ਬੇਅਦਬੀ ਖਿਲਾਫ ਕਾਨੂੰਨ 'ਤੇ CM Mann ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਨਾਮ ’ਤੇ ਨੌਟੰਕੀ ਕਰਨੀ ਬੰਦ ਕਰੇ : ਸੁਖਬੀਰ ਸਿੰਘ ਬਾਦਲ
Shiromani Akali Dal Kotkapura Rally : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ (CM Mann) ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੇ ਨਾਮ ’ਤੇ ਨੌਟੰਕੀ ਕਰਨੀ ਬੰਦ ਕਰਨੀ ਚਾਹੀਦੀ ਹੈ ਅਤੇ ਦੱਸਿਆ ਕਿ ਪਿਛਲੀ ਅਕਾਲੀ ਸਰਕਾਰ ਨੇ 2016 ਵਿੱਚ ਹੀ ਬੇਅਦਬੀ ਵਿਰੋਧੀ ਕਾਨੂੰਨ (Anti Beadbi Law) ਪਾਸ ਕਰ ਦਿੱਤਾ ਸੀ।
ਅਕਾਲੀ ਦਲ ਦੇ ਪ੍ਰਧਾਨ ਨੇ ਇਥੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਨ ਕੀਤਾ, ਉਨ੍ਹਾਂ ਦੇ ਨਾਲ ਸੀਨੀਅਰ ਆਗੂ ਮਨਤਾਰ ਸਿੰਘ ਬਰਾੜ ਮੌਜੂਦ ਸਨ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਲੋਂ 2016 ਵਿੱਚ ਪਾਸ ਕੀਤੇ ਬੇਅਦਬੀ ਵਿਰੋਧੀ ਕਾਨੂੰਨ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਦੇ ਖਿਲਾਫ ਬੇਅਦਬੀ ਕਰਨ ਵਾਲੇ ਕਿਸੇ ਵੀ ਵਿਅਕਤੀ ਲਈ ਉਮਰ ਕੈਦ ਦੀ ਸਜ਼ਾ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ, “ਇਸ ਕਾਨੂੰਨ ਨੂੰ ਕੇਂਦਰ ਵੱਲੋਂ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ ਹੈ।”
ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ, “ਮੁੱਖ ਮੰਤਰੀ ਨੂੰ ਇਸ ਸੰਵੇਦਨਸ਼ੀਲ ਮਸਲੇ ’ਤੇ ਨਾਟਕ ਕਰਨ ਦੀ ਬਜਾਏ ਇਸਨੂੰ ਕੇਂਦਰ ਸਰਕਾਰ ਅੱਗੇ ਉਠਾਉਣਾ ਚਾਹੀਦਾ ਹੈ ਅਤੇ ਇਸ ਨੂੰ ਪਾਸ ਕਰਵਾਉਣਾ ਚਾਹੀਦਾ ਹੈ।
ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਉਣ ਤੋਂ ਬਾਅਦ 2015 ਵਿੱਚ ਬੇਅਦਬੀ ਦੀਆਂ ਘਟਨਾਵਾਂ ਸ਼ੁਰੂ ਹੋਈਆਂ। ਉਨ੍ਹਾਂ ਕਿਹਾ, “ਆਪ ਵਿਧਾਇਕ ਨਰੇਸ਼ ਯਾਦਵ ਨੂੰ ਬੇਅਦਬੀ ਦੇ ਇੱਕ ਮਾਮਲੇ ਵਿੱਚ ਦੋਸ਼ੀ ਵੀ ਕਰਾਰ ਦਿੱਤਾ ਗਿਆ ਸੀ, ਪਰ ਆਮ ਆਦਮੀ ਪਾਰਟੀ ਨੇ ਪੰਜਾਬੀਆਂ ਨੂੰ ਇਹ ਨਹੀਂ ਦੱਸਿਆ ਕਿ ਪਾਰਟੀ ਨੇ ਯਾਦਵ ਦਾ ਬਚਾਅ ਕਿਉਂ ਕੀਤਾ ਅਤੇ ਇੱਥੋਂ ਤੱਕ ਕਿ ਆਪਣੇ ਸੀਨੀਅਰ ਆਗੂਆਂ ਹਰਪਾਲ ਚੀਮਾ ਅਤੇ ਹਰਜੋਤ ਬੈਂਸ ਨੂੰ ਉਨ੍ਹਾਂ ਦਾ ਮਾਮਲਾ ਲੜਨ ਲਈ ਮੈਦਾਨ ਵਿੱਚ ਉਤਾਰਿਆ।”
ਉਨ੍ਹਾਂ ਨੇ ਲੋਕਾਂ ਨੂੰ ਅਕਾਲੀ ਦਲ ਦਾ ਸਮਰਥਨ ਕਰਨ ਅਤੇ ਪੰਜਾਬ ਨਾਲ ਭੇਦਭਾਵ ਕਰਨ ਵਾਲੀਆਂ ਦਿੱਲੀ ਦੀਆਂ ਪਾਰਟੀਆਂ ਦਾ ਬਾਈਕਾਟ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮੋਦੀ ਜੀ (ਪ੍ਰਧਾਨ ਮੰਤਰੀ ਨਰਿੰਦਰ ਮੋਦੀ), ਰਾਹੁਲ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਨੂੰ ਤੁਹਾਡੀ ਕੋਈ ਪਰਵਾਹ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਤੁਹਾਡੇ ਪਰਿਵਾਰ ਦਾ ਹਿੱਸਾ ਹੈ। ਅਸੀਂ ਹਮੇਸ਼ਾਂ ਤੁਹਾਡੇ ਨਾਲ ਖੜ੍ਹੇ ਹਾਂ, ਜਦਕਿ ਦਿੱਲੀ ਦੀਆਂ ਪਾਰਟੀਆਂ ਸਿਰਫ਼ ਸੱਤਾ ਅਤੇ ਲੁੱਟ ’ਚ ਹੀ ਵਿਸ਼ਵਾਸ ਕਰਦੀਆਂ ਹਨ।
ਕੋਟਕਪੂਰਾ ਵਿੱਚ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਰੇਲਵੇ ਲਾਈਨਾਂ ’ਤੇ ਓਵਰਬ੍ਰਿਜ ਬਣਾਏ ਅਤੇ ਸ਼ਹਿਰ ਦੀਆਂ ਸੜਕਾਂ ਅਤੇ ਸੀਵਰੇਜ ਨੈਟਵਰਕ ਵਿੱਚ ਸੁਧਾਰ ਕੀਤਾ। ਉਨ੍ਹਾਂ ਕਿਹਾ ਕਿ ਇਥੇ ਅਤੇ ਆਸ-ਪਾਸ ਦੇ ਹਲਕਿਆਂ ਵਿਚ ਸਾਰੇ ਵਿਕਾਸ ਕਾਰਜ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਏ ਹਨ। ਉਨ੍ਹਾਂ ਉਦਾਹਰਨ ਦਿੰਦੇ ਹੋਏ ਕਿਹਾ ਕਿ ਕਿਵੇਂ ਸਾਬਕਾ ਕਾਂਗਰਸੀ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਆਪਣੇ ਪਿੰਡ ਸਰਾਇਨਾਗਾ ਵਿਚ ਜਲਭਰਾਅ ਦੀ ਸਮੱਸਿਆ ਨੂੰ ਦੂਰ ਨਹੀਂ ਕਰ ਸਕੇ ਅਤੇ ਉਥੇ ਦੇ ਸਰਕਾਰੀ ਸਕੂਲ ਨੂੰ ਅੱਪਗ੍ਰੇਡ ਕਰਨ ਵਿੱਚ ਵੀ ਅਸਫਲ ਰਹੇ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਦੇ ਤੁਰੰਤ ਬਾਅਦ ਟਿਊਬਵੈਲ ਕਨੈਕਸ਼ਨ ਤੋਂ ਵਾਂਝੇ ਸਾਰੇ ਕਿਸਾਨਾਂ ਨੂੰ ਇਹ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਦਿਨ ਦੇ ਸਮੇਂ 12 ਘੰਟੇ ਬਿਜਲੀ ਦੀ ਸੁਵਿਧਾ ਵੀ ਦੇਵਾਂਗੇ।
