ਏਸ਼ੀਆਈ ਚੈਂਪੀਅਨਜ਼ ਟਰਾਫੀ ਜਿੱਤ ਕੇ ਆਈ ਭਾਰਤੀ ਹਾਕੀ ਟੀਮ ਨੂੰ ਮਿਲੇ ਸੀ.ਐਮ. ਮਾਨ, ਦਿੱਤੀ ਵਧਾਈ
Asian Champions Trophy: ਸੀ.ਐੱਮ ਭਗਵੰਤ ਮਾਨ ਨੇ ਹਾਕੀ ਚੈਂਪੀਅਨ ਟਰਾਫ਼ੀ ਦੀ ਜੇਤੂ ਟੀਮ ਨੂੰ ਵਧਾਈ ਦਿੱਤੀ। ਫਾਈਨਲ ਵਿੱਚ ਮਲੇਸ਼ੀਆ ਨੂੰ ਹਰਾ ਕੇ ਮੁਲਕ ਦਾ ਨਾਮ ਰੋਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਨੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ। ਇਸ ਦੌਰਾਨ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਸੀ.ਐੱਮ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਡਾਂ ਨੂੰ ਹੋਰ ਪ੍ਰਫੁੱਲਤ ਕਰ ਕੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਮੁੱਖ ਮੰਤਰੀ ਨੇ ਸੂਬੇ ਵਿਚ ਹਾਕੀ ਦੀ ਸ਼ਾਨ ਮੁੜ ਬਹਾਲ ਕਰਨ ਲਈ ਹਰ ਸੰਭਵ ਯਤਨ ਕਰਨ ਦਾ ਨਿਰਨਾ ਲਿਆ। ਸੀ.ਐੱਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਹੀ ਹਾਕੀ ਦੇ ਖੇਤਰ ਵਿੱਚ ਸ਼ਾਨਦਾਰ ਖੇਡ ਦਾ ਪ੍ਰਗਟਾਵਾ ਕੀਤਾ ਹੈ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ।
ਮੁੱਖ ਮੰਤਰੀ ਨੇ ਦਿੱਤੀ ਨਸੀਹਤ:
ਮੁੱਖ ਮੰਤਰੀ ਨੇ ਕਿਹਾ ਕਿ ਸਫਲਤਾ ਦਾ ਇਹ ਜਜ਼ਬਾ ਕਾਇਮ ਰਹਿਣਾ ਚਾਹੀਦਾ ਹੈ ਤਾਂ ਕਿ ਭਵਿੱਖ ਵਿਚ ਸਾਡੀ ਟੀਮ ਹੋਰ ਮੈਡਲ ਜਿੱਤ ਸਕੇ। ਉਨ੍ਹਾਂ ਨੇ ਦੁੱਖ ਜ਼ਾਹਿਰ ਕੀਤਾ ਕਿ ਹਾਕੀ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਇਸ ਨੂੰ ਬੁਰੀ ਤਰ੍ਹਾਂ ਅਣਗੌਲਿਆ ਕਰਦੀਆਂ ਰਹੀਆਂ ਹਨ ਜਿਸ ਕਰ ਕੇ ਇਹ ਖੇਡ ਖੇਤਰ ਵਿਚ ਬਹੁਤ ਪਛੜ ਗਈ। ਸੀ.ਐੱਮ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਹਾਕੀ ਨੂੰ ਬਣਦਾ ਰੁਤਬਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ।
ਸਰਕਾਰ ਨਸ਼ਿਆਂ ਦੀ ਅਲਾਮਤ ਦੇ ਖ਼ਾਤਮੇ ਲਈ ਵੱਡੇ ਉਪਰਾਲੇ ਰਹੀ ਹੈ ਕਰ:
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੀ ਅਲਾਮਤ ਦੇ ਖ਼ਾਤਮੇ ਲਈ ਵੱਡੇ ਉਪਰਾਲੇ ਕਰ ਰਹੀ ਹੈ ਤਾਂ ਕਿ ਖੇਡਾਂ ਖ਼ਾਸ ਕਰ ਕੇ ਹਾਕੀ ਦਾ ਹੋਰ ਵੀ ਪਾਸਾਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਕੀ ਖੇਡ ਦੀ ਬਹਾਲੀ ਲਈ ਹੋਰ ਵਸੀਲੇ ਜੁਟਾਏ ਜਾਣਗੇ। ਸੀ.ਐੱਮ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿਚ ਲਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੇ ਹੋਰ ਹਾਜ਼ਰ ਸਨ।
- PTC NEWS