Colonel Bath Case : ਕਰਨਲ ਬਾਠ ਕੁੱਟਮਾਰ ਮਾਮਲੇ 'ਚ ਮੁਅੱਤਲ ਇੰਸਪੈਕਟਰ ਰੌਨੀ ਸਿੰਘ ਨੂੰ ਵੱਡਾ ਝਟਕਾ ,ਹਾਈ ਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ
Colonel Bath Case : ਕਰਨਲ ਪੁਸ਼ਪਿੰਦਰ ਸਿੰਘ ਬਾਠ ਕੁੱਟਮਾਰ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਮੁਅੱਤਲ ਇੰਸਪੈਕਟਰ ਰੋਨੀ ਸਿੰਘ ਦੀਆਂ ਮੁਸ਼ਕਿਲਾਂ ਘੱਟ ਨਹੀਂ ਰਹੀਆਂ ਹਨ। ਕਰਨਲ ਬਾਠ ਕੁੱਟਮਾਰ ਮਾਮਲੇ ਵਿੱਚ ਨਾਮਜ਼ਦ ਮੁਅੱਤਲ ਇੰਸਪੈਕਟਰ ਰੌਨੀ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈ ਕੋਰਟ ਨੇ ਮੁਅੱਤਲ ਇੰਸਪੈਕਟਰ ਰੋਨੀ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਟਿਆਲਾ ਵਿੱਚ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਸਦੇ ਪੁੱਤਰ 'ਤੇ ਹਮਲਾ ਕਰਨ ਦੇ ਮੁਲਜ਼ਮ ਇੰਸਪੈਕਟਰ ਰੌਨੀ ਸਿੰਘ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਸ ਮਾਮਲੇ 'ਚ ਇੰਸਪੈਕਟਰ ਰੋਨੀ ਸਿੰਘ ਸਮੇਤ ਚਾਰ ਹੋਰ ਪੁਲਿਸ ਇੰਸਪੈਕਟਰ ਵੀ ਆਰੋਪੀ ਹਨ। ਇਸ ਮਾਮਲੇ ਵਿੱਚ 22 ਮਾਰਚ ਨੂੰ ਉਸਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਸੀ। 11 ਅਪ੍ਰੈਲ ਨੂੰ ਪਟਿਆਲਾ ਦੀ ਅਦਾਲਤ ਨੇ ਉਸਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ।
ਇਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਹਮਲਾ ਕਰਨ ਦੇ ਆਰੋਪੀ ਇੰਸਪੈਕਟਰ ਰੌਨੀ ਸਿੰਘ ਦੀ ਅਗਾਊਂ ਜ਼ਮਾਨਤ 'ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। ਉਸ ਤੋਂ ਪਹਿਲਾਂ 11 ਅਪ੍ਰੈਲ ਨੂੰ ਪਟਿਆਲਾ ਦੀ ਅਦਾਲਤ ਨੇ ਉਸ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਤੋਂ ਬਾਅਦ ਦੋਸ਼ੀ ਇੰਸਪੈਕਟਰ ਰੌਨੀ ਸਿੰਘ ਨੇ ਹਾਈ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।
ਦੱਸ ਦੇਈਏ ਕਿ 13 ਮਾਰਚ ਦੀ ਰਾਤ ਨੂੰ ਪਟਿਆਲਾ ਵਿੱਚ ਸ਼ਰਾਬ ਦੇ ਨਸ਼ੇ 'ਚ ਧੁੱਤ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੇ ਫ਼ੌਜ ਦੇ ਕਰਨਲ ਪੁਸ਼ਪਿੰਦਰ ਅਤੇ ਉਸ ਦੇ ਪੁੱਤਰ ਅੰਗਦ ਸਿੰਘ ਦੀ ਕੁੱਟਮਾਰ ਕੀਤੀ ਸੀ। ਕਰਨਲ ਦਾ ਬਿਆਨ ਲੈਣ ਦੀ ਬਜਾਏ ਪੁਲਿਸ ਨੇ ਇੱਕ ਢਾਬੇ 'ਤੇ ਕੰਮ ਕਰਨ ਵਾਲੇ ਇੱਕ ਵਿਅਕਤੀ ਦੇ ਬਿਆਨ 'ਤੇ ਅਣਪਛਾਤੇ ਵਿਅਕਤੀਆਂ ਵਿਰੁਧ ਕੇਸ ਦਰਜ ਕੀਤਾ ਸੀ ਅਤੇ ਕਰਨਲ 'ਤੇ ਹਮਲਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।
ਬਾਠ ਇਸ ਸਮੇਂ ਨਵੀਂ ਦਿੱਲੀ ਸਥਿਤ ਫ਼ੌਜ ਹੈੱਡਕੁਆਰਟਰ ਵਿੱਚ ਤਾਇਨਾਤ ਹਨ। ਉਨ੍ਹਾਂ ਨੇ ਦੋਸ਼ ਲਾਇਆ ਕਿ 13 ਮਾਰਚ ਦੀ ਰਾਤ ਨੂੰ ਪੰਜਾਬ ਪੁਲਿਸ ਦੇ ਚਾਰ ਇੰਸਪੈਕਟਰ ਰੈਂਕ ਦੇ ਅਧਿਕਾਰੀਆਂ ਅਤੇ ਉਨ੍ਹਾਂ ਦੇ ਹਥਿਆਰਬੰਦ ਮਾਤਹਿਤ ਕਰਮਚਾਰੀਆਂ ਨੇ ਬਿਨਾਂ ਕਿਸੇ ਭੜਕਾਹਟ ਦੇ ਉਸ ਅਤੇ ਉਸ ਦੇ ਪੁੱਤਰ 'ਤੇ ਹਮਲਾ ਕਰ ਦਿੱਤਾ। ਜ਼ਿਕਰਯੋਗ ਹੈ ਕਿ ਕਰਨਲ ਬਾਠ ਮਾਮਲੇ 'ਚ ਚੰਡੀਗੜ੍ਹ ਪੁਲਿਸ ਵੱਲੋਂ SIT ਦਾ ਗਠਨ ਕਰ ਦਿੱਤਾ ਗਿਆ ਹੈ। SP ਦੀ ਅਗਵਾਈ ਹੇਠ 4 ਮੈਂਬਰੀ SIT ਬਣਾਈ ਗਈ ਹੈ। DSP, ਇੱਕ ਇੰਸਪੈਕਟਰ ਤੇ ਇੱਕ ਸਬ-ਇੰਸਪੈਕਟਰ SIT ‘ਚ ਸ਼ਾਮਲ ਹਨ।
- PTC NEWS