Sun, Jun 15, 2025
Whatsapp

CM Mann Instruction: ਪੰਜਾਬ ‘ਚ ਬਣੇ ਹੜ੍ਹ ਵਰਗੇ ਹਾਲਾਤ, ਪਿੰਡਾਂ ‘ਚ ਲੋਕ ਹੋਏ ਪਰੇਸ਼ਾਨ, ਸੀਐੱਮ ਮਾਨ ਨੇ ਜਾਰੀ ਕੀਤੇ ਇਹ ਹੁਕਮ

ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ।

Reported by:  PTC News Desk  Edited by:  Aarti -- July 09th 2023 04:37 PM -- Updated: July 09th 2023 05:53 PM
CM Mann Instruction: ਪੰਜਾਬ ‘ਚ ਬਣੇ ਹੜ੍ਹ ਵਰਗੇ ਹਾਲਾਤ, ਪਿੰਡਾਂ ‘ਚ ਲੋਕ ਹੋਏ ਪਰੇਸ਼ਾਨ, ਸੀਐੱਮ ਮਾਨ ਨੇ ਜਾਰੀ ਕੀਤੇ ਇਹ ਹੁਕਮ

CM Mann Instruction: ਪੰਜਾਬ ‘ਚ ਬਣੇ ਹੜ੍ਹ ਵਰਗੇ ਹਾਲਾਤ, ਪਿੰਡਾਂ ‘ਚ ਲੋਕ ਹੋਏ ਪਰੇਸ਼ਾਨ, ਸੀਐੱਮ ਮਾਨ ਨੇ ਜਾਰੀ ਕੀਤੇ ਇਹ ਹੁਕਮ

ਰਵਿੰਦਰਮੀਤ,( ਚੰਡੀਗੜ੍ਹ, 9 ਜੁਲਾਈ): ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦੀ ਘੜੀ ਵਿੱਚ ਆਪਣੇ-ਆਪਣੇ ਖੇਤਰਾਂ ਵਿੱਚ ਰਹਿਣ ਅਤੇ ਲੋੜਵੰਦਾਂ ਤੱਕ ਪਹੁੰਚ ਕਰਨ ਦੇ ਹੁਕਮ ਦਿੱਤੇ ਹਨ। 

ਸੀਐੱਮ ਮਾਨ ਨੇ ਜਾਰੀ ਕੀਤੇ ਹੁਕਮ 


ਕੁਦਰਤ ਦੇ ਕਹਿਰ ਦੇ ਮੱਦੇਨਜ਼ਰ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਹੜ੍ਹਾਂ ਤੋਂ ਬਚਾਅ ਵਾਸਤੇ ਵਿਆਪਕ ਕਾਰਜ ਯੋਜਨਾ ਨੂੰ ਲਾਗੂ ਕੀਤਾ ਜਾਵੇ। 

ਇਲਾਕੇ ਦੇ ਲੋਕਾਂ ਦੀ ਸੁਰੱਖਿਆ ਨੂੰ ਬਣਾਈ ਜਾਵੇ ਯਕੀਨੀ 

ਉਨ੍ਹਾਂ ਕਿਹਾ ਕਿ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਇਲਾਕੇ ਦੇ ਲੋਕਾਂ ਵਿੱਚ ਜਾ ਕੇ ਉਨ੍ਹਾਂ ਨੂੰ ਜਲਦੀ ਤੋਂ ਜਲਦੀ ਰਾਹਤ ਦੇਣ ਨੂੰ ਯਕੀਨੀ ਬਣਾਉਣ। ਭਗਵੰਤ ਮਾਨ ਨੇ ਕਿਹਾ ਕਿ ਡਿਪਟੀ ਕਮਿਸ਼ਨਰ (ਡੀ.ਸੀ.) ਅਤੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀਜ਼) ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।

ਕਈ ਇਲਾਕਿਆਂ ‘ਚ ਪਹਿਲਾਂ ਹੀ ਅਲਰਟ ਜਾਰੀ 

ਮੁੱਖ ਮੰਤਰੀ ਨੇ ਕਿਹਾ ਕਿ ਨੀਵੇਂ ਇਲਾਕਿਆਂ ਖ਼ਾਸ ਕਰਕੇ ਦਰਿਆਵਾਂ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਹਿਲਾਂ ਹੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਕਿਸੇ ਜ਼ਰੂਰੀ ਕੰਮ ਲਈ ਹੀ ਘਰਾਂ ਤੋਂ ਬਾਹਰ ਨਿਕਲਣ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਰਸਾਤ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਪਰ ਸੂਬਾ ਸਰਕਾਰ ਵੱਲੋਂ ਸਥਿਤੀ ’ਤੇ ਬਾਕਾਇਦਾ ਨਜ਼ਰ ਰੱਖੀ ਜਾ ਰਹੀ ਹੈ।

ਲੋੜਵੰਦਾਂ ਦੀ ਮਦਦ ਕੀਤੀ ਜਾਵੇ-ਸੀਐਮ ਮਾਨ  

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਚਾਹੀਦਾ ਹੈ ਕਿ ਉਹ ਆਪੋ-ਆਪਣੇ ਹਲਕਿਆਂ ਖ਼ਾਸ ਕਰਕੇ ਨੀਵੇਂ ਅਤੇ ਹੜ੍ਹਾਂ ਵਾਲੇ ਇਲਾਕਿਆਂ ਦਾ ਦੌਰਾ ਕਰਨ ਤਾਂ ਜੋ ਲੋੜਵੰਦਾਂ ਦੀ ਮਦਦ ਯਕੀਨੀ ਬਣਾਈ ਜਾ ਸਕੇ।