ਸਰਦਾਰ ਬਾਦਲ ਨੇ ਨੌਜਵਾਨਾਂ ਨੂੰ 10 ਲੱਖ ਰੁਪਏ ਦਾ ਬਿਆਜ-ਮੁਕਤ ਕਰਜ਼ਾ ਦੇਣ, ਆਟਾ-ਦਾਲ ਯੋਜਨਾ ਨੂੰ ਮੁੜ ਸ਼ੁਰੂ ਕਰਨ, ਬੁਢਾਪਾ ਪੈਨਸ਼ਨ ਨੂੰ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕਰਨ ਅਤੇ ਸ਼ਗਨ ਭੱਤਾ ਵਧਾ ਕੇ 1 ਲੱਖ ਰੁਪਏ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਜ਼ਿਲ੍ਹੇ ਵਿਚ ਸਬੰਧਤ ਕਾਲਜਾਂ ਦੇ ਨਾਲ ਇਕ ਵਰਲਡ ਸਕਿੱਲ ਯੂਨੀਵਰਸਿਟੀ ਦੀ ਸਥਾਪਨਾ ਕੀਤੀ ਜਾਵੇਗੀ, ਹਰ ਜ਼ਿਲ੍ਹੇ ਵਿਚ ਇਕ ਮੈਡੀਕਲ ਅਤੇ ਪਸ਼ੂ ਚਿਕਿਤਸਾ ਕਾਲਜ ਖੋਲ੍ਹਿਆ ਜਾਵੇਗਾ ਅਤੇ ਸਰਕਾਰੀ ਨੌਕਰੀਆਂ ਸਿਰਫ਼ ਪੰਜਾਬੀਆਂ ਲਈ ਹੋਣਗੀਆਂ।
ਇਸ ਮੌਕੇ ’ਤੇ ਵਪਾਰ ਵਿੰਗ ਦੇ ਜ਼ਿਲਾ ਪ੍ਰਧਾਨ ਰਵਿੰਦਰ ਗਰਗ ਨੇ ਕਿਹਾ ਕਿ ਜਦੋਂ ਤੋਂ ਕੇਂਦਰ ਸਰਕਾਰ ਨੇ ਖਾਦ ਅਨਾਜ ’ਤੇ ਕਮਿਸ਼ਨ ਘਟਾਇਆ ਹੈ, ਉਦੋਂ ਤੋਂ ‘ਆੜਤੀ’ ਭਾਈਚਾਰੇ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਆਪਣੇ ਬਜਟ ਵਿਚ ਵਾਧੂ ਮੁਆਵਜ਼ਾ ਦੇ ਕੇ ਆੜ੍ਹਤੀਆਂ ਦੀ ਮਦਦ ਕਰ ਰਹੀ ਹੈ ਅਤੇ ਕਿਹਾ ਕਿ ਰਾਜ ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਵੀ ਇਸੇ ਤਰ੍ਹਾਂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਆੜਤੀਆਂ ਨੂੰ 50 ਕਰੋੜ ਰੁਪਏ ਦਾ ਈਪੀਐਫ ਲਾਭ ਜਾਰੀ ਨਹੀਂ ਕਰ ਰਹੀ ਹੈ।
ਇਸ ਮੌਕੇ ’ਤੇ ਸਿਕੰਦਰ ਸਿੰਘ ਮਲੂਕਾ, ਸ਼ੇਰ ਸਿੰਘ ਮੰਡਵਾਲਾ, ਸਤੀਸ਼ ਗਰੋਵਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸੁਬਾ ਸਿੰਘ ਬਾਦਲ, ਗੁਰਚੇਤ ਸਿੰਘ ਬਰਗਾੜੀ, ਪਰਮਬੰਸ ਰੋਮਾਣਾ ਅਤੇ ਅਨੁਪ੍ਰਤਾਪ ਸਿੰਘ ਬਰਾੜ ਨੇ ਵੀ ਰੈਲੀ ਨੂੰ ਸੰਬੋਧਨ ਕੀਤਾ।
- PTC NEWS