Pakistan ਤੋਂ ਡਰੋਨ ਰਾਹੀਂ ਭਾਰਤੀ ਖੇਤਰ ’ਚ ਭੇਜੀ ਗਈ ਨਸ਼ੇ ਦੀ ਵੱਡੀ ਖੇਪ; BOP ਪੁਲਮੋਰਾ ਨੇੜੇ ਵੱਡੀ ਬਰਾਮਦਗੀ
ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ 'ਤੇ ਨਸ਼ਾ ਤਸਕਰੀ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਬੀਐਸਐਫ ਅਤੇ ਪੰਜਾਬ ਪੁਲਿਸ ਨੇ ਸਾਂਝੀ ਕਾਰਵਾਈ ਕਰਦਿਆਂ ਵੱਡੀ ਸਫਲਤਾ ਹਾਸਲ ਕੀਤੀ ਹੈ। ਦੱਸ ਦਈਏ ਕਿ ਸੁਰੱਖਿਆ ਬਲਾਂ ਨੇ ਅੰਮ੍ਰਿਤਸਰ ਦੇ ਘਰਿੰਡਾ ਖੇਤਰ ਅਧੀਨ BOP ਪੁਲਮੋਰਾ ਨੇੜਲੇ ਖੇਤਾਂ ਵਿੱਚੋਂ 27 ਕਿਲੋ ਹੈਰੋਇਨ ਬਰਾਮਦ ਕੀਤੀ ਹੈ।
ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਨਸ਼ੇ ਦੀ ਵੱਡੀ ਖੇਪ ਸੁੱਟੀ ਗਈ
ਜਾਣਕਾਰੀ ਅਨੁਸਾਰ ਸੁਰੱਖਿਆ ਏਜੰਸੀਆਂ ਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨ ਰਾਹੀਂ ਭਾਰਤੀ ਖੇਤਰ ਵਿੱਚ ਨਸ਼ੇ ਦੀ ਵੱਡੀ ਖੇਪ ਸੁੱਟੀ ਗਈ ਹੈ। ਸੂਚਨਾ ਮਿਲਦਿਆਂ ਹੀ ਬੀਐਸਐਫ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਨੇ ਇਲਾਕੇ ਵਿੱਚ ਸਾਂਝਾ ਸਰਚ ਆਪਰੇਸ਼ਨ ਸ਼ੁਰੂ ਕੀਤਾ।
ਖੇਤਾਂ ਵਿੱਚੋਂ ਮਿਲੀ 27 ਕਿਲੋ ਹੈਰੋਇਨ
ਤਲਾਸ਼ੀ ਦੌਰਾਨ ਖੇਤਾਂ ਵਿੱਚੋਂ ਤਿੰਨ ਵੱਡੇ ਪੈਕਟ ਬਰਾਮਦ ਹੋਏ। ਜਾਂਚ ਕਰਨ 'ਤੇ ਇਨ੍ਹਾਂ ਪੈਕਟਾਂ ਵਿੱਚੋਂ ਕੁੱਲ 27 ਕਿਲੋ ਹੈਰੋਇਨ ਮਿਲੀ। ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਇਹ ਖੇਪ ਸਰਹੱਦ ਪਾਰ ਤਸਕਰੀ ਨੈੱਟਵਰਕ ਰਾਹੀਂ ਪੰਜਾਬ ਵਿੱਚ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।
ਇਲਾਕੇ ਵਿੱਚ ਸੁਰੱਖਿਆ ਹੋਰ ਸਖ਼ਤ
ਬਰਾਮਦਗੀ ਤੋਂ ਬਾਅਦ ਇਲਾਕੇ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਇਸ ਤਸਕਰੀ ਰੈਕੇਟ ਨਾਲ ਜੁੜੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕਾਬੂ ਕਰਨ ਲਈ ਕਾਰਵਾਈ ਕੀਤੀ ਜਾ ਰਹੀ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਨੇ ਕਿਹਾ ਕਿ ਸਰਹੱਦ ਪਾਰੋਂ ਹੋਣ ਵਾਲੀ ਹਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਬਣਾਇਆ ਜਾਵੇਗਾ।
ਇਹ ਵੀ ਪੜ੍ਹੋ : Power Crisis : ਪੰਜਾਬ 'ਚ ਡੂੰਘਾ ਹੋਇਆ ਬਿਜਲੀ ਸੰਕਟ, ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਸਾਰੇ ਚਾਰ ਯੂਨਿਟ ਬੰਦ
- PTC NEWS