CM Mann meet Home Minister Amit Shah: CM ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ’ਤੇ ਕੀਤੀ ਚਰਚਾ
Punjab CM Mann Meets Amit Shah: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਡਰੋਨ ਘੁਸਪੈਠ, ਸਰਹੱਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ 'ਤੇ ਚਰਚਾ ਕੀਤੀ ਗਈ। ਦੱਸ ਦਈਏ ਕਿ ਅਜਨਾਲਾ ਝੜਪ ਤੋਂ ਬਾਅਦ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਦੀ ਇਹ ਪਹਿਲੀ ਮੁਲਾਕਾਤ ਹੈ।
ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਨਾਲ ਮੁਲਾਕਾਤ ਕਰਕੇ ਬਾਰਡਰ 'ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ 'ਤੇ ਚਰਚਾ ਕੀਤੀ...ਸਰਹੱਦ 'ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ...
ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ...
ਕਾਨੂੰਨ ਵਿਵਸਥਾ ਦੇ ਮਸਲੇ 'ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ...
— Bhagwant Mann (@BhagwantMann) March 2, 2023
ਇਸ ਸਬੰਧੀ ਸੀਐੱਮ ਭਗਵੰਤ ਮਾਨ ਨੇ ਟਵੀਟ ਵੀ ਕੀਤਾ। ਉਨ੍ਹਾਂ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਬਾਰਡਰ 'ਤੇ ਆਉਂਦੇ ਡ੍ਰੋਨ ਤੇ ਨਸ਼ੇ ਦੇ ਮਸਲੇ 'ਤੇ ਚਰਚਾ ਕੀਤੀ...ਸਰਹੱਦ 'ਤੇ ਕੰਡਿਆਲੀ ਤਾਰ ਸ਼ਿਫਟ ਕਰਨ ਦਾ ਮਸਲਾ ਵੀ ਵਿਚਾਰਿਆ ਗਿਆ। ਪੰਜਾਬ ਦਾ ਰੁਕਿਆ ਪੇਂਡੂ ਵਿਕਾਸ ਫੰਡ ਵੀ ਜਲਦ ਜਾਰੀ ਕਰਨ ਨੂੰ ਕਿਹਾ ਗਿਆ ਹੈ। ਕਾਨੂੰਨ ਵਿਵਸਥਾ ਦੇ ਮਸਲੇ 'ਤੇ ਕੇਂਦਰ-ਪੰਜਾਬ ਮਿਲਕੇ ਕੰਮ ਕਰਨਗੇ।
ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਨਵੀਆਂ ਚੁਣੌਤੀਆਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਸੂਬਾ ਪੁਲਿਸ ਫੋਰਸ ਦੇ ਆਧੁਨਿਕੀਕਰਨ ਨੂੰ ਯਕੀਨੀ ਬਣਾਉਣ ਲਈ ਖੁੱਲ੍ਹੇ ਦਿਲ ਨਾਲ ਫੰਡ ਮੁਹੱਈਆ ਕਰਵਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਘੁਸਪੈਠ ਅਤੇ ਡਰੋਨ ਹਮਲਿਆਂ ਨੂੰ ਰੋਕਣ ਲਈ ਪੁਲਿਸ ਫੋਰਸ ਨੂੰ ਅਤਿ ਆਧੁਨਿਕ ਯੰਤਰ ਅਤੇ ਹਥਿਆਰ ਮੁਹੱਈਆ ਕਰਵਾਉਣਾ ਸਮੇਂ ਦੀ ਮੁੱਖ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਇਹ ਸਭ ਤੋਂ ਜ਼ਰੂਰੀ ਹੈ।
ਅਮਿਤ ਸ਼ਾਹ ਨਾਲ 40 ਮਿੰਟ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦ ਪਾਰੋਂ ਆਈ ਇਸ ਚੁਣੌਤੀ ਦਾ ਸਾਹਮਣਾ ਕਰਨ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਦਰਮਿਆਨ ਬਿਹਤਰ ਤਾਲਮੇਲ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਵਡੇਰੇ ਹਿੱਤ ਵਿੱਚ ਸਰਹੱਦ 'ਤੇ ਸੁਰੱਖਿਆ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਮਾਨ ਨੇ ਕਿਹਾ ਕਿ ਪਾਕਿਸਤਾਨ ਡਰੱਗ ਮਾਫੀਆ ਦੀ ਸਰਪ੍ਰਸਤੀ ਕਰ ਰਿਹਾ ਹੈ, ਜੋ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਘਾਤਕ ਸਾਬਤ ਹੋ ਸਕਦਾ ਹੈ।
ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਪੰਜਾਬ ਵੱਲੋਂ ਫੜੇ ਗਏ ਗੈਂਗਸਟਰਾਂ ਬਾਰੇ ਵੀ ਵਿਸਥਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਜਾਣੂ ਕਰਵਾਇਆ ਕਿ ਸੂਬਾ ਸਰਕਾਰ ਗੈਂਗਸਟਰਾਂ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਉੱਤੇ ਚੱਲ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਕੀਮਤ 'ਤੇ ਸੂਬੇ ਵਿਚ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਲਈ ਪਾਬੰਦ ਹੈ।
ਮੁੱਖ ਮੰਤਰੀ ਨੇ ਕੰਡਿਆਲੀ ਤਾਰ ਤੋਂ ਪਾਰ ਜਾਣ ਵਾਲੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਮੁੱਦਾ ਵੀ ਉਠਾਇਆ। ਉਨ੍ਹਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਕਾਡਰ ਦੇ ਅਧਿਕਾਰੀ ਨੂੰ ਚੰਡੀਗੜ੍ਹ ਵਿੱਚ ਐਸ.ਐਸ.ਪੀ. ਨਿਯੁਕਤ ਕਰਨ ਦੀ ਵੀ ਅਪੀਲ ਕੀਤੀ, ਜੋ ਲੰਮੇ ਸਮੇਂ ਤੋਂ ਲਟਕਿਆ ਹੋਇਆ ਹੈ। ਭਗਵੰਤ ਮਾਨ ਨੇ ਪੇਂਡੂ ਵਿਕਾਸ ਫੰਡ (ਆਰ.ਡੀ.ਐਫ.) ਦੇ ਬਕਾਏ ਤੁਰੰਤ ਜਾਰੀ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਦੇ ਦਖਲ ਦੀ ਮੰਗ ਕੀਤੀ।
ਮੁੱਖ ਮੰਤਰੀ ਦੇ ਨਾਲ ਡੀ.ਜੀ.ਪੀ. ਗੌਰਵ ਯਾਦਵ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਰਵੀ ਭਗਤ ਵੀ ਮੌਜੂਦ ਸਨ।
ਇਹ ਵੀ ਪੜ੍ਹੋ: AAP MLA Amit Rattan: ਵਿਧਾਇਕ ਅਮਿਤ ਰਤਨ ਨੂੰ 16 ਮਾਰਚ ਤੱਕ ਭੇਜਿਆ ਪਟਿਆਲਾ ਜੇਲ੍ਹ
- PTC NEWS