Jalandhar ਦੇ ਸਰਜੀਕਲ ਕੰਪਲੈਕਸ ਵਿਖੇ ਆਟੋ 'ਚੋਂ ਮਿਲੀ ਵਿਅਕਤੀ ਦੀ ਲਾਸ਼, CCTV ਕੈਮਰਿਆਂ ਦੀ ਜਾਂਚ ਕਰ ਰਹੀ ਪੁਲਿਸ
Jalandhar News : ਜਲੰਧਰ ਵਿੱਚ ਸਰਜੀਕਲ ਕੰਪਲੈਕਸ ਵਿਖੇ ਇੱਕ ਆਟੋ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ ਹੈ। ਵਸਨੀਕਾਂ ਨੇ ਪੁਲਿਸ ਨੂੰ ਘਟਨਾ ਦੀ ਸੂਚਨਾ ਦਿੱਤੀ ਅਤੇ ਪੁਲਿਸ ਜਾਂਚ ਲਈ ਮੌਕੇ 'ਤੇ ਪਹੁੰਚੀ। ਮ੍ਰਿਤਕ ਦੀ ਪਛਾਣ 35 ਸਾਲਾ ਜਰਨੈਲ ਸਿੰਘ ਵਜੋਂ ਹੋਈ ਹੈ, ਜੋ ਕਿ ਰਾਜਪੁਰਾ, ਪਟਿਆਲਾ ਦਾ ਰਹਿਣ ਵਾਲਾ ਹੈ।
ਜਾਣਕਾਰੀ ਅਨੁਸਾਰ ਮ੍ਰਿਤਕ ਪਟਿਆਲਾ ਤੋਂ ਡੇਢ ਸਾਲ ਪਹਿਲਾਂ ਆ ਕੇ ਜਲੰਧਰ ਰਹਿਣ ਲੱਗਾ ਸੀ ਅਤੇ ਆਟੋ ਚਲਾਉਣ ਦਾ ਕੰਮ ਕਰਦਾ ਸੀ। ਓਥੇ ਹੀ ਲੈਦਰ ਕੰਪਲੈਕਸ ਚੌਕੀ ਤੋਂ ਮੌਕੇ 'ਤੇ ਪਹੁੰਚੇ ਐਸਆਈ ਅਜਮੇਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਜੀਕਲ ਕੰਪਲੈਕਸ ਵਿਖੇ ਇੱਕ ਆਟੋ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਸੀ। ਪਹੁੰਚਣ 'ਤੇ ਵਿਅਕਤੀ ਦੀ ਲਾਸ਼ ਬਰਾਮਦ ਕਰਕੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤੀ ਗਈ।
ਉਨ੍ਹਾਂ ਅੱਗੇ ਕਿਹਾ ਕਿ ਮ੍ਰਿਤਕ ਦੀ ਜੇਬ ਵਿੱਚੋਂ ਕੋਈ ਦਸਤਾਵੇਜ਼ ਬਰਾਮਦ ਨਹੀਂ ਹੋਏ। ਮ੍ਰਿਤਕ ਦੇ ਪਰਿਵਾਰ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੇ ਪਹੁੰਚਣ 'ਤੇ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਹੀ ਕਾਰਨ ਦਾ ਪਤਾ ਲੱਗੇਗਾ।
- PTC NEWS