CM ਭਗਵੰਤ ਮਾਨ ਵੱਲੋਂ ਭਾਰੀ ਮੀਂਹ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਕੂਲਾਂ ‘ਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ
Punjab Schools Holidays : ਪੰਜਾਬ ਦੇ ਸਾਰੇ ਸਕੂਲਾਂ ‘ਚ ਭਾਰੀ ਮੀਂਹ ਨੂੰ ਦੇਖਦਿਆਂ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਲਿਖਿਆ - ਪਿਛਲੇ ਕੁਝ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ ਅਤੇ ਮੌਸਮ ਵਿਭਾਗ ਕੁਝ ਹੋਰ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕਰ ਰਿਹਾ ਹੈ। ਇਸ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਪ੍ਰਾਇਮਰੀ, ਸੈਕੰਡਰੀ, ਸੀਨੀਅਰ ਸੈਕੰਡਰੀ ਸਰਕਾਰੀ ਅਤੇ ਪ੍ਰਾਈਵੇਟ ਸਕੂਲ 27 ਅਗਸਤ ਤੋਂ 30 ਅਗਸਤ ਤੱਕ ਬੰਦ ਰਹਿਣਗੇ।

ਦਰਅਸਲ 'ਚ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦਾ ਪ੍ਰਭਾਵ ਹੁਣ ਪੰਜਾਬ 'ਤੇ ਵੀ ਦਿਖਾਈ ਦੇ ਰਿਹਾ ਹੈ। ਸੂਬੇ ਦੇ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਹਨ। ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਰਾਵੀ, ਸਤਲੁਜ ਅਤੇ ਬਿਆਸ ਦਰਿਆਵਾਂ ਦਾ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਰਿਹਾ ਹੈ।
ਸਥਿਤੀ ਨੂੰ ਗੰਭੀਰ ਹੁੰਦੇ ਦੇਖਦਿਆਂ ਜਲੰਧਰ, ਕਪੂਰਥਲਾ, ਪਠਾਨਕੋਟ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਨਾਲ-ਨਾਲ ਅੰਮ੍ਰਿਤਸਰ ਦੇ ਅਜਨਾਲਾ ਅਤੇ ਰਈਆ ਬਲਾਕਾਂ ਦੇ ਸਕੂਲ ਅੱਜ ਬੰਦ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਫਾਜ਼ਿਲਕਾ ਦੇ 20 ਹੜ੍ਹ ਪ੍ਰਭਾਵਿਤ ਪਿੰਡਾਂ ਦੇ ਸਕੂਲ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ। ਹਰੀਕੇ ਹੈੱਡਵਰਕਸ ਤੋਂ ਛੱਡੇ ਗਏ ਪਾਣੀ ਕਾਰਨ ਤਰਨਤਾਰਨ ਅਤੇ ਫਿਰੋਜ਼ਪੁਰ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ। ਬਿਆਸ ਦਰਿਆ 'ਤੇ ਬਣੇ ਚੱਕੀ ਰੇਲਵੇ ਪੁਲ ਦੇ ਹੇਠਾਂ ਮਿੱਟੀ ਡਿੱਗਣ ਕਾਰਨ ਪਠਾਨਕੋਟ-ਜਲੰਧਰ ਰੇਲਵੇ ਰੂਟ ਬੰਦ ਕਰ ਦਿੱਤਾ ਗਿਆ ਹੈ। ਇਸ ਨਾਲ 90 ਰੇਲਗੱਡੀਆਂ ਪ੍ਰਭਾਵਿਤ ਹੋਈਆਂ। ਕੁਝ ਰੇਲਗੱਡੀਆਂ ਪਠਾਨਕੋਟ-ਅੰਮ੍ਰਿਤਸਰ-ਜਲੰਧਰ ਰੂਟ ਰਾਹੀਂ ਭੇਜੀਆਂ ਜਾ ਰਹੀਆਂ ਹਨ।
- PTC NEWS