Captain ਅਮਰਿੰਦਰ ਸਿੰਘ ਦੀ PM ਮੋਦੀ ਨਾਲ ਮੁਲਾਕਾਤ ਦੇ ਮਾਇਨੇ, ਪੰਜਾਬ ਦੀ ਸਿਆਸਤ 'ਚ ਬਦਲਾਅ ਦੇ ਸੰਕੇਤ !
Captain Amarinder Singh's meeting with PM Modi : ਪੰਜਾਬ ਦੀ ਸਿਆਸਤ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਨਵੀਂ ਦਿੱਲੀ ਵਿਖੇ ਮੁਲਾਕਾਤ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੁਲਾਕਾਤ ਇਸ ਹਫ਼ਤੇ ਦੇ ਸ਼ੁਰੂ ਵਿੱਚ ਹੋਈ ਸੀ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਨਾਲ ਜੁੜੇ ਕਈ ਅਹਿਮ ਅਤੇ ਗੰਭੀਰ ਮੁੱਦਿਆਂ ਬਾਰੇ ਜਾਣੂ ਕਰਵਾਇਆ। ਇਨ੍ਹਾਂ ਵਿੱਚ ਸੂਬੇ ਵਿੱਚ ਵਧ ਰਹੇ ਨਸ਼ਿਆਂ ਦੇ ਕਾਰੋਬਾਰ, ਗੈਂਗਸਟਰਾਂ ਦੀਆਂ ਗਤੀਵਿਧੀਆਂ ਅਤੇ ਪਾਕਿਸਤਾਨ ਵੱਲੋਂ ਪੈਦਾ ਹੋਣ ਵਾਲੇ ਅੱਤਵਾਦੀ ਖ਼ਤਰੇ ਵਰਗੇ ਮੁੱਦੇ ਸ਼ਾਮਲ ਸਨ। ਉਨ੍ਹਾਂ ਕੇਂਦਰ ਸਰਕਾਰ ਨੂੰ ਇਹ ਵੀ ਸੁਝਾਅ ਦਿੱਤੇ ਕਿ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਪੰਜਾਬ ਦੀ ਕਿਸ ਤਰ੍ਹਾਂ ਮਦਦ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ :
Punjab Weather Update : ਪੰਜਾਬ ਵਿੱਚ ਅੱਜ ਮੀਂਹ ਦੀ ਚੇਤਾਵਨੀ, 16 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ
ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁਲਾਕਾਤ ਦੀ ਪੁਸ਼ਟੀ ਵੀ ਕੀਤੀ ਹੈ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਨਾਲ ਹੋਈ ਇਸ ਮੀਟਿੰਗ ਦੌਰਾਨ ਕਿਸੇ ਵੀ ਤਰ੍ਹਾਂ ਦੇ ਸਿਆਸੀ ਮੁੱਦੇ 'ਤੇ ਚਰਚਾ ਨਹੀਂ ਕੀਤੀ ਗਈ। ਫਿਲਹਾਲ ਇਸ ਮੁਲਾਕਾਤ ਦੀ ਕੋਈ ਤਸਵੀਰ ਜਾਂ ਅਧਿਕਾਰਤ ਬਿਆਨ ਜਨਤਕ ਤੌਰ 'ਤੇ ਸਾਹਮਣੇ ਨਹੀਂ ਆਇਆ ਹੈ।
ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਮੁੜ ਗੱਠਜੋੜ ਹੋਣ ਦੀਆਂ ਚਰਚਾਵਾਂ ਜ਼ੋਰ ਫੜ ਰਹੀਆਂ ਹਨ। ਸਿਆਸੀ ਹਲਕਿਆਂ ਵਿੱਚ ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲਦ ਹੀ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨਾਲ ਮੁਲਾਕਾਤ ਕਰ ਸਕਦੇ ਹਨ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਸਿਆਸੀ ਸਾਂਝ ਕਾਇਮ ਕਰਨ ਦੀ ਵਕਾਲਤ ਕਰਦੇ ਰਹੇ ਹਨ। ਉਨ੍ਹਾਂ ਤੋਂ ਇਲਾਵਾ ਭਾਜਪਾ ਆਗੂ ਸੁਨੀਲ ਜਾਖੜ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਇਸ ਗੱਠਜੋੜ ਦੇ ਹੱਕ ਵਿੱਚ ਆਪਣੀ ਰਾਏ ਰੱਖਦੇ ਰਹੇ ਹਨ।
ਅਜਿਹੇ ਹਾਲਾਤ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਹੋਈ ਇਸ ਮੁਲਾਕਾਤ ਨੂੰ ਪੰਜਾਬ ਦੀ ਆਉਣ ਵਾਲੀ ਸਿਆਸਤ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਦੋਵਾਂ ਪਾਰਟੀਆਂ ਵੱਲੋਂ ਸੰਭਾਵਿਤ ਗੱਠਜੋੜ ਬਾਰੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।
- PTC NEWS