ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਜਾਹੋ ਜਲਾਲ ਨਾਲ ਮਨਾਏ ਜਾਣਗੇ- ਭਾਈ ਮਹਿਤਾ
ਅੰਮ੍ਰਿਤਸਰ- ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਇਕੱਤਰਤਾ ਹੋਈ, ਜਿਸ ਦੌਰਾਨ ਸਮਾਗਮਾਂ ਸਬੰਧੀ ਬਣਾਈਆਂ ਗਈਆਂ ਸਬ-ਕਮੇਟੀਆਂ ਪਾਸੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ ਅਤੇ ਕੀਤੇ ਜਾਣ ਵਾਲੇ ਹੋਰ ਕਾਰਜਾਂ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪੰਥਕ ਪ੍ਰੰਪਰਾਵਾਂ ਅਨੁਸਾਰ 13 ਸਤੰਬਰ ਤੋਂ 18 ਸਤੰਬਰ 2024 ਤੱਕ ਮਨਾਇਆ ਜਾਵੇਗਾ।
ਇਸ ਸਬੰਧੀ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਬ-ਕਮੇਟੀਆਂ ਨਿਰਧਾਰਤ ਕੀਤੀਆਂ ਗਈਆਂ ਸਨ। ਅੱਜ ਦੀ ਇਕੱਤਰਤਾ ਵਿਚ ਹੋਈਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਹੋਣ ਵਾਲੇ ਹੋਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਸਮਾਗਮ ਵਿਸ਼ੇਸ਼ ਮਹੱਤਤਾ ਰੱਖਦੇ ਹਨ।
ਇਸ ਮੌਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਦੀ ਹਰ ਸਹੂਲਤ ਦਾ ਧਿਆਨ ਰੱਖਣਾ ਸਾਡੀ ਜ਼ੁੰਮੇਵਾਰੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਚੌਥੇ ਪਾਤਸ਼ਾਹ ਜੀ ਦੇ ਗੁਰਿਆਈ ਦਿਵਸ ਅਤੇ ਤੀਸਰੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
- PTC NEWS