ਪਹਿਲ ਦੇ ਆਧਾਰ 'ਤੇ ਜ਼ਰੂਰੀ ਕੰਮ ਕੀਤੇ ਜਾਣ- ਸੀਐਮ 

ਮੁੱਖ ਮੰਤਰੀ ਨੇ ਕਿਹਾ ਕਿ ਕਿਉਂਕਿ ਸੂਬੇ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਇਸ ਲਈ ਕੁਝ ਥਾਵਾਂ 'ਤੇ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਉਨ੍ਹਾਂ ਕਿਹਾ ਕਿ ਡੀ.ਸੀਜ਼, ਐਸ.ਐਸ.ਪੀਜ਼, ਐਸ.ਡੀ.ਐਮਜ਼ ਅਤੇ ਫੀਲਡ ਸਟਾਫ਼ ਚੌਕਸ ਰਹੇ ਅਤੇ ਜ਼ਿਆਦਾ ਪਾਣੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਪਹਿਲ ਦੇ ਆਧਾਰ 'ਤੇ ਜ਼ਰੂਰੀ ਕੰਮ ਕਰਨ। 

ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸੀਐਮ ਮਾਨ 

ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਟਰ ਵਰਕਸ ਦੇ ਪਾਣੀ ਵਿੱਚ ਡੁੱਬਣ ਤੋਂ ਰੋਕਣ ਲਈ ਹਰ ਥਾਂ 'ਤੇ ਵਾਟਰ ਵਰਕਸ ਦੇ ਪੰਪ ਹਾਊਸਾਂ ਦੇ ਆਲੇ-ਦੁਆਲੇ ਰੇਤ ਦੀਆਂ ਬੋਰੀਆਂ ਲਾ ਕੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਗੰਭੀਰ ਸੰਕਟ ਦੀ ਇਸ ਘੜੀ ਵਿੱਚ ਲੋਕਾਂ ਨੂੰ ਤੁਰੰਤ ਰਾਹਤ ਅਤੇ ਮਦਦ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਇਹ ਵੀ ਕਿਹਾ ਕਿ ਭਾਰੀ ਬਰਸਾਤ ਕਾਰਨ ਪੈਦਾ ਹੋਈ ਇਸ ਸਥਿਤੀ ਵਿੱਚ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਾ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ।

ਪ੍ਰਸ਼ਾਸਨ ਨਾਲ ਕੀਤਾ ਜਾਵੇ ਰਾਬਤਾ ਕਾਇਮ 

ਇਸ ਦੌਰਾਨ ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਹਰਕਤ ਵਿੱਚ ਆਉਂਦਿਆਂ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਲੋਕਾਂ ਨੂੰ ਰਾਹਤ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕੀਤਾ ਹੈ। ਮੰਤਰੀ ਅਤੇ ਵਿਧਾਇਕ ਨੀਵੇਂ ਅਤੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਇਨ੍ਹਾਂ ਖੇਤਰਾਂ ਤੋਂ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਭਾਰੀ ਮੀਂਹ ਕਾਰਨ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਠੋਸ ਉਪਰਾਲੇ ਕਰਨ ਦੇ ਨਿਰਦੇਸ਼ ਵੀ ਦਿੱਤੇ।

ਕੰਟਰੋਲ ਰੂਮਾਂ ‘ਚ 24 ਘੰਟੇ ਅਧਿਕਾਰੀ ਕੀਤੇ ਨਿਯੁਕਤ

ਇਸ ਦੌਰਾਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰਾਂ ਨੇ ਸੰਕਟ ਦੀ ਘੜੀ ਵਿੱਚ ਲੋਕਾਂ ਦੀ ਮਦਦ ਲਈ ਹੜ੍ਹ ਕੰਟਰੋਲ ਰੂਮ ਸਥਾਪਤ ਕੀਤੇ ਹਨ। ਕੰਟਰੋਲ ਰੂਮ ਦੇ ਨੰਬਰਾਂ ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸੇਵਾ ਲਈ ਇਨ੍ਹਾਂ ਕੰਟਰੋਲ ਰੂਮਾਂ ਵਿੱਚ 24 ਘੰਟੇ ਅਧਿਕਾਰੀ ਨਿਯੁਕਤ ਕੀਤੇ ਗਏ ਹਨ। ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹੰਗਾਮੀ ਹਾਲਾਤ ਵਿੱਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਬਾਰੇ ਫ਼ੋਨ ਆਉਣ 'ਤੇ ਤੁਰੰਤ ਕਾਰਵਾਈ ਯਕੀਨੀ ਬਣਾਉਣ।

ਇਹ ਵੀ ਪੜ੍ਹੋ: CM ਮਾਨ ਨੇ ਲੋਕਾਂ ਤੋਂ ਮੰਗੇ ਉਦਯੋਗਾਂ ਲਈ ਸੁਝਾਅ, ਜਾਰੀ ਕੀਤਾ ਵ੍ਹਟਸਐਪ ਨੰਬਰ ਤੇ ਈਮੇਲ ਆਈਡੀ

- PTC NEWS

Top News view more...

Latest News view more...

PTC NETWORK