੀਰਤਾ ਨਾਲ ਸੁਰੱਖਿਆ ਪ੍ਰਬੰਧ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਜਾਣਕਾਰੀਆਂ ਨੂੰ ਅਣਡਿੱਠਾ ਨਹੀਂ ਕੀਤਾ ਜਾ ਸਕਦਾ, ਇਸ ਲਈ ਮੰਦਿਰ ਕਮੇਟੀ ਵੀ ਪੂਰੀ ਤਰ੍ਹਾਂ ਸਾਵਧਾਨ ਹੈ ਅਤੇ ਸੁਰੱਖਿਆ ਏਜੰਸੀਆਂ ਨਾਲ ਲਗਾਤਾਰ ਸੰਪਰਕ ਵਿੱਚ ਹੈ।
ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਮੰਦਿਰ ਦੇ ਸੁਰੱਖਿਆ ਕਰਮਚਾਰੀਆਂ ਅਤੇ ਪ੍ਰਬੰਧਕੀ ਮੈਂਬਰਾਂ ਦੀ ਮੀਟਿੰਗ ਕਰਕੇ ਸੁਰੱਖਿਆ ਨਾਲ ਜੁੜੇ ਸਾਰੇ ਪੱਖਾਂ ਦੀ ਸਮੀਖਿਆ ਕੀਤੀ ਗਈ ਸੀ। ਇਸ ਦੇ ਨਾਲ ਹੀ ਪੁਲਿਸ ਵੱਲੋਂ ਸੁਰੱਖਿਆ ਬਲਾਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਗਿਆ ਹੈ।
ਮੰਦਿਰ ਕਮੇਟੀ ਨੇ ਸ਼ਰਧਾਲੂਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਫਵਾਹ ’ਤੇ ਵਿਸ਼ਵਾਸ ਨਾ ਕਰਨ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਕਾਬਿਲੇਗੌਰ ਹੈ ਕਿ ਇੱਕ ਵਾਰ ਫਿਰ, ਪੰਜਾਬ ਸਿਵਲ ਸਕੱਤਰੇਤ ਅਤੇ ਰਾਜ ਦੇ ਧਾਰਮਿਕ ਸਥਾਨਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਸ ਦੌਰਾਨ, ਪੁਲਿਸ, ਬੰਬ ਨਿਰੋਧਕ ਟੀਮਾਂ ਅਤੇ ਕੁੱਤਿਆਂ ਦੇ ਦਸਤੇ ਜਲੰਧਰ ਦੇ ਸ਼੍ਰੀ ਦੇਵੀ ਤਲਾਬ ਮੰਦਰ ਦੀ ਤਲਾਸ਼ੀ ਲੈ ਰਹੇ ਹਨ। ਪੁਲਿਸ ਪਾਰਕਿੰਗ ਵਿੱਚ ਵੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : Punjab Secretariat ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ; ਈਮੇਲ ਮਿਲਣ ਮਗਰੋਂ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ
- PTC NEWS