Constable Amandeep Kaur : ਬਰਖਾਸਤ ਮਹਿਲਾ ਕਾਂਸਟੇਬਲ ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ , 1 ਕਰੋੜ 35 ਲੱਖ ਦੀ ਪ੍ਰੋਪਰਟੀ ਫਰੀਜ਼, ਜਾਣੋਂ ਪੂਰਾ ਮਾਮਲਾ
Constable Amandeep Kaur : ਡਰੱਗ ਮਾਮਲੇ 'ਚ ਪਹਿਲਾਂ ਤੋਂ ਚਰਚਾ 'ਚ ਰਹੀ ਪੰਜਾਬ ਪੁਲਿਸ ਦੀ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹੁਣ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਅਮਨਦੀਪ ਕੌਰ 'ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਲੱਗੇ ਹਨ। ਡਰੱਗਜ਼ ਮਾਮਲੇ 'ਚ ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਸੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੇ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 94/2025 ਦੀ ਜਾਂਚ ਤੋਂ ਬਾਅਦ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਬਠਿੰਡਾ ਰੇਂਜ ਦੇ ਪੁਲਿਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮਿਆਦ ਦੌਰਾਨ ਅਮਨਦੀਪ ਕੌਰ ਦੀ ਕੁੱਲ ਆਮਦਨ 1,08,37,550 ਰੁਪਏ ਦੇ ਮੁਕਾਬਲੇ ਉਸਦਾ ਖਰਚ 1,39,64,802.97 ਰੁਪਏ ਪਾਇਆ ਗਿਆ, ਜੋ ਕਿ ਉਸਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 31,27,252.97 ਰੁਪਏ ਅਤੇ ਉਸਦੀ ਜਾਇਜ਼ ਕਮਾਈ ਤੋਂ 28.85 ਫੀਸਦ ਵੱਧ ਹੈ।
ਬੁਲਾਰੇ ਨੇ ਅੱਗੇ ਕਿਹਾ ਕਿ ਇਸ ਜਾਂਚ ‘ਚ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਨੰਬਰ 15 ਮਿਤੀ 26/05/2025 ਦਰਜ ਕੀਤਾ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।
- PTC NEWS