ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
Tarn Taran News : ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪਿੰਡ ਕਲਸ ਰਾਹੀਂ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਨ ਵਾਲੇ ਇੱਕ ਸ਼ੱਕੀ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਖਬਰ ਹੈ। ਫੜੇ ਗਏ ਪਾਕਿਸਤਾਨੀ ਨਾਗਰਿਕ ਦੀ ਪਛਾਣ ਅਬਦੁਲ ਗੁਫ਼ਾਰ ਵਜੋਂ ਹੋਈ ਹੈ, ਜੋ ਕਿ ਮਾਨਸਿਕ ਤੌਰ 'ਤੇ ਬਿਮਾਰ ਜਾਪਦਾ ਹੈ। ਬੀਐਸਐਫ ਵੱਲੋਂ ਪਾਕਿਸਤਾਨੀ ਨਾਗਰਿਕ ਨੂੰ ਗ੍ਰਿਫ਼ਤਾਰ ਕਰਕੇ ਖੇਮਕਰਨ ਪੁਲਸ ਹਵਾਲੇ ਕਰਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ਵਿੱਚ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਬਲਬੀਰ ਸਿੰਘ ਖੇਮਕਰਨ ਨੇ ਦੱਸਿਆ ਕਿ ਜਦੋਂ ਬੀਐਸਐਫ ਦੀ 103 ਬਟਾਲੀਅਨ ਦੇ ਜਵਾਨ ਪਿੰਡ ਕਲਾਸ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਗਸ਼ਤ ਕਰ ਰਹੇ ਸਨ, ਤਾਂ ਇੱਕ ਸ਼ੱਕੀ ਵਿਅਕਤੀ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੁੰਦੇ ਦੇਖਿਆ ਗਿਆ, ਜਿਸ ਨੂੰ ਦੇਖ ਕੇ ਬੀਐਸਐਫ ਨੇ ਉਸਨੂੰ ਆਤਮ ਸਮਰਪਣ ਕਰਨ ਲਈ ਚੁਣੌਤੀ ਦਿੱਤੀ। ਇਸ ਦੌਰਾਨ ਬੀਐਸਐਫ ਦੇ ਜਵਾਨ ਹਰਕਤ ਵਿੱਚ ਆਏ ਅਤੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਤੁਰੰਤ ਪਾਕਿਸਤਾਨੀ ਨਾਗਰਿਕ ਨੂੰ ਥਾਣਾ ਖੇਮਕਰਨ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ।
ਥਾਣਾ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੇ ਮਾਮਲੇ ਵਿੱਚ ਥਾਣਾ ਖੇਮਕਰਨ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਨਾਗਰਿਕ ਦੀ ਮੈਡੀਕਲ ਜਾਂਚ ਕਰਵਾਕੇ ਮਾਮਲੇ ਦੀ ਜਾਂਚ ਜਾਰੀ ਹੈ। ਫੜੇ ਗਏ ਪਾਕਿਸਤਾਨੀ ਨਾਗਰਿਕ ਕੋਲੋਂ ਕੁਛ ਵੀ ਬਰਾਮਦ ਨਹੀਂ ਹੋਇਆ ਹੈ।
ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਗ੍ਰਿਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਦੀ ਉਮਰ 28 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਸਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ, ਬੀਐਸਐਫ ਅਤੇ ਹੋਰ ਕਈ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਬੰਧਤ ਪਾਕਿਸਤਾਨੀ ਨਾਗਰਿਕ ਇੱਕ ਕਿਸਾਨ ਹੈ, ਜੋ ਗਲਤੀ ਨਾਲ ਜ਼ੀਰੋ ਲਾਈਨ ਪਾਰ ਕਰਕੇ ਭਾਰਤੀ ਖੇਤਰ ਵਿੱਚ ਦਾਖਲ ਹੋ ਗਿਆ ਹੈ।
- PTC NEWS