ਸ਼ਰਧਾ ਅਤੇ ਸਤਿਕਾਰ ਸਹਿਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ
ਸਿੱਖ ਕੋਮ ਦੇ ਚੋਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 'ਸੰਪੂਰਨਤਾ ਦਿਵਸ' ਅਲੌਕਿਕ ਸ਼ਰਧਾ, ਭਾਵਨਾ ਅਤੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ। ਇਸ ਇਤਿਹਾਸਿਕ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਮਹਾਨ ਧਾਰਮਿਕ ਸਮਾਗਮਾਂ ਦੌਰਾਨ ਦੂਰ-ਦੁਰਾਡੇ ਤੋਂ ਪੁੱਜੀਆਂ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਤਖ਼ਤ ਸਾਹਿਬ ਦੇ ਸਿੰਘਸਾਹਿਬ ਨੇ ਵਿਸੇਸ ਤੋਰ ਤੇ ਸਿਰਕਤ ਕੀਤੀ।
ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ
ਸਭ ਤੋ ਪਹਿਲਾ ਸਮਾਗਮ ਸਬੰਧੀ ਇਤਿਹਾਸਕ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਤਿੰਨ ਦਿਨ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਪਾਏ ਗਏ। ਜਿਸ ਮੌਕੇ ਸਰਬੱਤ ਦੇ ਭਲੇ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਦੀ ਸੇਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵੱਲੋਂ ਨਿਭਾਈ ਗਈ। ਸਮਾਗਮ ਦੌਰਾਨ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਦੇ ਜਥੇ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ।
ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ
ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਅਧੀਨ ਚੱਲ ਰਹੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਵੀ ਮਨੋਹਰ ਕੀਰਤਨ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਭਾਈ ਆਲਮ ਸਿੰਘ ਜੀ ਨੇ ਸੰਗਤਾਂ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ, ਜਦਕਿ ਵਧੀਕ ਮੁੱਖ ਗ੍ਰੰਥੀ ਭਾਈ ਗੁਰਜੰਟ ਸਿੰਘ ਜੀ ਨੇ ਇਤਿਹਾਸ ਨਾਲ ਸੰਗਤਾਂ ਨੂੰ ਇਸ ਦਿਨ ਦੀ ਮਹੱਤਤਾ ਤੋਂ ਜਾਣੂ ਕਰਵਾਇਆ।
ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸੰਗਤ ਨੂੰ ਸੰਦੇਸ਼
ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ, ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਪ੍ਰਭਾਵਸ਼ਾਲੀ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਅਤੇ ਅਹਿਮ ਜ਼ਰੂਰਤ ਇਹ ਹੈ ਕਿ ਅਸੀਂ ਆਪਣੇ ਕੋਮਲ-ਚਿੱਤ ਬੱਚਿਆਂ ਅਤੇ ਨੌਜਵਾਨ ਪੀੜ੍ਹੀ ਨੂੰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਅਤੇ ਅਮੀਰ ਵਿਰਸੇ ਨਾਲ ਜੋੜੀਏ।
ਸਮਾਗਮ ਦੀ ਸਮਾਪਤੀ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਆਈਆਂ ਸੰਗਤਾਂ ਨੇ ਬੜੀ ਸ਼ਰਧਾ ਨਾਲ ਸੇਵਾ ਅਤੇ ਸਿਮਰਨ ਵਿੱਚ ਹਿੱਸਾ ਲਿਆ।
ਇਹ ਵੀ ਪੜ੍ਹੋ : Bathinda News : ਮੰਗਾਂ ਨੂੰ ਲੈ ਕੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਦੂਸਰੇ ਦਿਨ ਵੀ ਜਾਰੀ
- PTC NEWS