ਕਿਸਾਨਾਂ ਨੂੰ ਵੱਡੀ ਰਾਹਤ, ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਸ਼ਰਤਾਂ 'ਚ ਦਿੱਤੀ ਢਿੱਲ
ਚੰਡੀਗੜ੍ਹ: ਪੰਜਾਬ ਵਿੱਚ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਾਰਨ ਕਣਕ ਦੀ ਫ਼ਸਲ ਨੂੰ ਹੋਏ ਨੁਕਸਾਨ ਦੀ ਸਥਿਤੀ ਵਿੱਚ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਕਣਕ ਦੀ ਖਰੀਦ ਲਈ ਸ਼ਰਤਾਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਮੰਡੀਆਂ ਵਿੱਚ ਆਉਣ ਵਾਲੀ ਸਾਰੀ ਕਣਕ ਦੀ ਖਰੀਦ ਕਰੇਗੀ।
ਜਾਰੀ ਹੁਕਮਾਂ ਅਨੁਸਾਰ ਘਟੀਆ ਕੁਆਲਿਟੀ ਦੀ ਸੂਰਤ ਵਿੱਚ 5.31 ਤੋਂ 31.87 ਰੁਪਏ ਪ੍ਰਤੀ ਕੁਇੰਟਲ ਕੱਟੇ ਜਾਣਗੇ। ਪੰਜਾਬ ਸਰਕਾਰ ਨੇ ਕੇਂਦਰ ਨੂੰ ਕੋਈ ਕਟੌਤੀ ਨਾ ਕਰਨ ਦੀ ਅਪੀਲ ਕੀਤੀ ਸੀ। ਪੰਜਾਬ ਵਿੱਚ 14.57 ਲੱਖ ਹੈਕਟੇਅਰ ਖੜ੍ਹੀ ਫਸਲ ਪ੍ਰਭਾਵਿਤ ਹੋਈ ਹੈ। ਹੁਣ ਭਾਰਤ ਸਰਕਾਰ ਨੇ ਕਿਹਾ ਹੈ ਕਿ 10 ਫੀਸਦੀ ਤੱਕ ਖ਼ਰਾਬ ਕਣਕ ਦੀ ਐਮ.ਐਸ.ਪੀ. 'ਤੇ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ। 10 ਤੋਂ 80 ਫੀਸਦੀ ਖ਼ਰਾਬ ਅਨਾਜ 'ਤੇ 5.31 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕੀਤੀ ਜਾਵੇਗੀ।
ਰਿਪੋਰਟਾਂ ਮੁਤਾਬਕ ਪੰਜਾਬ ਵਿੱਚ 35 ਤੋਂ 80 ਫੀਸਦੀ ਕਣਕ ਖ਼ਰਾਬ ਹੋ ਚੁੱਕੀ ਹੈ। ਇਸੇ ਤਰ੍ਹਾਂ ਜੇਕਰ ਅਨਾਜ 6 ਫੀਸਦੀ ਤੱਕ ਖ਼ਰਾਬ ਹੁੰਦਾ ਹੈ ਤਾਂ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਪਰ ਜੇਕਰ ਅਨਾਜ 6 ਤੋਂ 8 ਫੀਸਦੀ ਤੱਕ ਸੁੰਗੜਿਆ ਜਾਂ ਟੁੱਟ ਗਿਆ ਤਾਂ 5.31 ਰੁਪਏ ਪ੍ਰਤੀ ਕੁਇੰਟਲ ਦੀ ਕਟੌਤੀ ਕੀਤੀ ਜਾਵੇਗੀ। 8 ਤੋਂ 10 ਫੀਸਦੀ ਸੁੰਗੜੇ ਜਾਂ ਟੁੱਟੇ ਅਨਾਜ 'ਤੇ 10.62 ਰੁਪਏ, 15 ਤੋਂ 16 ਫੀਸਦੀ 'ਤੇ 26.66 ਰੁਪਏ ਅਤੇ 16 ਤੋਂ 18 ਫੀਸਦੀ ਦਾਣਿਆਂ ਦੇ ਟੁੱਟਣ ਜਾਂ ਸੁੰਗੜਨ 'ਤੇ 31.87 ਫੀਸਦੀ ਦੀ ਕਟੌਤੀ ਕੀਤੀ ਜਾਵੇਗੀ। ਰਿਪੋਰਟਾਂ ਅਨੁਸਾਰ ਪੰਜਾਬ ਵਿੱਚ 15 ਤੋਂ 18 ਫੀਸਦੀ ਕਣਕ ਦਾ ਨਾੜ ਖਰਾਬ ਹੋਇਆ ਹੈ।
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਲਿਖੀ ਸੀ ਚਿੱਠੀ
ਦੱਸ ਦੇਈਏ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਫਸਲਾਂ ਦੇ ਨੁਕਸਾਨ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖਿਆ ਸੀ। ਪੱਤਰ ਰਾਹੀਂ ਉਨ੍ਹਾਂ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਸੀ। ਚੱਢਾ ਨੇ ਆਪਣੇ ਪੱਤਰ ਰਾਹੀਂ ਕਿਹਾ ਸੀ ਕਿ ਪੰਜਾਬ ਵਿੱਚ ਪਏ ਮੀਂਹ ਕਾਰਨ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ। ਪੰਜਾਬ ਵਿੱਚ ਕਰੀਬ 14 ਲੱਖ ਹੈਕਟੇਅਰ ਫਸਲ ਤਬਾਹ ਹੋ ਚੁੱਕੀ ਹੈ। ਅਜਿਹੇ 'ਚ ਕਿਸਾਨਾਂ ਨੂੰ ਮਦਦ ਦੀ ਲੋੜ ਹੈ, ਉਨ੍ਹਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਦੂਜੇ ਪਾਸੇ ਪੰਜਾਬ ਸਰਕਾਰ ਪਹਿਲਾਂ ਹੀ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕਰ ਚੁੱਕੀ ਹੈ।
- PTC NEWS