adv-img
ਮੁੱਖ ਖਬਰਾਂ

ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ ਨੇ ਤੋੜਿਆ ਰਿਕਾਰਡ

By Jasmeet Singh -- November 1st 2022 09:02 AM -- Updated: November 1st 2022 09:18 AM
ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ ਨੇ ਤੋੜਿਆ ਰਿਕਾਰਡ

ਚੰਡੀਗੜ੍ਹ, 1 ਨਵੰਬਰ: ਸਰਕਾਰ ਦੇ ਸਾਰੇ ਦਾਅਵਿਆਂ ਦੇ ਬਾਵਜੂਦ ਪੰਜਾਬ ਵਿਚ ਪਰਾਲੀ ਸਾੜਨ ਦੇ ਮਾਮਲੇ ਰਿਕਾਰਡ ਤੋੜ ਰਹੇ ਹਨ। ਸੋਮਵਾਰ ਨੂੰ ਸੂਬੇ 'ਚ 2131 ਥਾਵਾਂ 'ਤੇ ਪਰਾਲੀ ਸਾੜੀ ਗਈ, ਜੋ ਇਸ ਸੀਜ਼ਨ 'ਚ ਹੁਣ ਤੱਕ ਦਾ ਸਭ ਤੋਂ ਵੱਧ ਅੰਕੜਾ ਹੈ। ਇਨ੍ਹਾਂ ਵਿੱਚੋਂ 330 ਘਟਨਾਵਾਂ ਸਿਰਫ਼ ਸੰਗਰੂਰ ਦੀਆਂ ਹਨ। ਇਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਗ੍ਰਹਿ ਜ਼ਿਲ੍ਹਾ ਹੈ। ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਅੰਕੜਿਆਂ ਅਨੁਸਾਰ 15 ਸਤੰਬਰ ਤੋਂ 31 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 16004 ਘਟਨਾਵਾਂ ਸਾਹਮਣੇ ਆਈਆਂ ਹਨ। ਇਸੇ ਸਮੇਂ ਦੌਰਾਨ, ਰਾਜ ਵਿੱਚ 2020 ਅਤੇ 2021 ਵਿੱਚ ਕ੍ਰਮਵਾਰ 29,615 ਅਤੇ 13,124 ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ।

ਲੁਧਿਆਣਾ 'ਚ ਕਿਸਾਨਾਂ ਖ਼ਿਲਾਫ਼ ਰੈੱਡ ਨੋਟਿਸ ਜਾਰੀ 

ਲਗਾਤਾਰ ਪਰਾਲੀ ਸਾੜਨ ਦੀ ਸਮੱਸਿਆ ਨਾਲ ਜੂਝ ਰਹੇ ਲੁਧਿਆਣਾ ਦੇ ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਲੁਧਿਆਣਾ ਦੇ ਕਿਸਾਨਾਂ ਦੇ ਇਕ ਹਿੱਸੇ ਨੂੰ 'ਰੈੱਡ ਨੋਟਿਸ' ਜਾਰੀ ਕੀਤਾ ਗਿਆ ਹੈ, ਜੋ ਇਸ ਕਾਰਜ ਵਿਚ ਸ਼ਾਮਲ ਸਨ ਅਤੇ ਹਵਾ ਪ੍ਰਦੂਸ਼ਣ ਦਾ ਕਾਰਨ ਬਣੇ ਸਨ। ਮੁੱਖ ਖੇਤੀਬਾੜੀ ਅਫ਼ਸਰ ਅਮਨਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਨੂੰ 1.92 ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ, ਉਨ੍ਹਾਂ ਦੱਸਿਆ ਕਿ ਹੁਣ ਤੱਕ 658 ਮਾਮਲੇ ਸਾਹਮਣੇ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਲਈ ਟੀਮਾਂ ਦਾ ਗਠਨ ਕੀਤੀਆਂ ਗਈਆਂ ਹਨ। 

ਪਰਾਲੀ ਸਾੜਨ ਦੀਆਂ ਘਟਨਾਵਾਂ ਖਾਸ ਕਰਕੇ ਪੰਜਾਬ ਵਿਚ ਵੱਧ ਰਹੀਆਂ ਹਨ ਅਤੇ ਪਿਛਲੇ ਕੁੱਝ ਦਿਨਾਂ ਵਿਚ ਇਹ ਦੁੱਗਣੀਆਂ ਤੋਂ ਵੀ ਵੱਧ ਗਈਆਂ ਹਨ। 22 ਅਕਤੂਬਰ ਤੱਕ ਖੇਤਾਂ ਨੂੰ ਅੱਗ ਲੱਗਣ ਦੀਆਂ 3,696 ਘਟਨਾਵਾਂ ਦਰਜ ਕੀਤੀਆਂ ਗਈਆਂ। ਇਹ ਇਸ ਤੱਥ ਦੇ ਦੌਰਾਨ ਸਾਹਮਣੇ ਆਇਆ ਹੈ ਕਿ ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਮੋਗਾ, ਮੁਕਤਸਰ, ਬਠਿੰਡਾ, ਲੁਧਿਆਣਾ, ਖੰਨਾ ਅਤੇ ਬਰਨਾਲਾ ਜ਼ਿਲ੍ਹਿਆਂ ਵਿੱਚ 50 ਫੀਸਦ ਝੋਨੇ ਦੀ ਕਟਾਈ ਹੋਣੀ ਬਾਕੀ ਹੈ।

- ਰਿਪੋਰਟਰ ਰਾਵਿੰਦਰਮੀਤ ਦੇ ਸਹਿਯੋਗ ਨਾਲ 

- PTC NEWS

adv-img
  • Share